ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿੱਜੀ ਹਿੱਤਾਂ ਲਈ ਵਰਤਣ ਦੀ ਕੋਸ਼ਿਸ਼ ਕਰਦਾ, ਉਹ ਸਿੱਖ ਨਹੀਂ : ਕੈਪਟਨ ਅਮਰਿੰਦਰ

04/25/2019 4:47:33 PM

ਸੰਗਰੂਰ (ਮੰਗਲਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵਰਤੋਂ ਕਰਨ ਵਾਲਾ ਸਿੱਖ ਨਹੀਂ ਹੋ ਸਕਦਾ। ਬਾਦਲਾਂ 'ਤੇ ਵਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਸਿੱਖਾਂ ਦੇ ਸਭ ਤੋਂ ਸਰਵਉੱਚ ਧਾਰਮਿਕ ਅਸਥਾਨ ਦੀ ਵਰਤੋਂ ਆਪਣੇ ਨਿੱਜੀ ਲਾਭਾਂ ਖਾਤਰ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਧਰਮ ਦਾ ਸਿਆਸੀਕਰਨ ਉਲਟਾ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਖਦੇੜ ਕੇ ਰੱਖ ਦੇਵੇਗਾ। ਉਨ੍ਹਾਂ ਕਿਹਾ,''ਜਿਹੜਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਫਾਇਦੇ ਲਈ ਵਰਤਣ ਦੀ ਕੋਸ਼ਿਸ਼ ਕਰਦਾ ਹੈ, ਮੇਰੀਆਂ ਨਜ਼ਰਾਂ 'ਚ ਉਹ ਸਿੱਖ ਨਹੀਂ।'' 

ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲਾਉਣ ਲਈ ਬਾਦਲਾਂ ਵੱਲੋਂ ਕੀਤੀਆਂ ਕੋਸ਼ਿਸ਼ਾਂ ਨੂੰ ਨਿੰਦਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਅਕਾਲੀ ਇਕ ਪਾਸੇ ਤਾਂ ਸਿੱਖ ਧਰਮ ਦੇ ਰਾਖੇ ਹੋਣ ਦਾ ਢਿੰਡੋਰਾ ਪਿੱਟਦੇ ਹਨ ਜਦਕਿ ਦੂਜੇ ਪਾਸੇ ਆਪਣੇ ਸਿਆਸੀ ਹਿੱਤ ਪੂਰਨ ਲਈ ਹਮੇਸ਼ਾ ਧਰਮ ਨੂੰ ਵਰਤਦੇ ਆਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਮਹਾਰਾਜਾ ਰਣਜੀਤ ਸਿੰਘ ਵਰਗੇ ਰਾਜਾ ਵੀ ਸ੍ਰੀ ਅਕਾਲ ਤਖ਼ਤ ਸਾਹਮਣੇ ਸਿਰ ਝੁਕਾਉਂਦੇ ਸਨ ਅਤੇ ਉਨ੍ਹਾਂ ਨੇ ਇਸ ਪਵਿੱਤਰ ਤਖ਼ਤ ਤੋਂ ਮਿਲੀ ਸਜ਼ਾ ਨੂੰ ਹਲੀਮੀ ਨਾਲ ਭੁਗਤਿਆ। ਉਨ੍ਹਾਂ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਬਾਦਲਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਨੂੰ ਸੱਟ ਮਾਰ ਕੇ ਸਿੱਖਾਂ ਦੇ ਸਭ ਤੋਂ ਸਰਵਉੱਚ ਅਸਥਾਨ ਨੂੰ ਬਦਨਾਮੀ ਦਿਵਾਈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਿੱਖ ਧਰਮ ਦੀਆਂ ਉੱਚੀਆਂ-ਸੁੱਚੀਆਂ ਕਦਰਾਂ ਕੀਮਤਾਂ ਕਾਇਮ ਰੱਖਣ ਲਈ ਬਾਦਲ ਵਰਗੇ ਖੁਦਗਰਜ਼ ਲੋਕਾਂ ਨੂੰ ਲਾਂਭੇ ਕੀਤਾ ਜਾਵੇ। 

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਭਾਵੇਂ ਕਾਂਗਰਸ ਇੱਕ ਪਾਰਟੀ ਵਜੋਂ ਧਾਰਮਿਕ ਮਾਮਲਿਆਂ ਤੋਂ ਦੂਰ ਰਹਿਣ ਦੇ ਰਾਹ 'ਤੇ ਚੱਲਦੀ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਚੰਗੁਲ ਤੋਂ ਮੁਕਤ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਉਹ ਪੂਰਾ ਸਮਰਥਨ ਦੇਣਗੇ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੀ ਉਲੰਘਣਾ ਨੂੰ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਬਾਦਲਾਂ ਦੇ ਸ਼ਾਸਨਕਾਲ ਦੌਰਾਨ ਵਾਪਰੀਆਂ ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਦੀਆਂ ਘਟਨਾਵਾਂ 'ਤੇ ਵੀ ਸਖ਼ਤ ਤੇਵਰ ਦਿਖਾÂ।  ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਵੱਲੋਂ ਸਰਕਾਰੀ ਅਫਸਰਾਂ ਨੂੰ ਧਮਕੀਆਂ ਦੇਣ 'ਤੇ ਉਸ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਉਸ ਦੀ ਇੰਨੀ ਹਿੰਮਤ ਕਿਵੇਂ ਹੋਈ? ਕੀ ਉਹ ਸੋਚਦਾ ਹੈ ਕਿ ਉਹ ਹੁਣ ਵੀ ਸੱਤਾ 'ਚ ਹੈ? ਮੁੱਖ ਮੰਤਰੀ ਨੇ ਕਿਹਾ ਪੰਜਾਬ ਦੇ ਲੋਕ ਅਕਾਲੀ ਦਲ ਅਤੇ ਭਾਜਪਾ ਨੂੰ ਕਰਾਰਾ ਸਬਕ ਸਿਖਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਕਦੀ ਵੀ ਇਸ ਹਲਕੇ ਵਿੱਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਵੀ ਉਮੀਦਵਾਰ ਨੂੰ ਚੋਣ ਮੈਦਾਨ 'ਚ ਉਤਾਰਨਾ ਉਸ ਪਾਰਟੀ ਦੀ ਮਰਜ਼ੀ ਹੁੰਦੀ ਹੈ ਪਰ ਇਸ ਤੋਂ ਸਿੱਧ ਹੁੰਦਾ ਹੈ ਕਿ ਇਸ ਪਾਰਟੀ ਦਾ ਸੂਬੇ ਵਿੱਚ ਕੋਈ ਵਜੂਦ ਨਹੀਂ ਜਿਸ ਕਰਕੇ ਇਸ ਨੂੰ ਚੋਣ ਲੜਣ ਲਈ ਇੱਥੋਂ ਕੋਈ ਉਮੀਦਵਾਰ ਨਹੀਂ ਲੱਭਾ। ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੋਟਬੰਦੀ ਸਮੇਤ ਲਈ ਲੋਕ ਵਿਰੋਧੀ ਫੈਸਲਿਆਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਨਾਂ ਫੈਸਲਿਆਂ ਨੇ ਆਮ ਲੋਕਾਂ ਦੇ ਜੀਵਨ ਨੂੰ ਤਬਾਹ ਕਰਕੇ ਰੱਖ ਦਿੱਤਾ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਵਾਅਦਿਆਂ ਨੂੰ ਖੋਖਲਾ ਦੱਸਿਆ। 

 


Anuradha

Content Editor

Related News