ਲਖੀਮਪੁਰ ਘਟਨਾ ਦੇ ਵਿਰੁੱਧ ਯੂਥ ਅਕਾਲੀ ਦਲ ਤੇ SOI ਵੱਲੋਂ ਕੈਂਡਲ ਮਾਰਚ
Monday, Oct 04, 2021 - 09:15 PM (IST)
ਚੰਡੀਗੜ੍ਹ : ਯੂਥ ਅਕਾਲੀ ਦਲ ਅਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ.ਓ.ਆਈ.) ਨੇ ਅੱਜ ਉੱਤਰਾਖੰਡ ਵਿਚ ਲਖੀਮਪੁਰ ਖੀਰੀ ਵਿਖੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵੱਲੋਂ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਕੁਚਲ ਕੇ ਮਾਰਨ ਵਿਰੁੱਧ ਕੈਂਡਲ ਮਾਰਚ ਕੱਢਿਆ।
ਇਹ ਵੀ ਪੜ੍ਹੋ- ਸਾਬਕਾ DGP ਦਿਨਕਰ ਗੁਪਤਾ ਨੂੰ ਪੁਲਸ ਹਾਊਸਿੰਗ ਕਾਰਪੋਰੇਸ਼ਨ ਦਾ ਲਗਾਇਆ ਚੇਅਰਮੈਨ
ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਬੁਲਾਰੇ ਅਤੇ ਫਤਿਹਗੜ੍ਹ ਸਾਹਿਬ ਇਕਾਈ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਐਸ. ਓ. ਆਈ. ਦੇ ਪ੍ਰਧਾਨ ਰੋਬਿਨ ਬਰਾੜ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਪਰਵਾਹ ਕੀਤੇ ਬਗੈਰ ਧੱਕੇ ਨਾਲ ਆਪਣਾ ਏਜੰਡਾ ਲਾਗੂ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਿਸਾਨ ਜੋ ਤਿੰਨ ਨਫਰਤ ਭਰੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲਖੀਮਪੁਰ ਖੇੜੀ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸਨ, ਨੂੰ ਭਾਜਪਾ ਆਗੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੀਆਂ ਗੱਡੀਆਂ ਥੱਲੇ ਕੁਚਲ ਦਿੱਤਾ।
ਯੂਥ ਅਕਾਲੀ ਦਲ ਤੇ ਐਸ. ਓ. ਆਈ. ਦੇ ਆਗੂਆਂ ਨੇ ਕਿਹਾ ਕਿ ਇਸ ਘਟਨਾ ਨੇ ਵਿਦਵਾਨਾਂ ਦੀ ਉਸ ਸੋਚ ਨੂੰ ਦ੍ਰਿੜ੍ਹ ਕੀਤਾ ਹੈ ਕਿ ਕੇਂਦਰ ਸਰਕਾਰ ਅਤੇ ਭਾਜਪਾ ਦੀਆਂ ਰਾਜ ਸਰਕਾਰਾਂ ਆਪਣਾ ਏਜੰਡਾ ਲਾਗੂ ਕਰਨਾ ਚਾਹੁੰਦੀਆਂ ਹਨ ਅਤੇ ਉਹ ਕਿਸਾਨਾਂ ਦੇ ਸ਼ਾਂਤੀਪੂਰਨ ਅੰਦੋਲਨ ਨੁੰ ਕੁਚਲਣ ਵਾਸਤੇ ਤਿਆਰ ਹਨ।
ਇਹ ਵੀ ਪੜ੍ਹੋ- ਜਮੀਰ ਬਚੀ ਹੁੰਦੀ ਤਾਂ ਤੁਰੰਤ ਅਸਤੀਫ਼ੇ ਦੇ ਦਿੰਦੇ ਹਰਿਆਣਾ ਤੇ ਯੂਪੀ ਦੇ ਮੁੱਖ ਮੰਤਰੀ : ਪ੍ਰਤਾਪ ਸਿੰਘ ਬਾਜਵਾ
ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਜਿਵੇਂ ਬੀਤੇ ਸਮੇਂ ਦੌਰਾਨ ਇਹ ਪਰਖ ਦੀ ਘੜੀ ਵਿਚ ਕਿਸਾਨਾਂ ਨਾਲ ਖੜਿ੍ਹਆ, ਉਵੇਂ ਹੀ ਹਰ ਵੇਲੇ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਨਾ ਤਾਂ ਭਾਜਪਾ ਅਤੇ ਨਾ ਹੀ ਕਿਸੇ ਹੋਰ ਨੂੰ ਕਿਸਾਨਾਂ ਨੂੰ ਕੁਚਲਣ ਦੀ ਆਗਿਆ ਦਿੱਤੀ ਜਾਵੇਗੀ। ਇਨ੍ਹਾਂ ਯੂਥ ਅਕਾਲੀ ਦਲ ਅਤੇ ਐਸ. ਓ. ਆਈ. ਕਾਰਕੁੰਨਾਂ ਨੇ ਬਾਅਦ ਵਿਚ ਪੰਜਾਬ ਦੇ ਰਾਜਪਾਲ ਦੀ ਸਰਕਾਰੀ ਰਿਹਾਇਸ਼ ਰਾਜ ਭਵਨ ਤੱਕ ਰੋਸ ਮਾਰਚ ਕੀਤਾ ਅਤੇ ਉਥੇ ਦੇਰ ਰਾਤ ਤੱਕ ਧਰਨਾ ਦਿੱਤਾ।