ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਮਿਲੇ ਮੁੱਖ ਮੰਤਰੀ ਕੈਪਟਨ, ਕੀਤਾ ਵੱਡਾ ਐਲਾਨ

02/17/2019 6:16:26 PM

ਨੂਰਪੁਰਬੇਦੀ — ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਰੌਲੀ ਤੋਂ ਅਮਰਪੁਰ ਬੇਲਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਨਾਲ ਜੋੜਨ ਵਾਲੀ ਲਿੰਕ ਸੜਕ ਨੂੰ ਪੱਕਾ ਕਰਨ ਅਤੇ ਇਸ ਦਾ ਨਾਂ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕੁਲਵਿੰਦਰ ਦੇ ਬਜ਼ੁਰਗ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵੀ ਐਲਾਨ ਕੀਤਾ। ਕੁਲਵਿੰਦਰ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਬਲਾਕ ਨੂਰਪੁਰਬੇਦੀ ਦੇ ਪਿੰਡ ਰੌਲੀ 'ਚ ਪੁਲਵਾਮਾ ਦੇ ਅੱਤਵਾਦੀ ਹਮਲੇ 'ਚ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਨ।

ਇਸ ਮੌਕੇ ਹਮਲੇ ਦਾ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਪਾਕਿਸਤਾਨ ਨੇ ਇਹ ਬਹੁਤ ਹੀ ਘਿਨੌਣੀ ਹਰਕਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਰੌਲੀ ਦੇ ਸਰਕਾਰੀ ਮਿਡਲ ਸਕੂਲ ਦਾ ਨਾਂ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿੰਡ ਰੌਲੀ ਤੋਂ ਅਮਰਪੁਰ ਬੇਲਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਵਾਲੀ ਲਿੰਕ ਸੜਕ ਨੂੰ ਪੱਕਾ ਕਰਨ ਅਤੇ ਇਸ ਦਾ ਨਾਂ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ।  ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਅੰਬਿਕਾ ਸੋਨੀ ਅਤੇ ਸਪੀਕਰ ਰਾਣਾ. ਕੇ. ਪੀ. ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ 12 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕਰ ਚੁੱਕੀ ਹੈ।