ਕੈਪਟਨ ਅਮਰਿੰਦਰ ਨੇ ਕਿਸਾਨਾਂ ਦੇ ਹੱਕ ''ਚ ਲਏ ਫੈਸਲੇ : ਸੱਚਰ
Thursday, Aug 03, 2017 - 01:23 AM (IST)
ਅੰਮ੍ਰਿਤਸਰ, (ਬਿਊਰੋ)- ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਨੂੰ ਖੁਸ਼ ਵੇਖਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਵੱਲੋਂ ਪਲੇਠੀ ਮੀਟਿੰਗ 'ਚ ਹੀ ਕਿਸਾਨ ਹਿਤੈਸ਼ੀ ਫੈਸਲੇ ਲਏ ਸਨ, ਜਦੋਂ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਲਗਾਤਾਰ 10 ਸਾਲ ਕਿਸਾਨਾਂ ਅਤੇ ਉਨ੍ਹਾਂ ਦੀਆਂ ਫਸਲਾਂ ਨੂੰ ਰੋਲਣ ਦਾ ਹੀ ਕੰਮ ਕਰਦੀ ਰਹੀ, ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਦੀ ਰਹੀ, ਨਕਲੀ ਦਵਾਈਆਂ ਦਾ ਕਾਰੋਬਾਰ ਕਿਸਾਨਾਂ ਨੂੰ ਆਤਮ-ਹੱਤਿਆ ਤੱਕ ਲੈ ਆਇਆ ਤੇ ਚਿੱਟੇ ਨੇ ਨੌਜਵਾਨ ਨਿਗਲ ਲਏ ਅਤੇ ਚਿੱਟੀ ਮੱਖੀ ਨੇ ਕਿਸਾਨ।
ਉਨ੍ਹਾਂ ਕਿਹਾ ਕਿ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ 'ਤੇ ਕਿਸਾਨਾਂ ਦੀ ਗੱਲ ਕਰਨ ਦਾ ਕੋਈ ਅਧਿਕਾਰ ਹੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਹੀ ਕਿਸਾਨਾਂ ਦੇ ਸਿਰੋਂ ਕਰਜ਼ਾ ਲਾਹੁਣ ਦਾ ਫੈਸਲਾ ਕੀਤਾ ਹੈ, ਜੇ ਹੁਣ ਕੇਂਦਰ ਸਰਕਾਰ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇਵੇ ਤਾਂ ਕਿਸਾਨਾਂ ਨੂੰ ਬਿਲਕੁਲ ਕਰਜ਼ੇ ਤੋਂ ਮੁਕਤ ਕੀਤਾ ਜਾ ਸਕਦਾ ਹੈ ਪਰ ਕੇਂਦਰ ਅਤੇ ਅਕਾਲੀ ਆਗੂ ਕਿਸਾਨਾਂ ਦੇ ਮੁੱਦੇ 'ਤੇ ਸਿਰਫ ਰਾਜਨੀਤੀ ਹੀ ਕਰਨਾ ਪਸੰਦ ਕਰਦੇ ਹਨ, ਨਾ ਕਿ ਉਨ੍ਹਾਂ ਦੇ ਦੁੱਖ ਦੂਰ ਕਰਨਾ।
ਉਨ੍ਹਾਂ ਕਿਹਾ ਕਿ ਕਿਸਾਨ ਆਤਮ-ਹੱਤਿਆ ਨਾ ਕਰਨ, ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਭਰੋਸਾ ਰੱਖਣਾ ਚਾਹੀਦਾ ਹੈ। ਪੰਜਾਬ ਦੇ ਕਿਸਾਨ ਹਰ ਤਰ੍ਹਾਂ ਦੇ ਹਾਲਾਤ ਨਾਲ ਜੂਝਣਾ ਜਾਣਦੇ ਹਨ, ਨਾ ਕਿ ਬੁਝਦਿਲੀ ਵਾਲਾ ਕੰਮ ਕਰਨਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਜਿਨ੍ਹਾਂ ਕਿਸਾਨਾਂ ਵੱਲੋਂ ਆਤਮ-ਹੱਤਿਆਵਾਂ ਕੀਤੀਆਂ ਗਈਆਂ ਹਨ, ਕਾਂਗਰਸ ਪਾਰਟੀ ਅਤੇ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਮਿਲਦੀ ਹਰ ਸਹੂਲਤ ਮਿਲੇਗੀ।
ਉਨ੍ਹਾਂ ਨੇ ਸਿਆਸੀ ਵਿਰੋਧੀਆਂ ਨੂੰ ਕਿਹਾ ਕਿ ਉਹ ਕਿਸਾਨ ਪਰਿਵਾਰਾਂ ਦੇ ਦੁੱਖ ਦੀ ਘੜੀ 'ਚ ਸ਼ਰੀਕ ਹੋਣ, ਨਾ ਕਿ ਸਿਆਸਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਵੱਲੋਂ ਆਤਮ-ਹੱਤਿਆ ਕਰਨੀ ਬਹੁਤ ਮੰਦਭਾਗੀ ਹੈ, ਸਾਨੂੰ ਸਾਰਿਆਂ ਨੂੰ ਰਲ ਕੇ ਕਿਸਾਨ ਅਤੇ ਕਿਰਸਾਨੀ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਪ੍ਰਧਾਨ ਸੁਰੇਸ਼ ਸ਼ਰਮਾ, ਪ੍ਰਗਟ ਸਿੰਘ ਚੋਗਾਵਾਂ, ਮਨਜਿੰਦਰ ਸਿੰਘ, ਅਰਵਿੰਦ ਭੱਲਾ ਗੁਰਦਾਸਪੁਰ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਆਦਿ ਹਾਜ਼ਰ ਸਨ।
