ਪੰਜਾਬ ਦੀ ਕਿਸਾਨੀ ਦੀ ਮਜ਼ਬੂਤੀ ਲਈ ਕੈਪਟਨ ਅਮਰਿੰਦਰ ਨੂੰ ਸਹਿਯੋਗ ਦੇਣ : ਬਾਂਸਲ
Sunday, Jan 07, 2018 - 02:47 AM (IST)

ਵਿਰੋਧੀ ਕਰਜ਼ਾ ਮੁਆਫੀ 'ਤੇ ਸਿਆਸਤ ਨਾ ਕਰਨ
ਮਾਨਸਾ(ਸੰਦੀਪ ਮਿੱਤਲ)-ਪੰਜਾਬ ਦੇ ਹਰ ਕਿਸਾਨ ਦਾ ਕਰਜ਼ਾ ਮੁਆਫ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਵਾਅਦਾ ਪੂਰਾ ਕੀਤਾ ਜਾਵੇਗਾ। ਇਹ ਸ਼ਬਦ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 7 ਜਨਵਰੀ ਨੂੰ ਆਮਦ ਨੂੰ ਲੈ ਕੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਾਉਣ ਲਈ ਕੀਤੀ ਪਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਅਤੇ ਹਲਕਾ ਮਾਨਸਾ ਦੀ ਮੁੱਖ ਸੇਵਾਦਾਰ ਡਾ. ਮਨੋਜ ਬਾਲਾ ਨੇ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਨਸਾ ਫੇਰੀ ਨੂੰ ਲੈ ਕੇ ਕਰਜ਼ਾ ਮੁਆਫੀ ਦੀ ਕੀਤੀ ਗਈ ਪਹਿਲਕਦਮੀ ਪੰਜਾਬ ਦੀ ਜਨਤਾ ਖਾਸਕਰ ਕਿਸਾਨ ਵੀਰਾਂ ਨੂੰ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 7 ਜਨਵਰੀ ਨੂੰ ਰਸਮੀ ਤੌਰ 'ਤੇ ਕਰਜ਼ਾ ਮੁਆਫੀ ਦੀ ਸ਼ੁਰੂਆਤ ਤੋਂ ਬਾਅਦ ਪੰਜ ਏਕੜ ਤੋਂ ਘੱਟ ਜ਼ਮੀਨ ਦੇ ਮਾਲਕਾਂ ਨੂੰ ਚਾਰ ਪੜਾਵਾਂ ਅਧੀਨ ਕਰਜ਼ਾ ਮੁਆਫੀ 'ਚ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਨਾਂ ਭੇਦਭਾਵ ਹਰ ਕਿਸਾਨ ਦਾ ਕਰਜ਼ਾ ਮੁਆਫ ਹੋਵੇਗਾ, ਜੇਕਰ ਕੋਈ ਕਿਸਾਨ ਇਸ ਮੁਆਫੀ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ ਉਸ ਨੂੰ ਵੀ ਸ਼ਾਮਲ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਸੋਸ਼ਲ ਆਡਿਟ ਰਾਹੀਂ ਪਾਰਦਰਸ਼ੀ ਢੰਗ ਨਾਲ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਤੀਕਿਰਿਆ ਪੂਰੀ ਤਰ੍ਹਾਂ ਨਿਰਪੱਖ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਵਚਨਬੱਧ ਹੈ ਕਿ ਕੋਈ ਵੀ ਸੀਮਾਂਤ ਅਤੇ ਛੋਟਾ ਕਿਸਾਨ ਜੋ ਕਰਜ਼ੇ ਰਾਹਤ ਸਕੀਮ ਤਹਿਤ ਯੋਗ ਹੈ, ਉਹ ਰਾਹਤ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕੈਪਟਨ ਅਮਰਿੰਦਰ ਦੀਆਂ ਦੂਰ-ਅੰਦੇਸ਼ੀ ਨੀਤੀਆਂ 'ਤੇ ਮੋਹਰ ਲਾÀੁਂਦਿਆਂ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਲਿਆ ਗਿਆ ਫੈਸਲਾ ਪੰਜਾਬ ਪੰਜਾਬੀਅਤ ਦੀ ਸ਼ਾਨ ਨੂੰ ਬਹਾਲ ਕਰਨਾ ਹੈ। ਉਨ੍ਹਾਂ ਪੰਜਾਬ ਦੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਰਜ਼ਾ ਮੁਆਫੀ ਦੇ ਮੁੱਦੇ 'ਤੇ ਸਿਆਸਤ ਨਾ ਕਰਨ, ਸਗੋਂ ਪੰਜਾਬ ਦੀ ਕਿਰਸਾਨੀ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਹਿਯੋਗ ਦੇਣ। ਉਨ੍ਹਾਂ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।