ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਸ ''ਚ ਰਲੇ ਹੋਏ : ਚੀਮਾ

07/28/2020 4:12:48 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) : 'ਆਪ' ਵਾਲੰਟੀਅਰ 'ਤੇ ਝੂਠੇ ਪਰਚੇ ਦਰਜ ਕਰਨ ਵਾਲੇ ਪੁਲਸ ਅਫਸਰ ਬਾਜ਼ ਆ ਜਾਣ ਨਹੀਂ ਤਾਂ ਸੱਤਾ 'ਚ ਆਉਣ ਤੋਂ ਬਾਅਦ ਉਨ੍ਹਾਂ ਤੋਂ ਪੂਰਾ ਹਿਸਾਬ ਲਿਆ ਜਾਵੇਗਾ। ਇਹ ਚਿਤਾਵਨੀ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ, ਜੈ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ ਪੰਜਾਬ) ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਲਈ ਇੱਥੇ ਪਹੁੰਚੇ ਹੋਏ ਸਨ। ਜਰਨੈਲ ਸਿੰਘ ਨੇ ਕਿਹਾ ਕਿ ਇਸ ਹਲਕੇ ਦੇ ਸਾਡੇ ਵਾਲੰਟੀਅਰ ਗਗਨਦੀਪ ਸਿੰਘ ਗਿੱਲ 'ਤੇ ਪਿਛਲੇ ਦਿਨੀਂ ਪੁਲਸ ਵਲੋਂ ਕੀਤੇ ਗਏ ਝੂਠੇ ਪਰਚੇ ਦੀ ਮਾਣਯੋਗ ਅਦਾਲਤ 'ਚ ਪਹਿਲੇ ਹੀ ਦਿਨ ਜ਼ਮਾਨਤ ਮਿਲ ਜਾਣ ਨਾਲ ਫੂਕ ਨਿਕਲ ਗਈ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਦਹਿਸ਼ਤ, 48 ਨਵੇਂ ਮਾਮਲੇ ਆਏ ਸਾਹਮਣੇ

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਦਾ ਬੱਚਾ-ਬੱਚਾ ਜਾਣਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਸ 'ਚ ਰਲੇ ਹੋਏ ਹਨ, ਜਿਸ ਕਾਰਣ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਬਾਦਲ ਪਰਿਵਾਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ ਅਤੇ ਪਿਛਲੇ 5 ਸਾਲ ਤੋਂ ਜਾਂਚ ਦੇ ਨਾਮ ਹੇਠ ਇਸ ਮਾਮਲੇ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਸੂਬੇ ਅੰਦਰ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਚੀਮਾ ਨੇ ਕਿਹਾ ਮਾਈਨਿੰਗ ਮਾਫੀਆ ਸਰਕਾਰ ਦੀ ਸਰਪ੍ਰਸਤੀ ਹੇਠ ਸ਼ਰੇਆਮ ਨਾਜਾਇਜ਼ ਕੰਮ ਕਰ ਰਿਹਾ ਹੈ। ਸਰਕਾਰ ਵਲੋਂ ਸੂਬੇ ਅੰਦਰ ਨਗਰ ਕੌਂਸਲ ਚੋਣਾਂ ਕਰਵਾਉਣ ਦੇ ਦਿੱਤੇ ਜਾ ਰਹੇ ਬਿਆਨਾਂ ਸਬੰਧੀ ਚੀਮਾ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਇਸ ਸਮੇਂ ਕੋਰੋਨਾ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਪਹਿਲਾਂ ਮਾਹੌਲ ਨੂੰ ਠੀਕ ਹੋਣ ਦਿੱਤਾ ਜਾਵੇ, ਇਹ ਚੋਣਾਂ ਤੋਂ ਕੁਝ ਮਹੀਨਿਆਂ ਬਾਅਦ ਵੀ ਕਰਵਾਈਆਂ ਜਾ ਸਕਦੀਆਂ ਹਨ।


Gurminder Singh

Content Editor

Related News