ਸ਼ੰਭੂ ਬਾਰਡਰ ਵਿਖੇ ਸ਼ੁੱਭਕਰਨ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਸ਼ਰਧਾਂਜਲੀ, ਕੱਢਿਆ ਗਿਆ ਕੈਂਡਲ ਮਾਰਚ (ਵੀਡੀਓ)
Friday, Feb 23, 2024 - 08:44 PM (IST)
ਨੈਸ਼ਨਲ ਡੈਸਕ- ਖਨੌਰੀ ਬਾਰਡਰ 'ਤੇ 21 ਫਰਵਰੀ ਨੂੰ ਹਰਿਆਣਾ ਪੁਲਸ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੀ ਗਈ ਗੋਲ਼ੀਬਾਰੀ ਦੌਰਾਨ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਮੌਤ ਹੋ ਗਈ ਸੀ। ਉਸ ਨੂੰ ਸ਼ਰਧਾਂਜਲੀ ਦੇਣ ਲਈ ਸ਼ੰਭੂ ਬਾਰਡਰ 'ਤੇ ਕਿਸਾਨਾਂ ਵੱਲੋਂ ਨਮ ਅੱਖਾਂ ਨਾਲ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਗਿਆ।
ਇਸ ਦੌਰਾਨ ਮੌਜੂਦ ਲੋਕਾਂ ਦੀਆਂ ਅੱਖਾਂ 'ਚ ਨਮੀ ਸੀ ਤੇ ਜ਼ੁਬਾਨ 'ਤੇ ਸਤਿਨਾਮ-ਵਾਹਿਗੁਰੂ ਦਾ ਜਾਪ। ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਸ਼ੁੱਭਕਰਨ ਦੀ ਮੌਤ ਦੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਐੱਫ.ਆਈ.ਆਰ. ਦਰਜ ਕੀਤਾ ਜਾਵੇ। ਜਦੋਂ ਤੱਕ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸ਼ੁੱਭਕਰਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਮੌਜੂਦ ਲੋਕਾਂ ਨੇ ਕਿਹਾ ਕਿ ਸ਼ੁੱਭਕਰਨ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਕਾਰਨ ਉਸ ਦੀ ਮੌਤ ਹੋਈ ਹੈ, ਕਿਸਾਨ ਆਪਣੀਆਂ ਮੰਗਾਂ ਸਰਕਾਰ ਤੋਂ ਮੰਨਵਾ ਕੇ ਰਹਿਣਗੇ। ਕਿਸਾਨਾਂ ਦੀਆਂ ਮੰਗਾਂ ਅੱਗੇ ਸਰਕਾਰ ਨੂੰ ਝੁਕਣਾ ਹੀ ਪਵੇਗਾ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਆਏ 21 ਸਾਲਾ ਨੌਜਵਾਨ ਸ਼ੁੱਭਕਰਨ ਦੀ ਖਨੌਰੀ ਬਾਰਡਰ ਵਿਖੇ ਹਰਿਆਣਾ ਪੁਲਸ ਵੱਲੋਂ ਕੀਤੀ ਗਈ ਗੋਲ਼ੀਬਾਰੀ ਦੌਰਾਨ ਮੌਤ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਸ਼ੁੱਭਕਰਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e