ਕੈਪਟਨ ਦੀ ਗੈਂਗਸਟਰਾਂ ਨੂੰ ਚੇਤਾਵਨੀ, ''ਹਥਿਆਰ ਸੁੱਟ ਦੇਣ, ਨਹੀਂ ਤਾਂ ਸਿੱਧੇ ਕਰ ਦੇਵਾਂਗੇ''

07/09/2018 6:58:28 PM

ਹੁਸ਼ਿਆਰਪੁਰ (ਘੁੰਮਣ)—  ਪੀ. ਆਰ. ਟੀ. ਸੀ. ਜਹਾਨ ਖੇਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਗੈਂਗਸਟਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਹਥਿਆਰ ਸੁੱਟ ਕੇ ਮੁੱਖ ਧਾਰਾ 'ਚ ਸ਼ਾਮਲ ਹੋ ਜਾਣ, ਨਹੀਂ ਤਾਂ ਉਨ੍ਹਾਂ ਨੂੰ ਸਿੱਧੇ ਕਰ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਅੰਦਰ ਕਾਨੂੰਨ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ 'ਚ ਬਰਕਰਾਰ ਰੱਖਿਆ ਜਾਵੇਗਾ। ਦਹਿਸ਼ਤ ਦਾ ਮਾਹੌਲ ਨਹੀਂ ਬਣਨ ਦਿੱਤਾ ਜਾਵੇਗਾ। 
ਨਸ਼ਿਆਂ ਦੇ ਮੁੱਦੇ 'ਤੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਇਸ 'ਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦਾ ਨੈੱਟਵਰਕ ਟੁੱਟਣ ਕਰਕੇ ਅੱਜ ਨਸ਼ੇੜੀ ਹੋਰ ਖਤਰਨਾਕ ਨਸ਼ੇ ਲੈ ਰਹੇ ਹਨ ਅਤੇ ਮੌਤ ਦੇ ਮੂੰਹ 'ਚ ਜਾ ਰਹੇ ਹਨ। ਮਾਂ-ਬਾਪ ਆਪਣੇ ਬੱਚਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ 'ਚ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜਲਦ ਹੀ ਨਸ਼ਿਆਂ ਤੋਂ ਮੁਕਤੀ ਦਿਵਾ ਦਿੱਤੀ ਜਾਵੇਗੀ। 
ਇਸ ਮੌਕੇ ਉਨ੍ਹਾਂ ਨਾਲ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ, ਸੰਗਤ ਸਿੰਘ ਗਿਲਜੀਆਂ ਵਿਧਾਇਕ ਉੜਮੁੜ ਟਾਂਡਾ, ਪਵਨ ਕੁਮਾਰ ਆਦੀਆ ਵਿਧਾਇਕ ਸ਼ਾਮਚੁਰਾਸੀ, ਡਾ. ਰਾਜ ਕੁਮਾਰ ਵਿਧਾਇਕ ਚੱਬੇਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਨਿਮਿਸ਼ਾ ਮਹਿਤਾ ਬੁਲਾਰਾ ਕਾਂਗਰਸ ਪਾਰਟੀ, ਡਾ. ਕੁਲਦੀਪ ਨੰਦਾ ਸਾਬਕਾ ਜ਼ਿਲਾ ਪ੍ਰਧਾਨ ਕਾਂਗਰਸ ਕਮੇਟੀ ਆਦਿ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਸਨ।


Related News