ਕੈਪਟਨ ਹਰਮਿੰਦਰ ਸਿੰਘ ਨੇ ਮਿਲਕਫੈੱਡ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
Wednesday, Jan 01, 2020 - 10:09 AM (IST)

ਜਲੰਧਰ (ਚੋਪੜਾ) – ਕੰਬੋਜ ਬਿਰਾਦਰੀ ਨਾਲ ਸਬੰਧਤ ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਹਰਮਿੰਦਰ ਸਿੰਘ ਨੇ ਮੰਗਲਵਾਰ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ 'ਚ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਦੌਰਾਨ ਰੰਧਾਵਾ ਨੇ ਹਰਮਿੰਦਰ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਮਿਲਕਫੈੱਡ ਸਹਿਕਾਰਤਾ ਖੇਤਰ ਦੀ ਰੀੜ੍ਹ ਦੀ ਹੱਡੀ ਬਣ ਕੇ ਉਭਰੇਗਾ। ਮਿਲਕਫੈੱਡ ਦੇ ਹੋਰ ਵੀ ਮਜ਼ਬੂਤ ਹੋਣ ਨਾਲ ਪੰਜਾਬ ਦੇ ਕਿਸਾਨਾਂ ਅਤੇ ਕਿਸਾਨੀ ਦੀ ਵੱਡੀ ਮਦਦ ਹੋਵੇਗੀ।
ਕੈਪਟਨ ਹਰਮਿੰਦਰ ਸਿੰਘ ਨੇ ਇਸ ਮੌਕੇ ਕੈਪਟਨ ਅਮਰਿੰਦਰ ਸਿੰਘ, ਸੁਖਜਿੰਦਰ ਰੰਧਾਵਾ ਅਤੇ ਸਮੁੱਚੀ ਹਾਈ ਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਮਿਲਕਫੈੱਡ ਅਤੇ ਸੂਬੇ ਦੇ ਕਿਸਾਨਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਕਈ ਨਵੀਆਂ ਪਹਿਲਕਦਮੀਆਂ ਕਰਨਗੇ। ਇਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ। ਇਸ ਮੌਕੇ ਪੰਜਾਬ ਰਾਜ ਤਕਨੀਕੀ ਿਸੱਖਿਆ ਅਤੇ ਇੰਡਸਟਰੀਅਲ ਟ੍ਰੇਨਿੰਗ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ. ਪੀ. ਦੇ ਨਾਲ ਹੀ ਰਾਜਿੰਦਰ ਬੇਰੀ, ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ, ਬਲਵਿੰਦਰ ਸਿੰਘ ਧਾਰੀਵਾਲ, ਹਰਦਿਆਲ ਸਿੰਘ ਕੰਬੋਜ, ਧਰਮਬੀਰ ਅਗਨੀਹੋਤਰੀ, ਮਦਨ ਲਾਲ ਜਲਾਲਪੁਰ, ਰਣਜੀਤ ਰਾਣਾ (ਸਾਰੇ ਵਿਧਾਇਕ), ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਲੈਫ. ਜਨਰਲ ਟੀ. ਐੱਸ. ਸ਼ੇਰਗਿੱਲ ਦੇ ਓ. ਐੱਸ. ਡੀ. ਕਰਨਵੀਰ ਸਿੰਘ ਆਦਿ ਤੋਂ ਇਲਾਵਾ ਹੋਰ ਪ੍ਰਮੁੱਖ ਵਿਅਕਤੀ ਮੌਜੂਦ ਸਨ।