ਸਰਕਾਰੀ ਮੁਲਾਜ਼ਮਾਂ ਲਈ ਕੈਪਟਨ ਅਮਰਿੰਦਰ ਦਾ ਵੱਡਾ ਐਲਾਨ

07/17/2017 5:14:58 PM

ਚੰਡੀਗੜ੍ਹ— ਸਰਕਾਰੀ ਮੁਲਾਜ਼ਮਾਂ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਉਨ੍ਹਾਂ ਦੀ ਰਿਟਾਇਰਮੈਂਟ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕੀਤੀ ਜਾਵੇਗੀ। ਇਸ ਬਾਰੇ ਜਲਦ ਹੀ ਕੋਈ ਫੈਸਲਾ ਕੀਤਾ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਸੋਮਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੀਤੀਆਂ ਵਿਚ ਬਦਲਾਅ ਕਰਕੇ ਸਰਕਾਰੀ ਮੁਲਾਜ਼ਮਾਂ ਦੀ ਉਮਰ ਹੱਦ 58 ਸਾਲ ਪੱਰੇ ਤੌਰ 'ਤੇ ਨਿਰਧਾਰਤ ਕਰੇਗੀ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਜ਼ਿਆਦਾ ਮੌਕੇ ਦਿੱਤੇ ਜਾ ਸਕਣ। ਫਿਲਹਾਲ ਇਸ ਬਾਰੇ ਚਰਚਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੈਪਟਨ ਨੇ ਕਈ ਹੋਰ ਮੁੱਦਿਆਂ 'ਤੇ ਵੀ ਚਰਚਾ ਕੀਤੀ।
ਕਿਸਾਨਾਂ ਦੇ ਮੁੱਦੇ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਜਲਦ ਮੁਆਫ ਹੋਵੇਗਾ। ਇਸ ਬਾਰੇ ਐਲਾਨ ਹੋ ਚੁੱਕਾ ਹੈ ਅਤੇ ਬੈਂਕਾਂ ਨਾਲ ਕਾਗਜ਼ੀ ਕੰਮ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕੈਪਟਨ ਨੇ ਦੱਸਿਆ ਕਿ ਸੂਬੇ ਦੀ ਆਮਦਨ ਵਧਾਉਣ ਲਈ ਨਵੇਂ ਟੈਕਸ ਲਾਉਣ ਬਾਰੇ ਚਰਚਾ ਹੋ ਰਹੀ ਹੈ। ਇੱਥੇ ਰਾਸ਼ਟਰਪਤੀ ਚੋਣ ਲਈ ਵੋਟ ਪਾਉਣ ਵੇਲੇ ਕੈਪਟਨ ਨੇ ਵਾਅਦਾ ਕੀਤਾ ਕਿ ਯੂ. ਪੀ. ਏ. ਦੀ ਉਮੀਦਵਾਰ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ਅਕਾਲੀ ਤਾਂ ਪਹਿਲਾਂ ਵੀ 25 ਸਾਲ ਰਾਜ ਦੇ ਗੱਲ ਕਰਦੇ ਸਨ ਪਰ ਜਨਤਾ ਨੇ ਉਨ੍ਹਾਂ ਨੂੰ ਘਰ ਦਾ ਰਾਹ ਵਿਖਾ ਦਿੱਤਾ।