ਕਿਸਾਨ ਖੁਦਕੁਸ਼ੀਆਂ ਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਦਾ ਵਿਰੋਧੀ ਧਿਰ ''ਤੇ ਹਮਲਾ

09/19/2017 6:40:25 AM

ਜਲੰਧਰ(ਧਵਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕਿਸਾਨ ਖੁਦਕੁਸ਼ੀਆਂ ਵਿਚ ਕਮੀ ਆਈ ਹੈ ਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਸੰਬੰਧ ਵਿਚ ਨੋਟੀਫਿਕੇਸ਼ਨ ਜਲਦੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਵਿਰੋਧੀ ਧਿਰ ਵਲੋਂ ਕਿਸਾਨ ਖੁਦਕੁਸ਼ੀਆਂ ਵਧ ਕੇ ਦੁੱਗਣੀਆਂ ਹੋਣ ਦੇ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਇਕ ਵੀ ਕਿਸਾਨ ਜੇਕਰ ਖੁਦਕੁਸ਼ੀ ਕਰਦਾ ਹੈ ਤਾਂ ਇਹ ਉਨ੍ਹਾਂ ਲਈ ਦੁਖਦਾਇਕ ਤੇ ਦਰਦ ਦੇਣ ਵਾਲੀ ਘਟਨਾ ਹੁੰਦੀ ਹੈ। ਉਨ੍ਹਾਂ ਦੀ ਸਰਕਾਰ ਆਮ ਆਦਮੀ ਪਾਰਟੀ ਜਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਇਸ ਨਾਜ਼ੁਕ  ਮੁੱਦੇ 'ਤੇ ਨੰਬਰ ਗੇਮਸ 'ਚ ਪੈਣਾ ਨਹੀਂ ਚਾਹੁੰਦੀ ਪਰ ਉਹ ਇਨ੍ਹਾਂ ਪਾਰਟੀਆਂ ਨੂੰ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਕਰਜ਼ਾ ਮੁਆਫੀ ਵਿਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਕਰਜ਼ੇ ਦੀ ਇਕ ਕਿਸ਼ਤ ਵੀ ਭੁਗਤਾਨ ਨਹੀਂ ਕਰਨੀ ਪਵੇਗੀ। ਅਕਾਲੀਆਂ ਵਲੋਂ  ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਆਪਣੀ ਸਰਕਾਰ ਦੇ ਕਾਰਜਕਾਲ ਵਿਚ ਇਕ ਵੀ ਕਦਮ ਨਾ ਚੁੱਕਣ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਸਾਬਕਾ ਅਕਾਲੀ ਸਰਕਾਰ ਤੋਂ ਖਾਲੀ ਖਜ਼ਾਨਾ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 5 ਏਕੜ ਜ਼ਮੀਨ ਦੇ ਮਾਲਕ ਛੋਟੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਸਰਕਾਰ ਨੇ ਮੁਆਫ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਹੀ ਗਲਤ ਬਿਆਨਬਾਜ਼ੀ ਕਰਕੇ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਵਲ ਧੱਕ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ 2007 ਤੋਂ ਮਾਰਚ 2017 ਤੱਕ ਅਕਾਲੀਆਂ ਦੇ ਰਾਜ ਵਿਚ 997 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਸਨ, ਇਨ੍ਹਾਂ ਵਿਚੋਂ ਜਨਵਰੀ ਤੇ ਦਸੰਬਰ 2015 ਵਿਚ 155 ਤੇ 2016 ਵਿਚ 225 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਫਾਰਮਰਜ਼ ਕਮਿਸ਼ਨ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਰਿਪੋਰਟ ਅਨੁਸਾਰ 2005-06 ਵਿਚ ਪ੍ਰਤੀ ਵਿਅਕਤੀ ਕਰਜ਼ਾ 1.79 ਲੱਖ ਸੀ, ਜੋ 2014-15 ਵਿਚ ਵੱਧ ਕੇ 4.74 ਲੱਖ ਪਹੁੰਚ ਗਿਆ।ਅੰਕੜੇ ਜਾਰੀ ਕਰਕੇ ਅਕਾਲੀ ਦਲ ਤੇ 'ਆਪ' ਨੂੰ ਦਿੱਤੀ ਚੁਣੌਤੀ : ਉਨ੍ਹਾਂ ਕਿਹਾ ਕਿ 2017 ਵਿਚ ਕਿਸਾਨ ਖੁਦਕੁਸ਼ੀਆਂ ਵਿਚ ਕਮੀ ਆਈ। ਮਾਰਚ ਤੋਂ ਸਤੰਬਰ 2016 ਦੌਰਾਨ 153 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ, ਜਦੋਂਕਿ ਇਸ ਸਾਲ ਇੰਨੇ ਹੀ ਸਮੇਂ ਵਿਚ 131 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ। ਇਸ ਲਈ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਦਾ ਇਹ ਬਿਆਨ ਗਲਤ ਸਾਬਿਤ ਹੁੰਦਾ ਹੈ ਕਿ ਪਿਛਲੇ 6 ਮਹੀਨਿਆਂ ਵਿਚ 250 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ। ਕਾਂਗਰਸ ਸਰਕਾਰ ਨੇ ਪੀੜਤ ਕਿਸਾਨਾਂ ਨੂੰ ਜ਼ਿਆਦਾ ਮੁਆਵਜ਼ਾ ਦਿੱਤਾ। ਮੌਜੂਦਾ ਸਰਕਾਰ ਨੇ ਮੁਆਵਜ਼ੇ ਦੀ ਰਕਮ 3 ਲੱਖ ਤੋਂ ਵਧਾ ਕੇ 5 ਲੱਖ ਕਰ ਦਿੱਤੀ ਹੈ। ਅਪ੍ਰੈਲ, ਜੂਨ ਤੇ ਅਗਸਤ ਮਹੀਨੇ ਵਿਚ 114 ਮਾਮਲਿਆਂ ਵਿਚ ਸਰਕਾਰ ਨੇ 311 ਲੱਖ ਦਾ ਮੁਆਵਜ਼ਾ ਦਿੱਤਾ, ਜਦੋਂਕਿ ਸਾਬਕਾ ਅਕਾਲੀ ਸਰਕਾਰ ਨੇ 2016 ਵਿਚ ਪੂਰੇ ਸਾਲ ਦੌਰਾਨ 429 ਲੱਖ ਦਾ ਮੁਆਵਜ਼ਾ ਦਿੱਤਾ ਸੀ। ਉਨ੍ਹਾਂ ਵਿਰੋਧੀ ਧਿਰ ਨੂੰ ਚੁਣੌਤੀ ਦਿੱਤੀ ਕਿ ਉਹ ਇਨ੍ਹਾਂ ਅੰਕੜਿਆਂ ਨੂੰ ਝੂਠਾ ਸਾਬਿਤ ਕਰਕੇ ਦਿਖਾਉਣ। ਕੈਪਟਨ ਨੇ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਰਾਲੀ ਸਾੜਨ 'ਤੇ ਰੋਕ ਲਾਉਣ ਲਈ ਝੋਨਾ ਉਤਪਾਦਕ ਕਿਸਾਨਾਂ ਨੂੰ ਬੋਨਸ ਦੇਣ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਐੱਮ. ਐੱਸ. ਪੀ. 'ਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਭੁਗਤਾਨ ਕਰਨ।