ਕੈਪਟਨ ਨੇ ‘ਕਾਮਯਾਬ ਤੇ ਖੁਸ਼ਹਾਲ ਪੰਜਾਬ’ ਦੇ ਵਾਅਦੇ ਨਾਲ ਭਵਿੱਖੀ ਏਜੰਡੇ ਦਾ ਪਿੜ ਬੰਨ੍ਹਿਆ
Saturday, Mar 06, 2021 - 10:00 PM (IST)
ਚੰਡੀਗੜ੍ਹ (ਰਮਨਜੀਤ)– ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਸਿਰਤੋੜ ਕੋਸ਼ਿਸ਼ਾਂ ਕਰਨ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵਿਸ਼ਵਾਸ ਜ਼ਾਹਿਰ ਕੀਤਾ ਕਿ ਸੂਬਾ ਵਾਸੀ ਝੂਠੇ ਵਾਅਦਿਆਂ ਅਤੇ ਸਬਜ਼ਬਾਗ ਦਿਖਾਉਣ ਵਾਲੇ ਪੰਜਾਬ ਤੇ ਪੰਜਾਬੀਅਤ ਤੋਂ ਕੋਰੇ ਅਣਜਾਣ ਕੁਝ ਆਗੂਆਂ ਦੇ ਝਾਂਸੇ ਵਿਚ ਨਹੀਂ ਆਉਣਗੇ ਪਰ ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਦਰਸ਼ਤਾ ਤੇ ਜ਼ਿੰਮੇਵਾਰੀ ਵਾਲੀ ਸਰਕਾਰ ਵਿਚ ਵਿਸ਼ਵਾਸ ਕਾਇਮ ਰੱਖਣਾ ਜਾਰੀ ਰੱਖਣਗੇ। ਇਹ ਐਲਾਨ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ ‘ਲੋਕਾਂ ਦੀ ਸਰਕਾਰ’ ਜਿਹੜੀ ‘ਕਾਮਯਾਬ ਤੇ ਖੁਸ਼ਹਾਲ ਪੰਜਾਬ’ ਨੂੰ ਨਿਰੰਤਰ ਜਾਰੀ ਰੱਖੇਗੇ, ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸੇ ਵੀ ਹਾਲਤ ਵਿਚ ਲੋਕਾਂ ਨੂੰ ਨਿਰਾਸ਼ ਨਹੀਂ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਸ ਸਦਨ ਦੇ ਮੈਂਬਰਾਂ ਵਲੋਂ ਪ੍ਰਗਟਾਈ ਹਰ ਸੱਚੀ ਚਿੰਤਾ ਨੂੰ ਨੋਟ ਕੀਤਾ ਹੈ ਅਤੇ ਅਸੀਂ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕਰਾਂਗੇ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਲਈ ਕੁਝ ਹੋਰ ਸਮੇਂ ਦੀ ਲੋੜ ਹੈ ਅਤੇ ਮੈਨੂੰ ਇਹ ਯਕੀਨ ਹੈ ਕਿ ਪੰਜਾਬ ਦੇ ਲੋਕ ਇਸ ਪ੍ਰਤੀ ਸੁਚੇਤ ਹਨ। ਇਹ ਗੱਲ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਪੇਸ਼ ਕੀਤੇ ਧੰਨਵਾਦ ਦੇ ਮਤੇ ਉਤੇ ਬਹਿਸ ਦੇ ਜਵਾਬ ਵਿਚ ਆਪਣੇ ਭਾਸ਼ਣ ਦੌਰਾਨ ਕਹੀ।
ਇਹ ਵੀ ਪੜ੍ਹੋ : ਕੈਪਟਨ ਦੇ ਰਾਜ ’ਚ ਪੰਜਾਬੀ ਯੂਨੀਵਰਸਿਟੀ ਆਖਰੀ ਸਾਹਾਂ ’ਤੇ : ਬੀਰ ਦਵਿੰਦਰ
ਆਪਣੀ ਦੋ ਘੰਟੇ ਲੰਬੀ ਤਕਰੀਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦਾ ਹਾਲ ਹੀ ਵਿਚ ਹੋਈਆਂ ਮਿਊਂਸਪਲ ਚੋਣਾਂ ਵਿਚ ਕਾਂਗਰਸ ਦੇ ਹੱਕ ਵਿਚ ਭਾਰੀ ਫਤਵਾ ਦੇ ਕੇ ਸੂਬਾ ਸਰਕਾਰ ਵਿਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਵਜ਼ੀਰ ਤੇ ਵਿਧਾਇਕ ਭਵਿੱਖ ਵਿਚ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਕਦੇ ਨਿਰਾਸ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਕੀਤੇ 546 ਵਚਨਬੱਧਤਾਵਾਂ/ਵਾਅਦਿਆਂ ਵਿਚੋਂ ਉਨ੍ਹਾਂ ਦੀ ਸਰਕਾਰ ਨੇ 455 ਪੂਰੀਆਂ ਕਰ ਦਿੱਤੀਆਂ ਹਨ ਜੋ ਕਿ 84.6 ਫੀਸਦੀ ਸਫਲਤਾ ਦਰ ਹੈ ਜਿਹੜੀ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਵੀ ਰਾਜਸੀ ਪਾਰਟੀ ਨੇ ਹਾਸਿਲ ਨਹੀਂ ਕੀਤੀ। ਉਨ੍ਹਾਂ ਹਾਊਸ ਨੂੰ ਭਰੋਸਾ ਦਿਵਾਇਆ ਕਿ ਬਾਕੀ ਰਹਿੰਦੇ ਵਾਅਦੇ ਵੀ ਉਨ੍ਹਾਂ ਦੀ ਸਰਕਾਰ ਬਾਕੀ ਰਹਿੰਦੇ ਸਮੇਂ ਵਿਚ ਪੂਰਾ ਕਰ ਦੇਵੇਗੀ।
ਇਹ ਵੀ ਪੜ੍ਹੋ : ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹਾ ਹੁਸ਼ਿਆਰਪੁਰ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ