ਕੈਪਟਨ ਨੇ ਅਗਲੀ ਰਣਨੀਤੀ ਅਧੀਨ ਹੁਣ ਚੋਣ ਸਰਗਰਮੀਆਂ ਸ਼ੁਰੂ ਕਰਨ ਦੇ ਦਿੱਤੇ ਸੰਕੇਤ

09/04/2021 8:17:59 PM

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਬਦਲੀ ਹੋਈ ਰਣਨੀਤੀ ਅਧੀਨ ਹੁਣ ਚੋਣ ਸਰਗਰਮੀਆਂ ਸ਼ੁਰੂ ਕਰਨ ਦੇ ਸੰਕੇਤ ਦਿੱਤੇ ਹਨ। ਸਰਕਾਰੀ ਕੰਮਕਾਜ ਦੇ ਨਾਲ-ਨਾਲ ਮੁੱਖ ਮੰਤਰੀ ਹੁਣ ਅਗਲੇ ਕੁਝ ਦਿਨਾਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕਰਦੇ ਵੀ ਨਜ਼ਰ ਆਉਣਗੇ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਸ਼ਨੀਵਾਰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਵਿਚ ਹੁਣ 5 ਮਹੀਨਿਆਂ ਦਾ ਸਮਾਂ ਹੀ ਬਾਕੀ ਰਹਿ ਗਿਆ ਹੈ। ਇਸ ਲਈ ਮੁੱਖ ਮੰਤਰੀ ਵੱਲੋਂ ਹੁਣ ਸਿਆਸੀ ਸਰਗਰਮੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਏਗਾ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਅਜਿਹੀ ਹਾਲਤ ਵਿਚ ਕੈਪਟਨ ਅਮਰਿੰਦਰ ਸਿੰਘ ਵੀ ਪਿੱਛੇ ਨਹੀਂ ਰਹਿਣਾ ਚਾਹੁੰਦੇ। ਜ਼ਿਲ੍ਹਿਆਂ ਦੇ ਦੌਰੇ ਦੌਰਾਨ ਉਹ ਵੱਖ-ਵੱਖ ਸਿਆਸੀ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ। ਇਸ ਦਾ ਸਿੱਧਾ ਭਾਵ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਿਆਸੀ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਸ਼ਾਮਲ ਹੋਣਗੇ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਨੂੰ ਸ਼ੁਰੂ ਕਰਨ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਵੀ ਚਰਚਾ ਕੀਤੀ ਹੈ।

ਇਹ ਵੀ ਪੜ੍ਹੋ : 2007 ਤੋਂ 2012 ਤੱਕ ਵਿਧਾਇਕ ਰਹੇ ਸਰਬਜੀਤ ਮੱਕੜ ਦੀ ਟਿਕਟ ਕੱਟਣ ਦਾ ਸ਼੍ਰੋਅਦ ਨੂੰ ਹੋ ਸਕਦੈ ਵੱਡਾ ਨੁਕਸਾਨ    

ਰਾਵਤ ਨੂੰ ਵੀ ਇਹੀ ਦੱਸਿਆ ਗਿਆ ਸੀ ਕਿ ਚੋਣਾਂ ਵਿਚ ਹੁਣ ਸਮਾਂ ਥੋੜ੍ਹਾ ਰਹਿ ਗਿਆ ਹੈ। ਇਸ ਲਈ ਕਾਂਗਰਸ ਨੂੰ ਆਪਣਾ ਧਿਆਨ ਸਿਆਸੀ ਪ੍ਰੋਗਰਾਮਾਂ ਵੱਲ ਵੱਧ ਦੇਣਾ ਹੋਵੇਗਾ।  ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੇ 10-15 ਦਿਨਾਂ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਦੇ ਦੌਰੇ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਜਾਣ ਦੀ ਆਸ ਹੈ। ਕੈਪਟਨ ਨੇ ਪਹਿਲਾਂ ਹੀ ਜ਼ਿਲ੍ਹਿਆਂ ਵਿਚ ਜਾਂਦੇ ਸਮੇਂ ਚੁਣੇ ਹੋਏ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਨਿਵਾਸ ਅਸਥਾਨਾਂ ਵਿਖੇ ਜਾ ਕੇ ਉਨ੍ਹਾਂ ਨੂੰ ਮਜ਼ਬੂਤੀ ਦੇਣੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਪ੍ਰੋਗਰਾਮਾਂ ਨੂੰ ਵੀ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਹੁਣ ਇਹੀ ਕੋਸ਼ਿਸ਼ ਹੈ ਕਿ ਕਾਂਗਰਸ ਦੇ ਅੰਦਰੂਨੀ ਝਗੜਿਆਂ ਤੋਂ ਧਿਆਨ ਹਟਾ ਕੇ ਪਾਰਟੀ ਆਗੂਆਂ ਅਤੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਚੋਣਾਂ ਵੱਲ ਸਰਗਰਮ ਕੀਤਾ ਜਾਵੇ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕਾਂਗਰਸ ’ਚ ਅਨੁਸ਼ਾਸਨ ਨੂੰ ਸਖਤੀ ਨਾਲ ਲਾਗੂ ਕਰੇਗਾ ਹਾਈਕਮਾਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 
 


Anuradha

Content Editor

Related News