ਕੈਪਟਨ ਵਲੋਂ ਸਥਾਨਕ ਸਰਕਾਰਾਂ ਦੀ 'ਪਾਵਰ' ਵਧਾਉਣ ਦੀ ਤਿਆਰੀ

06/26/2019 1:00:10 AM

ਚੰਡੀਗੜ੍ਹ (ਅਸ਼ਵਨੀ)— ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਤਮ-ਨਿਰਭਰ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਰੈਕਟਰ ਸਥਾਨਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦੇਣ ਲਈ ਇਕ ਵਿਆਪਕ ਰੂਪਰੇਖਾ ਤਿਆਰ ਕਰਨ। ਇਸੇ ਦੌਰਾਨ ਹੀ ਉਨ੍ਹਾਂ ਨੇ ਗੈਰ-ਅਧਿਕਾਰਤ ਉਸਾਰੀਆਂ ਅਤੇ ਇਮਾਰਤੀ ਉਲੰਘਣਾਵਾਂ ਨੂੰ ਨਿਯਮਿਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਦਾ ਜਾਇਜ਼ਾ ਕਰਨ ਲਈ ਸਥਾਨਕ ਸਰਕਾਰਾਂ ਮੰਤਰੀ ਨੂੰ ਨਿਰਦੇਸ਼ ਦਿੱਤੇ ਹਨ। ਅਰਬਨ ਰਿਨੀਊਅਲ ਐਂਡ ਰਿਫੋਰਮਜ਼ ਕਨਸਲਟੇਟਿਵ ਗਰੁੱਪ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈ. ਅਮਰਿੰਦਰ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਜ਼ਿਆਦਾ ਖੁਦਮੁਖ਼ਤਿਆਰੀ ਮੁਹੱਈਆ ਕਰਵਾ ਕੇ ਕਿਸੇ ਵੀ ਜਨਤਕ ਪ੍ਰੋਜੈਕਟ 'ਚ ਸ਼ਾਮਲ ਵੱਖ-ਵੱਖ ਵਿਭਾਗਾਂ ਵਿਚਕਾਰ ਬਿਨ-ਅੜਚਨ ਤਾਲਮੇਲ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਵਿਕਾਸ ਕਾਰਜਾਂ 'ਚ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹੇਠਲੇ ਪੱਧਰ 'ਤੇ ਲਾਭਪਾਤਰੀਆਂ ਨੂੰ ਸਰਕਾਰੀ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਵਾਸਤੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਵਿੱਤੀ ਅਤੇ ਪ੍ਰਸ਼ਾਸਕੀ ਅੰਗਾਂ 'ਚ ਅੱਗੇ ਹੋਰ ਸੁਧਾਰ ਲਿਆਉਣ ਲਈ ਤੁਰੰਤ ਕਦਮ ਚੁੱਕਣ ਲਈ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਯਕਮੁਸ਼ਤ ਨਿਪਟਾਰਾ ਸਕੀਮ ਦੇ ਸਬੰਧ 'ਚ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਨੂੰ ਮੌਜੂਦਾ ਸਕੀਮਾਂ 'ਤੇ ਨਜ਼ਰਸਾਨੀ ਕਰਨ ਤੇ ਲੋੜ ਅਨੁਸਾਰ ਇਨ੍ਹਾਂ 'ਚ ਤਬਦੀਲੀਆਂ ਲਿਆਉਣ ਬਾਰੇ ਸੁਝਾਅ ਦੇਣ ਬਾਰੇ ਆਖਿਆ ਹੈ ਤਾਂ ਜੋ ਇਨ੍ਹਾਂ ਨੂੰ ਹੋਰ ਜ਼ਿਆਦਾ ਲੋਕ ਪੱਖੀ ਅਤੇ ਨਤੀਜਾ ਮੁਖੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਾਰਪੋਰੇਸ਼ਨਾਂ ਦੇ ਮੇਅਰ ਵੱਲੋਂ ਪ੍ਰਗਟਾਈਆਂ ਗਈਆਂ ਚਿੰਤਾਵਾਂ ਦੇ ਸੰਦਰਭ 'ਚ ਇਹ ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੌਰਾਨ ਪਟਿਆਲਾ ਕਾਰਪੋਰੇਸ਼ਨ ਦੇ ਮੇਅਰ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਓ.ਟੀ.ਐਸ ਨੀਤੀ 'ਚ ਮੌਜੂਦਾ ਕਮਿਆਂ ਨੂੰ ਦੂਰ ਕਰਵਾਉਣ ਤੇ ਇਸ ਨੂੰ ਹੋਰ ਜ਼ਿਆਦਾ ਅਸਰਦਾਰ ਬਣਾਉਣ ਤਾਂ ਜੋ ਸਾਰੇ ਦਾਅਵੇਦਾਰਾਂ 'ਚ ਭਰੋਸਾ ਪੈਦਾ ਕੀਤਾ ਜਾ ਸਕੇ। ਅੰਮ੍ਰਿਤਸਰ ਕਾਰਪੋਰੇਸ਼ਨ ਦੇ ਮੇਅਰ ਨੇ ਵੀ ਇਮਾਰਤਾਂ ਨੂੰ ਸੁਰੱਖਿਅਤ ਬਣਾਉਣ ਲਈ ਓ.ਟੀ.ਐਸ. ਨੀਤੀ ਦੇ ਸਾਰੇ ਅੰਗ ਇਕੱਠੇ ਕਰਨ ਨੂੰ ਯਕੀਨੀ ਬਣਾਉਣ ਲਈ ਸਥਾਨਕ ਸੰਸਥਾਵਾਂ ਅਥਾਰਟੀ ਨੂੰ ਅਪੀਲ ਕੀਤੀ ਹੈ। ਮੀਟਿੰਗ 'ਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੀ.ਡਬਲਿਊ.ਡੀ. ਮੰਤਰੀ ਵਿਜੈ ਇੰਦਰ ਸਿੰਗਲਾ, ਖੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤੇ ਉਚ ਅਧਿਕਾਰੀ ਮੌਜੂਦ ਸਨ।


Baljit Singh

Content Editor

Related News