ਮਹਾਮਾਰੀ ਦੇ ਮੱਦੇਨਜ਼ਰ ਕੈਪਟਨ ਸਰਕਾਰ ਲੋਕਾਂ ਦੇ ਬਿਜਲੀ ਬਿੱਲ ਤੇ ਪ੍ਰਾਪਰਟੀ ਟੈਕਸ ਮੁਆਫ਼ ਕਰੇ : ‘ਆਪ’

Tuesday, Apr 20, 2021 - 02:56 AM (IST)

ਮਹਾਮਾਰੀ ਦੇ ਮੱਦੇਨਜ਼ਰ ਕੈਪਟਨ ਸਰਕਾਰ ਲੋਕਾਂ ਦੇ ਬਿਜਲੀ ਬਿੱਲ ਤੇ ਪ੍ਰਾਪਰਟੀ ਟੈਕਸ ਮੁਆਫ਼ ਕਰੇ : ‘ਆਪ’

ਚੰਡੀਗੜ੍ਹ,(ਰਮਨਜੀਤ)- ਆਮ ਆਦਮੀ ਪਾਰਟੀ ਪੰਜਾਬ ਨੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਕੈਪਟਨ ਸਰਕਾਰ ਤੋਂ ਲੋਕਾਂ ਦੇ ਬਿਜਲੀ ਬਿੱਲ ਅਤੇ ਪ੍ਰਾਪਰਟੀ ਟੈਕਸ ਮੁਆਫ਼ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ, ਤਾਂ ਜੋ ਸੂਬੇ ਦੇ ਲੋਕਾਂ ਨੂੰ ਆਰਥਿਕ ਤੌਰ ’ਤੇ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਮੰਗ ਕੀਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਸਹਿੰਦਿਆਂ ਸੂਬੇ ਦੇ ਲੋਕਾਂ ਨੂੰ ਇਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਇਸ ਸਮੇਂ ਦੌਰਾਨ ਸਰਕਾਰਾਂ ਵਲੋਂ ਵੱਖ-ਵੱਖ ਸਮੇਂ ’ਤੇ ਲਾਏ ਗਏ ਕਰਫ਼ਿਊ ਅਤੇ ਲਾਕਡਾਉੂਨ ਕਾਰਨ ਲੱਖਾਂ ਲੋਕਾਂ ਦੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ ਅਤੇ ਉਹ ਬੇਰੁਜ਼ਗਾਰ ਹੋ ਗਏ ਹਨ। ਅਜਿਹੇ ਹਾਲਾਤ ਵਿਚ ਮੱਧ ਵਰਗੀ ਪਰਿਵਾਰਾਂ ਲਈ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ। ਇਸ ਲਈ ਜ਼ਰੂਰੀ ਹੋ ਗਿਆ ਹੈ ਕਿ ਮੱਧ ਵਰਗੀ ਪਰਿਵਾਰਾਂ ਨੂੰ ਬਿਜਲੀ ਬਿੱਲਾਂ ਅਤੇ ਪ੍ਰਾਪਰਟੀ ਟੈਕਸ ਸਮੇਤ ਹੋਰ ਵਸੂਲੀਆਂ ਤੋਂ ਰਾਹਤ ਦਿੱਤੀ ਜਾਵੇ।
ਪਾਰਟੀ ਦਾ ਮੰਨਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਲੋਕਾਂ ਦੀ ਮਦਦ ਲਈ ਹੁੰਦੀਆਂ ਹਨ ਨਾ ਕਿ ਟੈਕਸ ਇਕੱਠੇ ਕਰਨ ਲਈ। ਲੋਕ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਕਿਸੇ ਨਾ ਕਿਸੇ ਪਾਰਟੀ ਆਪਣੀਆਂ ਵੋਟਾਂ ਪਾ ਕੇ ਉਸ ਨੂੰ ਰਾਜ ਸੱਤਾ ਸੌਂਪਦੇ ਹਨ ਅਤੇ ਲੋਕ ਉਮੀਦ ਕਰਦੇ ਹਨ ਕਿ ਮੁਸੀਬਤ ਸਮੇਂ ਸਰਕਾਰ ਉਨ੍ਹਾਂ ਨੂੰ ਸਹਾਰਾ ਦੇਵੇਗੀ ਅਤੇ ਕੁਦਰਤੀ ਤੇ ਗ਼ੈਰ ਕੁਦਰਤੀ ਆਫ਼ਤ ਤੋਂ ਬਚਾਏਗੀ। ਕੋਰੋਨਾ ਮਹਾਮਾਰੀ ਦੇ ਦੌਰ ਵਿਚ ਭਾਵੇਂ ਪੰਜਾਬ ਸਰਕਾਰ ਸੂਬੇ ਦੇ ਹਜ਼ਾਰਾਂ ਲੋਕਾਂ ਨੂੰ ਮੌਤ ਦੇ ਮੂੰਹ ਜਾਣ ਤੋਂ ਬਚਾਉਣ ਵਿਚ ਨਾਕਾਮ ਸਿੱਧ ਹੋਈ ਹੈ ਪਰ ਹੁਣ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰੇ। ਇਸ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਤੁਰੰਤ ਬਿਜਲੀ ਦੇ ਬਿੱਲ, ਪ੍ਰਾਪਰਟੀ ਟੈਕਸ, ਪਾਣੀ ਦੇ ਬਿੱਲ ਸਮੇਤ ਲਾਏ ਜਾਂਦੇ ਹੋਰ ਟੈਕਸਾਂ ਤੋਂ ਇਕ ਸਾਲ ਵਾਸਤੇ ਛੋਟ ਦੇਣ ਦਾ ਐਲਾਨ ਕਰਨ।


author

Bharat Thapa

Content Editor

Related News