ਕੈਪਟਨ ਨੇ ਕੀਤਾ ਵੱਡਾ ਐਲਾਨ, ਇਸ ਦਿਨ ਖੁੱਲ੍ਹੇਗਾ ਕਰਤਾਰਪੁਰ ਲਾਂਘਾ

09/25/2019 9:01:01 PM

ਜਲੰਧਰ—ਕੌਮਾਂਤਰੀ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਲਾਂਘੇ ਦੇ ਖੁੱਲ੍ਹਣ ਵਾਲੇ ਦਿਨ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਹ ਐਲਾਨ ਅੱਜ ਮੁੱਖ ਮੰਤਰੀ ਵਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਮੌਕੇ ਕੀਤਾ। ਇਕ ਹਫਤੇ 'ਚ ਇਹ ਦੂਜੀ ਸਮੀਖਿਆ ਮੀਟਿੰਗ ਸੀ। ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਵਫਦ 'ਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਸਮੀਖਿਆ ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਐਲਾਨ ਕੀਤਾ ਕਿ ਡੇਰਾ ਬਾਬਾ ਨਾਨਕ ਤੋਂ ਲਾਂਘੇ ਵੱਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ 'ਤੇ ਰੱਖਿਆ ਜਾਵੇਗਾ।

PunjabKesari

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰਿਆਂ ਵਲੋਂ ਸ਼ਾਮਲ ਹੋ ਕੇ ਮਨਾਉਣ ਦਾ ਅਜਿਹਾ ਇਤਿਹਾਸਕ ਤੇ ਮਹਾਨ ਮੌਕਾ ਜ਼ਿੰਦਗੀ 'ਚ ਇਕ ਵਾਰ ਹੀ ਆਉਂਦਾ ਹੈ। ਉਨ੍ਹਾਂ ਵਿੱਤ ਮੰਤਰੀ ਨੂੰ ਵੀ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਮਾਗਮਾਂ ਨਾਲ ਸਬੰਧਤ ਸਾਰੇ ਪ੍ਰਾਜੈਕਟਾਂ ਲਈ ਲੋੜੀਂਦੇ ਫੰਡ ਨਿਰਵਿਘਨ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਕਿਹਾ ਕਿ ਜੇ ਲੋੜ ਪਈ ਤਾਂ ਹੋਰ ਕਿਸੇ ਵੀ ਵਿਭਾਗ ਨੂੰ ਅਲਾਟ ਕੀਤੇ ਫੰਡਾਂ 'ਚ ਕਾਟ ਲਾ ਲਈ ਜਾਵੇ। ਮੀਟਿੰਗ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਏ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ-ਸਪਾਟਾ ਵਿਕਾਸ ਪ੍ਰਤਾਪ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਹਾਜ਼ਰ ਸਨ।

 

 

 


Related News