ਮੋਦੀ ਤੇ ਕੈਪਟਨ ਅਮਰਿੰਦਰ ਵਿਚਾਲੇ ਸਿਆਸੀ ਟਕਰਾਅ ਹੋਰ ਤਿੱਖਾ ਹੋਇਆ
Tuesday, Apr 16, 2019 - 01:38 PM (IST)

ਜਲੰਧਰ (ਧਵਨ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਿਆਸੀ ਟਕਰਾਅ ਹੋਰ ਤਿੱਖਾ ਹੋ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਕਠੂਆ 'ਚ ਚੋਣ ਰੈਲੀ 'ਚ ਜਲਿਆਂਵਾਲਾ ਬਾਗ ਕਤਲੇਆਮ ਦੀ ਸ਼ਤਾਬਦੀ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਵਿਰੁੱਧ ਬਿਆਨਬਾਜ਼ੀ ਕੀਤੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਪਲਟਵਾਰ ਕੀਤਾ ਸੀ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਦੋਸ਼ ਲਾਇਆ ਕਿ ਪੰਜਾਬ 'ਚ ਕਾਂਗਰਸ ਸਰਕਾਰ ਦੇ ਨਾਲ ਭੇਦਭਾਵ ਕਰ ਰਹੇ ਹਨ। ਭਾਜਪਾ ਦਾ ਵੰਡ ਪਾਊ ਏਜੰਡਾ ਦੇਸ਼ ਲਈ ਖਤਰਨਾਕ ਹੈ। ਮੁੱਖ ਮੰਤਰੀ ਨੇ ਮੋਦੀ ਕੋਲੋਂ ਪੁੱਛਿਆ ਕਿ ਜਲਿਆਂਵਾਲਾ ਬਾਗ ਸਮਾਰੋਹਾਂ 'ਚ ਬਾਦਲਾਂ ਨੇ ਵੀ ਕੇਂਦਰ ਸਰਕਾਰ ਦੇ ਪ੍ਰੋਗਰਾਮ 'ਚ ਹਿੱਸਾ ਨਹੀਂ ਲਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰੋਗਰਾਮ 'ਚ ਨਾ ਤਾਂ ਬਾਦਲ, ਨਾ ਸੁਖਬੀਰ ਬਾਦਲ ਅਤੇ ਨਾ ਹੀ ਮੋਦੀ ਸਰਕਾਰ ਦੀ ਕੈਬਨਿਟ ਮੰਤਰੀ ਹਰਸਿਮਰਤ ਬਾਦਲ ਨੇ ਹਿੱਸਾ ਲਿਆ। ਤਿੰਨਾਂ 'ਚੋਂ ਕੋਈ ਵੀ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਨਹੀਂ ਆਇਆ ਜਦਕਿ ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ 12 ਅਪ੍ਰੈਲ ਨੂੰ ਕੈਂਡਲ ਮਾਰਚ ਕੱਢਿਆ ਅਤੇ ਉਸ ਤੋਂ ਬਾਅਦ 13 ਅਪ੍ਰੈਲ ਨੂੰ ਸਵੇਰੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਜਾ ਕੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਸਾਰੇ ਮਾਮਲੇ ਨੂੰ ਸਿਆਸੀ ਰੰਗਤ ਦੇ ਦਿੱਤੀ ਹੈ।
ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਤੋਂ ਪੁੱਛਿਆ ਕਿ ਉਹ ਖੁਦ ਜਲਿਆਂਵਾਲਾ ਬਾਗ ਦੀ ਸ਼ਤਾਬਦੀ ਸਮਾਰੋਹਾਂ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਕਿਉਂ ਨਹੀਂ ਆਏ। ਇਸੇ ਤਰ੍ਹਾਂ ਬਾਦਲਾਂ ਦੇ ਪਰਿਵਾਰ ਤੋਂ ਵੀ ਸਮਾਰੋਹ 'ਚ ਹਿੱਸਾ ਲੈਣ ਕੋਈ ਨਹੀਂ ਆਇਆ। ਉਨ੍ਹਾਂ ਮੋਦੀ ਨੂੰ ਕਿਹਾ ਕਿ ਪਹਿਲਾਂ ਤਾਂ ਉਹ ਆਪਣੀ ਗੈਰ-ਹਾਜ਼ਰੀ ਬਾਰੇ ਗੱਲ ਕਰਨ। ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਨੇ ਜਲਿਆਂਵਾਲਾ ਬਾਗ ਦੇ ਸ਼ਤਾਬਦੀ ਸਮਾਰੋਹਾਂ ਦੇ ਸਮਾਨਾਂਤਰ ਕੋਈ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਸਗੋਂ ਸੂਬਾਈ ਸਰਕਾਰ ਨੇ ਆਪਣੇ ਵੱਲੋਂ ਕੇਂਦਰ ਸਰਕਾਰ ਦੇ ਪ੍ਰੋਗਰਾਮ ਨੂੰ ਵੀ ਮਦਦ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਸ਼ਰਮਨਾਕ ਢੰਗ ਨਾਲ ਇਸ ਸਾਰੇ ਮਾਮਲੇ ਨੂੰ ਉਛਾਲਣ 'ਚ ਲੱਗੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਵੋਟਾਂ ਲਈ ਸਾਕਾਰਾਤਮਕ ਏਜੰਡਾ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਮਜ਼ਬੂਤ ਹੈ ਜਿਸ ਕਾਰਨ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਨੂੰ ਆਪਣਾ ਪਤਨ ਸਾਹਮਣੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਉਤਸਵ ਸਮਾਰੋਹਾਂ ਲਈ ਅਜੇ ਤਕ ਇਕ ਵੀ ਪੈਸੇ ਦੀ ਗ੍ਰਾਂਟ ਜਾਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੈਨੂੰ ਸ਼ੱਕ ਹੈ ਕਿ ਮੋਦੀ ਸਰਕਾਰ ਦੀ ਨੀਅਤ ਸਾਫ ਨਹੀਂ ਹੈ ਅਤੇ ਉਹ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਵੀ ਸਮਾਨਾਂਤਰ ਪ੍ਰੋਗਰਾਮ ਰੱਖ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਦਾ ਜਦੋਂ ਨੀਂਹ ਪੱਥਰ ਨਵੰਬਰ ਮਹੀਨੇ 'ਚ ਰੱਖਿਆ ਗਿਆ ਸੀ, ਉਸ ਸਮੇਂ ਵੀ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਇਸ਼ਾਰਿਆਂ 'ਤੇ ਧਾਰਮਿਕ ਪ੍ਰੋਗਰਾਮ ਵਿਚ ਸਿਹਰਾ ਲੈਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ।