ਕੈਪਟਨ ਅਮਰਿੰਦਰ ਨੇ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

09/14/2018 11:19:08 AM

ਚੰਡੀਗੜ੍ਹ (ਅਸ਼ਵਨੀ) - ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਨੂੰ ਉੱਚ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਈ ਹੋਰ ਪ੍ਰਾਜੈਕਟਾਂ ਦਾ ਐਲਾਨ ਕੀਤਾ। ਆਪਣੀ ਸਰਕਾਰੀ ਰਿਹਾਇਸ਼ 'ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ 3.78 ਕਰੋੜ ਰੁਪਏ ਦੀ ਲਾਗਤ ਨਾਲ ਸਨੌਰੀ ਅੱਡਾ ਵਿਖੇ 66 ਕੇ. ਵੀ. ਸਬ-ਸਟੇਸ਼ਨ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ।

ਇਸੇ ਦੌਰਾਨ ਪ੍ਰਮੁੱਖ ਸਕੱਤਰ ਊਰਜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਕੰਮ ਦੋ ਹਫਤਿਆਂ 'ਚ ਸ਼ੁਰੂ ਕਰ ਦਿੱਤਾ ਜਾਵੇਗਾ ਜਦਕਿ ਮੁੱਖ ਮੰਤਰੀ ਵਲੋਂ ਮਨਜ਼ੂਰ ਕੀਤੇ ਅਜਿਹੇ ਬਾਕੀ ਪ੍ਰਾਜੈਕਟਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਨਾਂ ਪ੍ਰਾਜੈਕਟਾਂ 'ਚ ਥਾਪਰ ਯੂਨੀਵਰਸਿਟੀ, ਸ਼ਕਤੀ ਵਿਹਾਰ ਤੇ ਪਸਿਆਣਾ ਵਿਖੇ 66 ਕੇ. ਵੀ. ਸਬ-ਸਟੇਸ਼ਨਾਂ ਦੀ ਸਥਾਪਨਾ ਤੋਂ ਇਲਾਵਾ ਪਟਿਆਲਾ ਦੇ 66 ਕੇ.ਵੀ. ਸਬ-ਸਟੇਸ਼ਨ ਨੂੰ 220 ਕੇ. ਵੀ. ਵਿਚ ਅਪਗ੍ਰੇਡ ਕਰਨਾ ਸ਼ਾਮਲ ਹੈ, ਜਿਸ ਨਾਲ ਪਟਿਆਲਾ ਵਾਸੀਆਂ ਨੂੰ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਪ੍ਰਾਜੈਕਟਾਂ 'ਤੇ 25 ਕਰੋੜ ਰੁਪਏ ਦੀ ਲਾਗਤ ਆਵੇਗੀ। ਮੀਟਿੰਗ 'ਚ ਛੋਟੀ ਨਦੀ ਦੀ ਸਫਾਈ, ਪਿੰਡ ਸਾਧੂਵਾਲ ਵਿਖੇ ਖੇਡ ਯੂਨੀਵਰਸਿਟੀ ਦੀ ਸਥਾਪਨਾ ਤੋਂ ਇਲਾਵਾ ਦੱਖਣੀ ਬਾਈਪਾਸ ਦੇ ਸੁੰਦਰੀਕਰਨ ਦਾ ਕੰਮ ਚਲਾਉਣ, ਬੱਸ ਸਟੈਂਡ ਨੇੜੇ ਫਲਾਈਓਵਰ, ਬਾਰਾਦਰੀ ਬਾਗਾਂ 'ਚ ਵਾੜ, ਸੰਗਰੂਰ ਵਾਲੇ ਪਾਸਿਓਂ ਹਰੇਕ ਪੁਆਇੰਟ ਦਾ ਸੁੰਦਰੀਕਰਨ ਅਤੇ ਸਿਟੀ ਸੈਂਟਰ ਅਤੇ ਭੁਪਿੰਦਰਾ ਰੋਡ ਵਿਖੇ ਨਵੀਆਂ ਪਾਰਕਿੰਗ ਦੇ ਮੁੱਦੇ ਸ਼ਾਮਲ ਹਨ।

ਪਟਿਆਲਾ ਦੇ ਮੇਅਰ ਵਲੋਂ ਚੁੱਕੇ ਗਏ ਮਸਲਿਆਂ 'ਤੇ ਮੁੱਖ ਮੰਤਰੀ ਨੇ ਆਪਣੇ ਪ੍ਰਮੁੱਖ ਸਕਤੱਰ ਨੂੰ ਸਥਾਨਕ ਸਰਕਾਰਾਂ ਕੋਲ ਪੈਂਡਿੰਗ ਮਾਮਲਿਆਂ ਦਾ ਨਿਪਟਾਰਾ ਕਰਵਾਉਣ ਲਈ ਆਖਿਆ ਤਾਂ ਕਿ ਇਨ੍ਹਾਂ ਪ੍ਰਾਜੈਕਟ ਨੂੰ ਸਮੇਂ ਸਿਰ ਲਾਗੂ ਕੀਤਾ ਜਾ ਸਕੇ। ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ। 


Related News