7 ਪ੍ਰਾਜੈਕਟਾਂ ਦਾ ਕੈਪਟਨ ਨੇ ਰੱਖਿਆ ਨੀਂਹ ਪੱਥਰ, ਸ਼ਾਮਚੁਰਾਸੀ ਬਣੇਗੀ ਸਬ-ਤਹਿਸੀਲ
Monday, Mar 04, 2019 - 06:39 PM (IST)
ਹੁਸ਼ਿਆਰਪੁਰ (ਅਮਰੀਕ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਹੁਸ਼ਿਆਰਪੁਰ 'ਚ ਅੱਜ 7 ਨਵੇਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦੇ ਹੋਏ ਦੋ ਸਰਕਾਰੀ ਕਾਲਜਾਂ ਲਈ 30 ਕਰੋੜ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ। ਇਹ ਦੋਵੇਂ ਕਾਲਜ ਦੋਲਵਾਹਾ ਅਤੇ ਚੱਬੇਵਾਲ 'ਚ ਬਣਾਏ ਜਾਣਗੇ। ਇਸ ਮੌਕੇ ਕੈਪਟਨ ਨੇ ਹਲਕਾ ਸ਼ਾਮਚੁਰਾਸੀ ਨੂੰ ਸਬ ਤਹਿਸੀਲ ਬਣਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਲੋਕਾਂ ਦੀ ਦੇਰ ਤੋਂ ਚੱਲੀ ਆ ਰਹੀ ਇਸ ਮੰਗ ਨੂੰ ਪੂਰਾ ਕਰਨਗੇ ਕਿਉਂਕਿ ਲੋਕ ਸਰਕਾਰਾਂ ਨੂੰ ਬਣਾਉਂਦੇ ਹਨ ਤਾਂ ਉਨ੍ਹਾਂ ਕੋਲੋਂ ਆਸ ਰੱਖਦੇ ਹਨ ਅਤੇ ਸਰਕਾਰ ਵੀ ਲੋਕਾਂ ਦੀ ਮੰਗ ਨੂੰ ਪੂਰਾ ਕਰਨ ਦਾ ਹਰ ਯਤਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਹਲਕਾ ਸ਼ਾਮਚੁਰਾਸੀ ਅੰਦਰ ਸਬ-ਤਹਿਸੀਲ ਬਣਨ ਨਾਲ ਉਥੋਂ ਦੇ ਲੋਕਾਂ ਨੂੰ ਕਾਫੀ ਲਾਭ ਮਿਲੇਗਾ ਅਤੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ।
ਇਸ ਮੌਕੇ ਹਲਕਾ ਵਿਧਾਇਕ ਪਵਨ ਆਦੀਆ ਨੇ ਕਿਹਾ ਕਿ ਸਰਕਾਰ ਹਲਕੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਦਾ ਇਸ ਐਲਾਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੇ ਵਿਕਾਸ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਨੂੰ ਇਕ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਹਰ ਸਹੂਲਤ ਮਿਲ ਸਕੇ। ਪੰਜਾਬ ਦਾ ਵਿਕਾਸ ਕਾਂਗਰਸ ਸਰਕਾਰ ਸਮੇਂ ਹੀ ਹੋਇਆ। ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਕੈਪ. ਅਮਰਿੰਦਰ ਸਿੰਘ ਦੀ ਅਗਵਾਈ 'ਚ ਸਰਕਾਰ ਬਣੀ ਹੈ, ਪੰਜਾਬ ਦਾ ਖਜ਼ਾਨਾ ਖਾਲੀ ਹੋਣ ਦੇ ਬਾਵਜੂਦ ਸਰਕਾਰ ਨੇ ਆਪਣੀਆਂ ਚੰਗੀਆਂ ਪਾਲਿਸੀਆਂ ਨਾਲ ਸੂਬੇ ਨੂੰ ਮੁੜ ਲੀਹਾਂ 'ਤੇ ਲਿਆਂਦਾ ਹੈ। ਪਿੰਡਾਂ ਤੇ ਸ਼ਹਿਰਾਂ ਨੂੰ ਕਰੋੜਾਂ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਰ ਪਾਸੇ ਵਿਕਾਸ ਕਾਰਜ ਹੁੰਦੇ ਨਜ਼ਰ ਆ ਰਹੇ ਹਨ। ਜਦਕਿ ਅਕਾਲੀ-ਭਾਜਪਾ ਸਰਕਾਰ ਸਮੇਂ ਸਿਰਫ ਵਿਕਾਸ ਦਾ ਢੰਡੋਰਾ ਹੀ ਪਿੱਟਿਆ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਰੱਖੇ ਗਏ ਨੀਂਹ ਪੱਥਰਾਂ ਦੇ ਪ੍ਰਾਜੈਕਟਾਂ 'ਚ 81 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬਰਿੱਜ, ਕਰੀਬ 42 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਹਸਪਤਾਲ, ਕਰੀਬ 6 ਕਰੋੜ ਦੀ ਲਾਗਤ ਨਾਲ ਫੂਡ ਸਟਰੀਟ, 7 ਕਰੋੜ ਦੀ ਲਾਗਤ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਲੜਕੀਆਂ ਦੇ ਹੋਸਟਲ ਅਤੇ ਲਾਇਬ੍ਰੇਰੀ, 6 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ, ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਲਾਜਵੰਤੀ ਆਊਟਡੋਰ ਸਟੇਡੀਅਮ 'ਚ ਮਲਟੀਪਰਪਜ਼ ਇੰਡੋਰ ਹਾਲ ਸਮੇਤ ਕੁੱਲ 7 ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।