ਕੈਪਟਨ ਸਰਕਾਰ ਵਲੋਂ ਨੇਤਾਵਾਂ ਦੀ ਸੁਰੱਖਿਆ ਵਧਾਉਣ ਦਾ ਸੁਝਾਅ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ : ‘ਆਪ’
Monday, Jan 04, 2021 - 12:51 AM (IST)
ਚੰਡੀਗੜ੍ਹ,(ਸ਼ਰਮਾ)- ਆਮ ਆਦਮੀ ਪਾਰਟੀ (ਆਪ) ਨੇ ਕੈਪਟਨ ਸਰਕਾਰ ਵਲੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੀ ਸੁਰੱਖਿਆ ਵਧਾਉਣ ਅਤੇ ਕਾਂਗਰਸ ਤੇ ‘ਆਪ’ ਦੇ ਆਗੂਆਂ ਦੀ ਸੁਰੱਖਿਆ ਰੀਵਿਊ ਕਰਨ ਦੇ ਫੈਸਲੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸਾਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ। ਸਗੋਂ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਕਾਂਗਰਸੀਆਂ ਨੂੰ ਹੋਰ ਸੁਰੱਖਿਆ ਦੀ ਲੋੜ ਹੈ ਤਾਂ ਉਹ ‘ਆਪ’ ਆਗੂਆਂ ਨੂੰ ਦਿੱਤੀ ਸੁਰੱਖਿਆ ਹਟਾ ਕੇ ਉਨ੍ਹਾਂ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆ ਚਾਲਾਂ ਨਾਲ ਕੈਪਟਨ ਸਰਕਾਰ ਇਹ ਸਿੱਧ ਕਰਨਾ ਚਾਹੁੰਦੀ ਹੈ ਕਿ ਕਿਸਾਨ ਭਾਜਪਾ ਤੇ ਕਾਂਗਰਸੀ ਨੇਤਾਵਾਂ ’ਤੇ ਹਮਲੇ ਕਰ ਰਹੇ ਹਨ ਜਦਕਿ ਇਹ ਆਮ ਲੋਕਾਂ ਦਾ ਇਨਾਂ ਨੇਤਾਵਾਂ ਪ੍ਰਤੀ ਗੁੱਸਾ ਹੈ।
ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਕਾਰੋਬਾਰੀਆਂ ਦੇ ਨਾਲ ਹੈ। ‘ਆਪ’ ਆਗੂਆਂ ਨੂੰ ਅੰਨਦਾਤਾ ਤੋਂ ਕੋਈ ਖਤਰਾ ਨਹੀਂ ਹੈ। ‘ਆਪ’ ਕਿਸਾਨਾਂ ਦੇ ਅੰਦੋਲਨ ’ਚ ਨਾਲ ਖੜ੍ਹੀ ਹੈ। ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਤੇ ਭਾਜਪਾ ਵਲੋਂ ਪਿਛਲੇ ਸਮੇਂ ਤੋਂ ਲੋਕਾਂ ਨੂੰ ਕੁਚਲਣ ਲਈ ਬਣਾਈਆਂ ਗੰਦੀਆਂ ਨੀਤੀਆਂ ਕਰਕੇ ਅੱਜ ਉਨ੍ਹਾਂ ਨੂੰ ਲੋਕਾਂ ਤੋਂ ਡਰ ਲੱਗਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਕਾਂਗਰਸ, ਭਾਜਪਾ ਦੀਆਂ ਮਾਰੂ ਚਾਲਾਂ ਤੋਂ ਲੋਕ ਜਾਗਰੂਕ ਹੋ ਗਏ ਤਾਂ ਹੁਣ ਇਨ੍ਹਾਂ ਨੂੰ ਲੋਕਾਂ ਤੋਂ ਖਤਰਾ ਲੱਗਣ ਲੱਗ ਗਿਆ ਹੈ।
ਚੀਮਾ ਨੇ ਕੈਪਟਨ ਨੂੰ ਸਵਾਲ ਕਰਦਿਆਂ ਕਿਹਾ ਕਿ ਭਾਜਪਾ ਆਗੂਆਂ ਦੀ ਸੁਰੱਖਿਆ ਵਧਾਉਣ ਦੀ ਥਾਂ ਉਹ ਅਮਿਤ ਸ਼ਾਹ ਅਤੇ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਕਿਸਾਨ ਅੰਦੋਲਨ ਦਾ ਕੋਈ ਹੱਲ ਕਿਉਂ ਨਹੀਂ ਲੱਭਣ ਦੇ ਯਤਨ ਕਰਦੇ? ਕੀ ਕੈਪਟਨ ਕਿਸਾਨਾਂ ਦੇ ਸ਼ਾਂਤੀਪੂਰਣ ਅੰਦੋਲਨ ਨੂੰ ਕੋਈ ਹੋਰ ਰੰਗਤ ਦੇਣ ਦੇ ਮਾਮਲੇ ਵਿਚ ਭਾਜਪਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ?
ਉਨ੍ਹਾਂ ਕਿਹਾ ਕਿ ਜਦੋਂ ਤੋਂ ਕਿਸਾਨ ਆਪਣੀ ਹੋਂਦ ਬਚਾਉਣ ਲਈ ਅੰਦੋਲਨ ਕਰ ਰਹੇ ਹਨ, ਉਦੋਂ ਤੋਂ ਹੀ ਕੈ. ਅਮਰਿੰਦਰ ਸਿੰਘ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਬਜਾਏ ਮੋਦੀ ਸਰਕਾਰ ਦੇ ਹੱਕ ਵਿਚ ਭੁਗਤੇ ਹਨ। ਉਨ੍ਹਾਂ ਕਿਹਾ ਕਿ ਕੈ. ਅਮਰਿੰਦਰ ਸਿੰਘ ਪੁੱਤ ਮੋਹ ਦੇ ਚਲਦਿਆਂ ਈ. ਡੀ. ਕੇਸਾਂ ਤੋਂ ਬਚਣ ਵਾਸਤੇ ਆਪਣੇ ਕਿਸਾਨਾਂ ਨੂੰ ਭਾਜਪਾ ਦੀ ਮੋਦੀ ਸਰਕਾਰ ਕੋਲ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਵਲੋਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੀਤੀਆਂ ਜਾ ਰਹੀਆਂ ਚਾਲਾਂ ਕਦੇ ਸਫ਼ਲ ਨਹੀਂ ਹੋਣਗੀਆਂ।