''ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫਰੰਟ ''ਤੇ ਫੇਲ ਸਾਬਤ ਹੋਈ''

02/13/2018 2:32:09 AM

ਫਿਰੋਜ਼ਪੁਰ(ਕੁਮਾਰ)—ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋਈ ਹੈ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਇਹ ਦੋਸ਼ ਲਾਉਂਦਿਆਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਨੇ ਕਿਹਾ ਕਿ ਪਿਛਲੇ ਕਰੀਬ 11 ਮਹੀਨਿਆਂ ਤੋਂ ਪੰਜਾਬ ਵਿਚ ਵਿਕਾਸ ਦੇ ਕੰਮ ਠੱਪ ਪਏ ਹਨ, ਲੋਕਾਂ ਨੂੰ ਪੈਨਸ਼ਨਾਂ ਨਹੀਂ ਮਿਲ ਰਹੀਆਂ ਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਕਮਲ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਚੋਣ ਮੈਨੀਫੈਸਟੋ ਗੱਪ ਸਾਬਤ ਹੋ ਰਿਹਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦੇ ਸਰਕਾਰ ਬਣਦੇ ਹੀ ਸਾਰੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਅਤੇ ਜਦ ਸਰਕਾਰ ਬਣ ਗਈ ਤਾਂ ਮੁੱਖ ਮੰਤਰੀ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਹੈ ਕਿ ਕਿਸਾਨਾਂ ਦੇ ਸਿਰਫ ਸੋਸਾਇਟੀਆਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਹੀ ਮੁਆਫ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਆਏ ਦਿਨ ਆਤਮਹੱਤਿਆ ਕਰ ਰਹੇ ਹਨ। ਪੰਜਾਬ 'ਚ ਸੱਤਾਧਾਰੀ ਸ਼ਰੇਆਮ ਰੇਤਾ ਦੀ ਬਲੈਕ ਮਾਰਕੀਟਿੰਗ ਕਰ ਰਹੇ ਹਨ ਤੇ ਲੁੱਟਾਂ-ਖੋਹਾਂ, ਚੋਰੀਆਂ ਤੇ ਕਤਲ ਪੰਜਾਬ 'ਚ ਆਮ ਗੱਲ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੱਥ ਵਿਚ ਗੁਟਕਾ ਸਾਹਿਬ ਫੜ ਕੇ ਪੰਜਾਬ ਵਿਚੋਂ ਨਸ਼ਾ ਖਤਮ ਕਰਨ, ਬੇਰੋਜ਼ਗਾਰਾਂ ਨੂੰ ਰੋਜ਼ਗਾਰ ਅਤੇ ਸਮਾਰਟ ਫੋਨ ਦੇਣ ਦੇ ਮੁੱਖ ਮੰਤਰੀ ਦੇ ਸਾਰੇ ਵਾਅਦੇ ਹਵਾ ਵਿਚ ਉਡ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰਹਿੰਦੇ ਸਾਰੇ ਵਰਗਾਂ ਦੇ ਲੋਕ ਕੈਪਟਨ ਸਰਕਾਰ ਤੋਂ ਦੁਖੀ ਹਨ ਤੇ ਲੋਕ ਅਕਾਲੀ-ਭਾਜਪਾ ਦੀ ਸਰਕਾਰ ਨੂੰ ਯਾਦ ਕਰਦੇ ਹਨ। ਜੇਕਰ ਅੱਜ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋ ਜਾਣ ਤਾਂ ਕਾਂਗਰਸੀ ਉਮੀਦਵਾਰਾਂ ਨੂੰ ਆਪਣੀਆਂ ਜ਼ਮਾਨਤਾਂ ਬਚਾਉਣੀਆਂ ਮੁਸ਼ਕਲ ਹੋ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਹੋਣ ਵਾਲੀਆਂ ਸੰਸਦੀ ਚੋਣਾਂ ਵਿਚ ਪੰਜਾਬ ਦੀਆਂ ਸਾਰੀਆਂ ਸੰਸਦੀ ਸੀਟਾਂ 'ਤੇ ਅਕਾਲੀ-ਭਾਜਪਾ ਦੀ ਜਿੱਤ ਹੋਵੇਗੀ। 


Related News