ਜਬਰ-ਜ਼ਿਨਾਹ ਦਾ ਸ਼ਿਕਾਰ ਹੋਈ 13 ਸਾਲਾ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਕੈਂਡਲ ਮਾਰਚ
Saturday, Sep 10, 2022 - 03:47 AM (IST)
 
            
            ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਜਬਰ ਵਿਰੋਧੀ ਐਕਸ਼ਨ ਕਮੇਟੀ ਗੁਰਦਾਸਪੁਰ ਦੇ ਸੱਦੇ 'ਤੇ ਗੁਰਦਾਸਪੁਰ ਦੇ ਵਿਦਿਆਰਥੀਆਂ, ਮੁਲਾਜ਼ਮਾਂ, ਮਜ਼ਦੂਰਾਂ, ਸੰਯੁਕਤ ਕਿਸਾਨ ਮੋਰਚਾ ਅਤੇ ਔਰਤਾਂ ਦੀਆਂ ਜਥੇਬੰਦੀਆਂ ਵੱਲੋਂ ਨਹਿਰੂ ਪਾਰਕ 'ਚ ਇਕੱਠੇ ਹੋ ਕੇ 13 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਵਿਜੇ ਕੁਮਾਰ ਹਰਦਾਨ ਪਿੰਡ ਨੂੰ ਗ੍ਰਿਫ਼ਤਾਰ ਕਰਨ ਅਤੇ ਇਸ ਕੇਸ ਵਿੱਚ ਅਣਗਹਿਲੀ ਕਰਨ ਵਾਲੇ ਪੁਲਸ ਪ੍ਰਸ਼ਾਸਨ ਵਿਰੁੱਧ ਕਾਰਵਾਈ ਕਰਵਾਉਣ ਲਈ ਸ਼ਹਿਰ 'ਚ ਕੈਂਡਲ ਮਾਰਚ ਕਰਕੇ ਲੋਕਾਂ ਨੂੰ 16 ਸਤੰਬਰ ਨੂੰ ਗੁਰਦਾਸਪੁਰ ਸਿਟੀ ਥਾਣੇ ਦੇ ਘਿਰਾਓ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਦੋਸ਼ੀ ਨੂੰ ਸਜ਼ਾ ਨਾ ਮਿਲੀ ਤਾਂ ਉਹ ਵੱਡੇ ਪੱਧਰ 'ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : 'ਮੈਂ ਗੋਲਡੀ ਬਰਾੜ ਗੈਂਗ ਤੋਂ ਬੋਲਦਾ ਹਾਂ, 2 ਲੱਖ ਦਿਓ, ਨਹੀਂ ਤਾਂ ਸਾਰਾ ਪਰਿਵਾਰ ਖ਼ਤਮ ਕਰ ਦਿਆਂਗੇ'
ਇਸ ਮੌਕੇ ਜਾਣਕਾਰੀ ਦਿੰਦਿਆਂ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਕਨਵੀਨਰ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਅਤੇ ਕੋ-ਕਨਵੀਨਰ ਅਮਰ ਕ੍ਰਾਂਤੀ ਨੇ ਕਿਹਾ ਕਿ 13 ਸਾਲਾ ਸਕੂਲੀ ਵਿਦਿਆਰਥਣ ਨਾਲ ਵਿਜੇ ਕੁਮਾਰ ਵਾਸੀ ਹਰਦਾਨ ਵੱਲੋਂ ਪਿਸਤੌਲ ਦੀ ਨੋਕ 'ਤੇ ਲਗਾਤਾਰ ਜਬਰ-ਜ਼ਿਨਾਹ ਕੀਤਾ ਗਿਆ, ਜਿਸ ਖਿਲਾਫ਼ ਜਨਤਕ ਜਥੇਬੰਦੀਆਂ ਦੇ ਦਬਾਅ ਕਾਰਨ 25 ਜੂਨ ਨੂੰ ਦੋਸ਼ੀ ਖਿਲਾਫ਼ ਪਰਚਾ ਦਰਜ ਕੀਤਾ ਗਿਆ ਪਰ ਲਗਭਗ 3 ਮਹੀਨੇ ਬੀਤ ਜਾਣ ਦੇ ਬਾਵਜੂਦ ਪੁਲਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ 'ਚ ਆਨਾਕਾਨੀ ਕੀਤੀ ਜਾ ਰਹੀ ਹੈ, ਜਿਸ ਕਾਰਨ ਦੋਸ਼ੀ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਪੀੜਤ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਦੋਸ਼ੀ ਵਿਜੇ ਕੁਮਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਸ ਦੀ ਮਦਦ ਕਰ ਰਹੇ ਪੁਲਸ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ।
ਇਹ ਵੀ ਪੜ੍ਹੋ : ਸਰਹੱਦ ਪਾਰ: ਹਿੰਦੂ ਨੌਜਵਾਨ ਨੇ ਪੁਲਸ ਦੀ ਕੁੱਟਮਾਰ ਤੋਂ ਬਚਣ ਲਈ ਖੂਹ 'ਚ ਮਾਰੀ ਛਾਲ, ਹੋਈ ਮੌਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            