ਪੰਜਾਬ ’ਚ ਵਧ ਰਹੇ ਅਪਰਾਧਾਂ ਲਈ ਕੈਪਟਨ ਅਮਰਿੰਦਰ ਸਿੱਧੇ ਤੌਰ ’ਤੇ ਜ਼ਿੰਮੇਵਾਰ : ਚੀਮਾ

09/12/2021 12:45:02 PM

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਅਤੇ ਨਿਆਂ ਦੀ ਵਿਵਸਥਾ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਹਰ ਰੋਜ਼ ਲੁੱਟਾਂ-ਖੋਹਾਂ ਅਤੇ ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਵਧ ਰਹੇ ਅਪਰਾਧਾਂ ਲਈ ਕਾਂਗਰਸ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ, ਜਿਸ ਨੇ ਅਦਾਲਤਾਂ ਵਲੋਂ ਭਗੌੜਾ ਕਰਾਰ ਦਿੱਤੇ ਅਪਰਾਧੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਚ ਅਗਵਾ ਕਰਨ ਅਤੇ ਉਸ ਤੋਂ ਬਾਅਦ ਫਿਰੌਤੀ ਮੰਗਣ ਦੀਆਂ ਘਟਨਾਵਾਂ ਵਿਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਗੈਂਗਾਂ ਦੇ ਨਾਂ ’ਤੇ ਦਿਨ-ਦਿਹਾੜੇ ਕਤਲ ਹੋ ਰਹੇ ਹਨ ਪਰ ਕਾਂਗਰਸ ਸਰਕਾਰ ਵਧਦੀਆਂ ਅਪਰਾਧਿਕ ਘਟਨਾਵਾਂ ਤੇ ਗੈਂਗਸਟਰਾਂ ’ਤੇ ਕਾਰਵਾਈ ਕਰਨ ਦੀ ਬਜਾਏ ਇਨ੍ਹਾਂ ਮਾਮਲਿਆਂ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ। ਇਹੋ ਹਾਲਾਤ ਪਿਛਲੀ ਅਕਾਲੀ ਸਰਕਾਰ ਦੌਰਾਨ ਵੀ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਉਨਾਂ ਦੀ ਸਰਕਾਰ ਆਉਣ ਤੋਂ ਬਾਅਦ ਇਨਾਂ ਅਪਰਾਧੀਆਂ ਨੂੰ ਫੜ੍ਹ ਕੇ ਜੇਲਾਂ ਵਿਚ ਡੱਕਿਆ ਜਾਵੇਗਾ ਪਰ ਉਹ ਇਸ ਵੇਲੇ ਆਪਣੇ ਸਾਰੇ ਵਾਅਦੇ ਭੁਲਾ ਚੁੱਕੇ ਹਨ।

ਇਹ ਵੀ ਪੜ੍ਹੋ : ਬੇਘਰ ਪਰਿਵਾਰਾਂ ਦਾ ਆਪਣੇ ਘਰ ਦਾ ਸੁਪਨਾ ਕੀਤਾ ਸਾਕਾਰ, ਮੁੱਖ ਮੰਤਰੀ ਵਲੋਂ ਮਾਲਕਾਨਾ ਹੱਕ ਦੇਣ ਦੇ ਆਦੇਸ਼ 

ਚੀਮਾ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਅਨੁਸਾਰ ਹੀ ਸੂਬੇ ਵਿਚ ਇਸ ਸਮੇਂ 25 ਹਜ਼ਾਰ ਦੇ ਕਰੀਬ ਭਗੌੜੇ ਪੁਲਸ ਦੀ ਗ੍ਰਿਫ਼ਤ ਵਿਚੋਂ ਬਾਹਰ ਹਨ, ਜਿਨ੍ਹਾਂ ਖ਼ਿਲਾਫ਼ ਨਸ਼ਾ ਸਮਗਲਿੰਗ, ਅਗਵਾ ਕਰਨ, ਫ਼ਿਰੌਤੀਆਂ ਲੈਣ ਅਤੇ ਕਤਲ ਕਰਨ ਵਰਗੇ ਗੰਭੀਰ ਮਾਮਲੇ ਅਦਾਲਤਾਂ ਵਿਚ ਪਏ ਹਨ ਅਤੇ ਇਨ੍ਹਾਂ ਅਪਰਾਧੀਆਂ ਖ਼ਿਲਾਫ਼ ਪੁਲਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਪਰਾਧੀਆਂ ਖ਼ਿਲਾਫ਼ ਥਾਣਿਆਂ ਵਿਚ ਕੇਸ ਦਰਜ ਕਰਕੇ ਦਿਖਾਵੇ ਦੇ ਤੌਰ ’ਤੇ ਗਿਣਤੀ ਹੀ ਵਧਾਈ ਜਾ ਰਹੀ ਹੈ ਪਰ ਕਾਨੂੰਨੀ ਅਮਲ ਪੂਰਾ ਨਹੀਂ ਕੀਤਾ ਜਾ ਰਿਹਾ। ਚੀਮਾ ਨੇ ਸ਼ੱਕ ਜਾਹਿਰ ਕਰਦਿਆਂ ਕਿਹਾ ਕਿ ਅਗਲੇ ਵਰ੍ਹੇ ਪੰਜਾਬ ਵਿਧਾਨ ਦੀਆਂ ਚੋਣਾ ਹਨ ਅਤੇ ਇਨ੍ਹਾਂ ਅਪਰਾਧੀਆਂ ਦੀ ਸਿਆਸੀ ਲਾਭ ਲੈਣ ਲਈ ਵਰਤੋਂ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਰਾਜ ਵਿਚ ਭਗੌੜੇ ਅਪਰਾਧੀਆਂ ਤੇ ਵਧਦੀਆਂ ਅਪਰਾਧਿਕ ਗਤੀਵਿਧੀਆਂ ਸਬੰਧੀ ਆਪਣਾ ਰੁੱਖ ਸਪੱਸ਼ਟ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ :  ਜ਼ਿਆਦਤੀਆਂ ਤੋਂ ਅੱਕੀ ਐੱਨ. ਆਰ. ਆਈ. ਔਰਤ ਨੇ ਪੁਲਸ ’ਤੇ ਠੋਕਿਆ 8 ਕਰੋੜ ਮੁਆਵਜ਼ੇ ਦਾ ਕੇਸ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News