ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ''ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

09/23/2017 6:31:26 PM

ਹੁਸ਼ਿਆਰਪੁਰ(ਘੁੰਮਣ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ 'ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਾਰੀਆਂ ਸਰਕਾਰੀ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਅਸਲੀ ਹੱਕਦਾਰਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਆਟਾ-ਦਾਲ ਸਕੀਮ, ਸ਼ਗਨ ਸਕੀਮ, ਮਨਰੇਗਾ, ਸਿਹਤ ਅਤੇ ਸਿੱਖਿਆ ਤੋਂ ਇਲਾਵਾ ਜ਼ਿਲੇ ਵਿਚ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਭੁਗਤਾਨ ਯਕੀਨੀ ਬਣਾਉਣ ਲਈ ਸਰਕਾਰ ਦੀਆਂ ਗਰੀਬ ਪੱਖੀ ਪਹਿਲਕਦਮੀਆਂ ਨੂੰ ਢੁੱਕਵੇਂ ਢੰਗ ਨਾਲ ਲਾਗੂ ਕਰਨ ਵਾਸਤੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਆਖਿਆ ਹੈ। 
ਭਲਾਈ ਸਕੀਮਾਂ ਦੀ ਪ੍ਰਗਤੀ ਦੇ ਜਾਇਜ਼ੇ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਜਾਅਲੀ ਲਾਭਪਾਤਰੀਆਂ ਨੂੰ ਸੂਚੀਆਂ 'ਚੋਂ ਬਾਹਰ ਕੱਢਣ ਲਈ ਜ਼ਿਲਾ ਪ੍ਰਸ਼ਾਸਨ ਨੂੰ ਸਖਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੜ ਪੜਤਾਲ ਦੌਰਾਨ ਕਿਸੇ ਵੀ ਜਾਇਜ਼ ਅਤੇ ਹੱਕਦਾਰ ਲਾਭਪਾਤਰੀ ਨੂੰ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਬੁਨਿਆਦੀ ਉਦੇਸ਼ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਅਤੇ ਵਿਕਾਸ ਦਾ ਲਾਭ ਹੇਠਲੇ ਪੱਧਰ 'ਤੇ ਲੋਕਾਂ ਨੂੰ ਮੁਹੱਈਆ ਕਰਵਾਉਣਾ ਹੈ। ਝੋਨੇ ਦੀ ਖਰੀਦ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਖਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਨਿਯਮਤ ਤੌਰ 'ਤੇ ਖਰੀਦ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਖਿਆ। ਉਨ੍ਹਾਂ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਕੀਮਤ 'ਤੇ ਝੋਨੇ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। 
ਮੁੱਖ ਮੰਤਰੀ ਨੇ ਨਸ਼ੇ 'ਚ ਸ਼ਾਮਲ ਹੋਏ ਲੋਕਾਂ ਦਾ ਨਸ਼ਾ ਛਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਨ੍ਹਾਂ ਵਿਅਕਤੀਆਂ ਨੂੰ ਸਰਕਾਰ ਵੱਲੋਂ ਨਸ਼ਾ ਛਡਾ ਕੇ ਮੁੱਖ ਧਾਰਾ 'ਚ ਵਾਪਸ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਸ਼ੇ 'ਚ ਫਸੇ ਇਨ੍ਹਾਂ ਵਿਅਕਤੀਆਂ ਨਾਲ ਪਿਆਰ ਨਾਲ ਨਿਪਟਿਆ ਜਾਵੇ ਤਾਂ ਜੋ ਉਹ ਮਾਣ-ਸਨਮਾਣ ਵਾਲੀ ਆਮ ਜ਼ਿੰਦਗੀ ਜਿਉ ਸਕਣ। 
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਮਨਰੇਗਾ ਦੇ ਹੇਠ ਯੋਗ ਲਾਭਪਾਤਰੀਆਂ ਨੂੰ ਜਾਬ ਕਾਰਡ ਜਾਰੀ ਕਰਨ ਲਈ ਤਿੱਖੀ ਮੁਹਿੰਮ ਸ਼ੁਰੂ ਕਰਨ ਲਈ ਵੀ ਆਖਿਆ ਤਾਂ ਜੋ ਉਹ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਯੋਗ ਹੋ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਦੇ ਚੱਤਰਪੁਰ ਪਿੰਡ ਦੇ ਸਰਪੰਚ ਮਨਦੀਪ ਸਿੰਘ ਦੇ ਵਿਲੱਖਣ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਪਿੰਡ 'ਚ ਮਨਰੇਗਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਹੈ।
ਇਸ ਮੌਕੇ ਟਾਂਡਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆਂ, ਮੁਕੇਰੀਆਂ ਦੇ ਵਿਧਾਇਕ ਸ੍ਰੀ ਰਜਨੀਸ਼ ਕੁਮਾਰ ਬੱਬੀ, ਇੰਸਪੈਕਟਰ ਜਨਰਲ ਪੁਲਿਸ ਸ੍ਰੀ ਅਰਪਿਤ ਸ਼ੁਕਲਾ, ਐੱਸ. ਐੱਸ.ਪੀ ਸ੍ਰੀ ਜੇ. ਏਲਾਨਚੇਜ਼ੀਆਂ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿਤਲ, ਐੱਸ. ਡੀ. ਐੱਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐੱਸ. ਡੀ. ਐੱਮ. ਹੁਸ਼ਿਆਰਪੁਰ ਜਿਤੇਂਦਰ ਜੋਰਵਾਲ, ਜ਼ਿਲਾ ਮਾਲ ਅਫਸਰ ਅਮਨ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।