ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਮੁੱਖ ਮੰਤਰੀ ਵਾਂਗ ਪੇਸ਼ ਆ ਰਹੇ : ਬਾਦਲ
Thursday, Jan 07, 2021 - 09:15 PM (IST)
ਜਲਾਲਾਬਾਦ, (ਨਿਖੰਜ,ਜਤਿੰਦਰ )- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਦੇ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ ’ਚ ਆਪਣੇ-ਆਪਣੇ ਉਮੀਦਵਾਰਾਂ ਲਈ ਵਰਕਰਾਂ ਸਮਰਥਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕੇ ਜਲਾਲਾਬਾਦ ਦੇ ਵੱਖ-ਵੱਖ ਵਾਰਡਾਂ ’ਚ ਵਰਕਰ ਮੀਟਿੰਗਾਂ ਕਰਨ ਤੋਂ ਬਾਅਦ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤਹਿਤ ਅੱਜ ਸੀਨੀਅਰ ਅਕਾਲੀ ਆਗੂ ਪ੍ਰੇਮ ਕੁਮਾਰ ਵਲੇਚਾ ਦੇ ਗ੍ਰਹਿ ਨਿਵਾਸ ਸਥਾਨ ਵਿਖੇ ਪੁੱਜੇ ਸ.ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਤਰੀਕੇ ਪੇਸ਼ ਆ ਰਹੇ ਹਨ ਜਿਵੇਂ ਉਹ ਭਾਜਪਾ ਦੇ ਮੁੱਖ ਮੰਤਰੀ ਹਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੰਨ ਰਹੇ ਹਨ।
ਇਥੇ ਪਾਰਟੀ ਵਰਕਰਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਵਾਸਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਵਿਚ ਭਾਜਪਾ ਦੇ ਹਿੱਤਾਂ ਦਾ ਖਿਆਲ ਰੱਖਣ ਦੀ ਜ਼ਿੰਮੇਵਾਰੀ ਵੀ ਲਈ ਹੋਈ ਹੈ। ਇਹੀ ਕਾਰਨ ਹੈ ਕਿ ਜਿਹਨਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਉਨ੍ਹਾਂ ਖਿਲਾਫ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਹੁਸ਼ਿਆਰਪੁਰ ਵਿਚ ਤੀਕਸ਼ਣ ਸੂਦ ਦੇ ਘਰ ਦੇ ਅੱਗੇ ਟਰਾਲੀ ਨਾਲ ਗੋਹਾ ਸੁੱਟਣ ਵਾਲੇ ਵਿਅਕਤੀਆਂ ਖਿਲਾਫ ਵੀ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਰਕਾਰ ਉਹਨਾਂ ਲੇਖਕਾਂ ਤੇ ਗਾਇਕਾਂ ਖ਼ਿਲਾਫ ਵੀ ਕਾਰਵਾਈ ਕਰ ਰਹੀ ਹੈ ਜੋ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਗੀਤ ਲੇਖਕ ਸ਼੍ਰੀ ਬਰਾੜ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਜਿਸ ਨੇ ਕਿਸਾਨ ਸੰਘਰਸ਼ ਦੇ ਹੱਕ ਵਿਚ ਕਿਸਾਨ ਐਂਥਮ ਲਿਖਿਆ ਸੀ।
ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਇਸ ਤਰੀਕੇ ਲੇਖਕਾਂ ਤੇ ਬੁੱਧੀਜੀਵੀਆਂ ਨਾਲ ਮਾੜਾ ਵਿਵਹਾਰ ਕਰਨ ਦੀ ਆਗਿਆ ਨਹੀਂ ਦੇਵਾਂਗੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ਼ਾਰੇ ’ਤੇ ਪੰਜਾਬ ਸਰਕਾਰ ਵੱਲੋਂ ਜਿਹਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਹਨਾਂ ਦੀ ਹਰ ਸੰਭਵ ਮਦਦ ਕਰਾਂਗੇ। ਬਾਦਲ ਨੇ ਮੁੱਖ ਮੰਤਰੀ ਵੱਲੋਂ ਕਿਸਾਨ ਜਿਣਸ ਵਪਾਰ ਤੇ ਵਣਜ ਪ੍ਰੋਮੋਸ਼ਨ ਐਂਡ ਫੈਸੀਲੀਟੇਸ਼ਨ ਐਕਟ 2020 ਪੰਜਾਬ ਵਿਚ ਲਾਗੂ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੂਰਾ ਮਾਰਿਆ ਹੈ। ਇਹ ਕਾਨੂੰਨ ਲਾਗੂ ਕੀਤੇ ਜਾਣ ਦੀ ਪੁਸ਼ਟੀ ਖੁਦ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਹਾਲ ਹੀ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਕੀਤੀ ਸੀ। ਉਹਨਾਂ ਕਿਹਾ ਕਿ ਇਹ ਐਕਟ ਬਾਹਰਲੇ ਲੋਕਾਂ ਨੁੰ ਪੰਜਾਬ ਵਿਚ ਆਪਣੀ ਜਿਣਸ ਬੇਚਣ ਦੀ ਆਗਿਆ ਦਿੰਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਵੀ ਇਕ ਸਚਾਈ ਹੈ ਕਿ ਕਾਂਗਰਸ ਸਕਰਾਰ ਨੇ ਏ ਪੀ ਐਮ ਸੀ ਐਕਟ ਵਿਚ 2017 ਵਿਚ ਸੋਧ ਕੀਤੀ ਸੀ ਅਤੇ ਉਹੀ ਮੱਦਾਂ ਸ਼ਾਮਲ ਕੀਤੀਆਂ ਜਿਹੜੀਆਂ ਤਿੰਨ ਨਫਰਤ ਭਰੇ ਖੇਤੀ ਕਾਨੂੰਨਾਂ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਜੇਕਰ ਸੁਪਰੀਮ ਕੋਰਟ ਨੇ ਹੀ ਕੇਂਦਰ ਨੂੰ ਖੇਤੀ ਕਾਨੁੰਨ ਖਾਰਜ ਕਰਨ ਵਾਸਤੇ ਰਾਜ਼ੀ ਕਰ ਲਿਆ ਤਾਂ ਵੀ ਪੰਜਾਬ ਵਿਚ ਇਹ ਕਾਨੂੰਨ ਲਾਗੂ ਰਹਿਣਗੇ ਕਿਉਂਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਹੇਠ ਇਹ ਲਾਗੂ ਕੀਤੇ ਹੋਏ ਹਨ।
ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਏ ਪੀ ਐਮ ਸੀ ਐਕਟ ਵਿਚ ਕੀਤੀਆਂ ਸੋਧਾਂ ਤੁਰੰਤ ਖਾਰਜ ਕਰਨੀਆਂ ਚਾਹੀਦੀਆਂ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਗੰਨਾ ਉਤਪਾਦਕਾਂ ਦੀ ਪਿੱਠ ਵਿਚ ਵੀ ਛੂਰਾ ਮਾਰਿਆ ਹੈ। ਉਹਨਾਂ ਕਿਹਾ ਕਿ ਗੰਨਾ ਉਤਪਾਦਕਾਂ ਦੇ 284 ਕਰੋੜ ਰੁਪਏ ਦੇ ਬਕਾਏ ਅਦਾ ਨਹੀਂ ਕੀਤੇ ਜਾ ਰਹੇ ਜੋ ਪਿਛਲੇ ਸੀਜ਼ਨ ਦੇ ਬਕਾਇਆ ਪਏ ਹਨ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਕਾਂਗਰਸ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਗੰਨੇ ਦਾ ਸਰਕਾਰੀ ਖਰੀਦ ਮੁੱਲ ਵੀ ਨਹੀਂ ਵਧਾਇਆ। ਉਹਨਾਂ ਕਿਹਾ ਕਿ ਪੰਜਾਬ ਦੇ ਗੰਨਾ ਉਤਪਾਦਕਾਂ ਨੁੰ 310 ਰੁਪਏ ਪ੍ਰਤੀ ਕੁਇੰਟਲ ਭਾਅ ਮਿਲ ਰਿਹਾ ਹੈ ਜਦਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿਚ ਇਹ ਭਾਅ 350 ਰੁਪਏ ਪ੍ਰਤੀ ਕੁਇੰਟਲ ਹੈ। ਉਹਨਾਂ ਕਿਹਾ ਕਿ ਜੇਕਰ ਇਹ ਦੋਵੇਂ ਮਸਲੇ ਹੱਲ ਨਾ ਕੀਤੇ ਗਏ ਤਾਂ ਫਿਰ ਇਸ ਸਬੰਧ ਵਿਚ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਬਾਦਲ ਐਡਵੋਕੇਟ ਅਮਰਜੀਤ ਸਿੰਘ ਰਾਏ ਦੀ ਘਰ ਵੀ ਗਏ ਜਿਹਨਾਂ ਨੇ ਕਿਸਾਨਾਂ ਨਾਲ ਹੋ ਰਹੇ ਵਿਤਕਰੇ ਦੇ ਖਿਲਾਫ ਦਿੱਲੀ ਵਿਚ ਆਤਮ ਹੱਤਿਆ ਕਰ ਲਈ ਸੀ ਤੇ ਉਨ੍ਹਾਂ ਨੇ ਸ੍ਰੀ ਰਾਏ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਦੇਵ ਸਿੰਘ ਮਾਨ, ਗੁਰਪਾਲ ਗਰੇਵਾਲ , ਪਵਨ ਵਲੀਚਾ ਤੇ ਸਤਿੰਦਰਜੀਤ ਸਿੰਘ ਮੰਟਾ ਵੀ ਹਾਜ਼ਰ ਸਨ।