ਕੈਪਟਨ ਵਲੋਂ ਅੰਮ੍ਰਿਤਸਰ ਲਈ ਵਿਸ਼ੇਸ਼ ਕੌਮਾਂਤਰੀ ਉਡਾਣ ਦੀ ਮੰਗ

09/30/2019 11:48:45 PM

ਚੰਡੀਗੜ੍ਹ (ਅਸ਼ਵਨੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਨੂੰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਉਣ ਲਈ ਪੰਜਾਬ ਨੇ ਤਿਆਰੀਆਂ ਖਿੱਚ ਲਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿਦੇਸ਼ਾਂ 'ਚ ਪੰਜਾਬੀ ਵਸੋਂ ਵਾਲੇ ਮੁਲਕਾਂ ਤੋਂ ਅੰਮ੍ਰਿਤਸਰ ਲਈ ਹੋਰ ਉਡਾਣਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਪੱਤਰ ਲਿਖ ਕੇ ਏਅਰ ਇੰਡੀਆ ਵਰਗੀਆਂ ਕੌਮਾਂਤਰੀ ਏਅਰਲਾਈਨਾਂ ਨੂੰ ਅੰਮ੍ਰਿਤਸਰ ਲਈ ਹੋਰ ਵਿਸ਼ੇਸ਼ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਇਸ ਇਤਿਹਾਸਕ ਮੌਕੇ 'ਤੇ ਸੰਗਤਾਂ ਨੂੰ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਸਹੂਲਤ ਮਿਲ ਸਕੇ। ਆਪਣੇ ਪੱਤਰ 'ਚ ਕੈ. ਅਮਰਿੰਦਰ ਸਿੰਘ ਨੇ ਆਖਿਆ ਕਿ ਗੁਰਪੁਰਬ ਸਮਾਗਮਾਂ ਦੌਰਾਨ ਇੰਗਲੈਂਡ, ਕੈਨੇਡਾ, ਅਮਰੀਕਾ, ਜਰਮਨੀ ਤੋਂ ਇਲਾਵਾ ਇਟਲੀ, ਆਸਟਰੇਲੀਆ ਅਤੇ ਨਿਊਜ਼ੀਲੈਂਡ ਵਰਗੇ ਮੁਲਕਾਂ ਤੋਂ ਹੋਰ ਉਡਾਣਾਂ ਸ਼ੁਰੂ ਕੀਤੀਆਂ ਜਾਣ, ਜਿਸ ਨਾਲ ਦੁਨੀਆ ਭਰ ਤੋਂ ਸ਼ਰਧਾਲੂ ਪੰਜਾਬ ਆ ਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਹੋਰ ਧਾਰਮਿਕ ਅਸਥਾਨਾਂ ਦੇ ਵੀ ਦਰਸ਼ਨ ਕਰ ਸਕਣਗੇ।

12 ਨਵੰਬਰ ਨੂੰ ਮਨਾਏ ਜਾ ਰਹੇ ਗੁਰਪੁਰਬ ਮੌਕੇ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ 'ਚ ਪਾਏ ਜਾ ਰਹੇ ਉਤਸ਼ਾਹ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਾਰੇ ਬਹੁਤ ਭਾਗਾਂ ਵਾਲੇ ਹਾਂ, ਜਿਨ੍ਹਾਂ ਨੂੰ ਆਪਣੇ ਜੀਵਨ 'ਚ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇਥੋਂ ਦੇ ਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ 'ਤੇ ਵੱਖ-ਵੱਖ ਪ੍ਰੋਗਰਾਮਾਂ ਉਲੀਕਣ ਤੋਂ ਇਲਾਵਾ ਬੁਨਿਆਦੀ ਢਾਂਚਾ ਅਤੇ ਵਿਕਾਸ ਪ੍ਰੋਜੈਕਟ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ 1 ਨਵੰਬਰ ਤੋਂ 15 ਨਵੰਬਰ ਤੱਕ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਗੁਰਪੁਰਬ ਮਨਾਏ ਜਾਣ ਵਾਲੇ ਸਮੇਂ ਦੌਰਾਨ ਸੂਬਾ ਸਰਕਾਰ ਦੀ ਸਾਰੀ ਸਟੇਸ਼ਨਰੀ 'ਤੇ 550 ਸਾਲਾ ਪ੍ਰਕਾਸ਼ ਪੁਰਬ ਦਾ ਸਰਕਾਰੀ ਲੋਗੋ ਲਾਉਣ ਲਈ ਸਮੂਹ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉੱਚ ਪੱਧਰੀ ਜਾਇਜ਼ਾ ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ 4 ਅਕਤੂਬਰ ਨੂੰ ਨਵੀਂ ਦਿੱਲੀ ਤੋਂ ਸੁਲਤਾਨਪੁਰ ਲੋਧੀ ਪਹਿਲੀ ਵਾਰ ਪਹੁੰਚਣ ਵਾਲੀ ਸਪੈਸ਼ਲ ਇੰਟਰਸਿਟੀ ਐਕਸਪ੍ਰੈੱਸ ਰੇਲ ਦਾ ਮੰਤਰੀਆਂ ਦੇ ਸਮੂਹ, ਸੰਸਦ ਮੈਂਬਰ ਅਤੇ ਦੋਆਬਾ ਇਲਾਕੇ ਦੇ ਵਿਧਾਇਕਾਂ ਵੱਲੋਂ ਸਾਂਝੇ ਤੌਰ 'ਤੇ ਸਵਾਗਤ ਕੀਤਾ ਜਾਵੇਗਾ।

Karan Kumar

This news is Content Editor Karan Kumar