ਕੈਪਟਨ ਦੀ ਗੈਂਗਸਟਰਾਂ ਨੂੰ ਚੇਤਾਵਨੀ, ਸੁਧਰ ਜਾਓ ਜਾਂ ਫਿਰ ਨਤੀਜੇ ਭੁਗਤਣ ਲਈ ਰਹੋ ਤਿਆਰ

12/06/2019 12:37:10 AM

ਮੋਹਾਲੀ,(ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਕਿਸਤਾਨ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ਨੂੰ ਅਸਥਿਰ ਕਰਨ ਦੀ ਕਿਸੇ ਵੀ ਕੋਸ਼ਿਸ਼ ਕੀਤੇ ਜਾਣ ਵਿਰੁੱਧ ਸਖ਼ਤ ਤਾੜਨਾ ਕੀਤੀ ਹੈ। ਉਦਯੋਗ ਨੂੰ ਵਿਕਾਸ ਲਈ ਬਹੁਤ ਹੀ ਸੁਖਾਵਾਂ ਮਾਹੌਲ ਪ੍ਰਦਾਨ ਕਰਦੇ ਪੰਜਾਬ ਦੇ ਸ਼ਾਂਤਮਈ ਹਾਲਾਤ ਵਿੱਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਗੁਆਂਢੀ ਮੁਲਕ ਅਤੇ ਕਿਸੇ ਵੀ ਗੈਂਗਸਟਰ ਜਾਂ ਗੁੰਡਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਸੁਧਰ ਜਾਓ ਜਾਂ ਫਿਰ ਨਤੀਜੇ ਭੁਗਤਨ ਲਈ ਤਿਆਰ ਰਹੋ।

ਦੋ ਸਾਲ 'ਚ 28 ਅੱਤਵਾਦੀ ਗਿਰੋਹਾਂ ਦਾ ਪਰਦਾਫਾਸ਼:
ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੀਆਂ ਆਪਣੀਆਂ ਸਮੱਸਿਆਵਾਂ ਹਨ ਪਰ ਇਨ੍ਹਾਂ ਸਮੱਸਿਆਵਾਂ ਨੂੰ ਮੈਂ ਆਪਣੀਆਂ ਸਮੱਸਿਆਵਾਂ ਨਹੀਂ ਬਣਨ ਦੇਵਾਂਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਪੁਲਿਸ ਨੇ 28 ਅੱਤਵਾਦੀ ਗਿਰੋਹਾਂ ਦਾ ਪਰਦਾ ਫਾਸ਼ ਕੀਤਾ ਅਤੇ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ 100 ਤੋਂ ਵੱਧ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਮਰਾਨ ਖਾਨ ਸ਼ਾਂਤੀ ਚਾਹੁੰਦੇ ਹਨ ਪਰ ਸ੍ਰੀ ਖਾਨ ਵੱਲੋਂ ਸ਼ਾਂਤੀ ਲਈ ਚੁੱਕੇ ਜਾਣ ਵਾਲੇ ਕਿਸੇ ਵੀ ਕਦਮ ਵਿੱਚ ਪਾਕਿਸਤਾਨੀ ਫੌਜ ਰੋੜੇ ਅਟਕਾ ਦਿੰਦੀ ਹੈ ਕਿਉਂ ਫੌਜ ਆਪਣੀ ਚੌਧਰ ਕਾਇਮ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜੇਕਰ ਉਨ੍ਹਾਂ ਨੇ ਆਪਣੇ ਤੌਰ-ਤਰੀਕੇ ਨਾ ਬਦਲੇ ਤਾਂ ਉਹ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਨੇ ਆਪਣੇ ਲੋਕਾਂ ਦਾ ਢਿੱਡ ਭਰਨਾ ਹੈ ਅਤੇ ਆਪਣੇ ਮੁਲਕ ਨੂੰ ਬਚਾਉਣਾ ਹੈ ਤਾਂ ਪਾਕਿਸਤਾਨ ਦੀ ਫੌਜ ਨੂੰ ਮਿਲਵਰਤਨ ਤੇ ਸਹਿਯੋਗ ਦਾ ਰਾਹ ਫੜ੍ਹਣਾ ਪਵੇਗਾ।
ਗੈਂਗਸਟਰਵਾਦ ਨੂੰ ਖਤਮ ਕਰਨਾ ਪ੍ਰਾਥਮਿਕਤਾ:
ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਤਾੜਨਾ ਕਰਦਿਆਂ ਕਿਹਾ ਕਿ ਗੈਂਗਸਟਰ ਤੇ ਗੁੰਡੇ ਜਾਂ ਤਾਂ ਹਥਿਆਰ ਸੁੱਟ ਦੇਣ ਨਹੀਂ ਤਾਂ ਫਿਰ ਉਨ੍ਹਾਂ ਨੂੰ ਨਤੀਜੇ ਭੁਗਤਨੇ ਪੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਿੱਥੇ ਅਜਿਹੇ ਅਨਸਰਾਂ ਨਾਲ ਕਰੜੇ ਹੱਥੀਂ ਨਿਪਟਿਆ, ਉੱਥੇ ਹੀ ਟਰੱਕ ਯੂਨੀਅਨਾਂ ਦਾ ਵੀ ਖਾਤਮਾ ਕਰ ਦਿੱਤਾ ਤਾਂ ਕਿ ਉਦਯੋਗਿਕ ਗਤੀਵਿਧੀਆਂ ਲਈ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋਂ ਔਰਤਾਂ ਉਦਯੋਗਾਂ ਵਿੱਚ ਨੌਕਰੀਆਂ ਖਾਸਕਰ ਰਾਤ ਦੇ ਸਮੇਂ ਦੀਆਂ ਸ਼ਿਫਟਾਂ ਦੌਰਾਨ ਵੀ ਕੰਮ ਕਰ ਸਕਣ। ਮੁੱਖ ਮੰਤਰੀ ਨੇ ਉਦਯੋਗ ਨੂੰ ਨਿਰੰਤਰਤਾ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਜਾਂ ਪਹਿਲੇ ਪ੍ਰੋਜੈਕਟਾਂ ਦਾ ਵਿਸਥਾਰ ਕਰਨ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਇਹ ਜ਼ਰੂਰੀ ਹੈ ਕਿ ਵਿਰੋਧੀਆਂ ਨਾਲ ਸਿਆਸੀ ਬਦਲਾਖੋਰੀ ਦਾ ਰਵੱਈਆ ਨਾ ਅਪਣਾਇਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਾਰਟੀ ਸੱਤਾ ਵਿੱਚ ਆਵੇ ਤਾਂ ਉਦਯੋਗ ਲਈ ਉਹੀ ਨੀਤੀ ਅਮਲ ਵਿੱਚ ਰਹੇ।

 


Related News