ਮੁੱਖ ਮੰਤਰੀ ਵੱਲੋਂ ਸੰਗਰੂਰ ''ਚ ਹੋਏ ਪਟਾਕਿਆਂ ਦੇ ਧਮਾਕੇ ਦੀ ਜਾਂਚ ਦੇ ਹੁਕਮ

09/21/2017 2:27:13 AM

ਸੰਗਰੂਰ(ਬੇਦੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਇਕ ਪਟਾਕਿਆਂ ਦੇ ਗੋਦਾਮ 'ਚ ਮੰਗਲਵਾਰ ਨੂੰ ਹੋਏ ਧਮਾਕੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਸ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਪੰਜ ਵਿਅਕਤੀਆਂ ਦੇ ਮਾਰੇ ਜਾਣ ਅਤੇ ਅਨੇਕਾਂ ਦੇ ਜ਼ਖਮੀ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਇਸ ਦੁਖਦਾਈ ਘਟਨਾ ਦੇ ਕਾਰਨਾਂ ਦਾ ਪਤਾ ਲਾਉਣ ਲਈ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਗਰੂਰ ਜ਼ਿਲੇ ਦੀ ਦਿੜ੍ਹਬਾ ਸਬ-ਡਵੀਜ਼ਨ ਦੇ ਪਿੰਡ ਸੂਲਰ ਘਰਾਟ ਦੇ ਗੋਦਾਮ 'ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਤੈਅ ਕਰਨ।  ਮੁੱਖ ਮੰਤਰੀ ਨੇ ਅਤਿ ਬਲਣਯੋਗ ਅਤੇ ਧਮਾਕਾਖੇਜ਼ ਸਮੱਗਰੀ ਵਰਤਣ ਵਾਲੇ ਸਾਰੇ ਵਪਾਰਕ ਅਦਾਰਿਆਂ ਅਤੇ ਉਦਯੋਗਾਂ ਵਿਚ ਸੁਰੱਖਿਆ ਨਿਯਮਾਂ/ਦਿਸ਼ਾ-ਨਿਰਦੇਸ਼ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। 


Related News