ਕੈਪਟਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ''ਚ ਪ੍ਰਕਾਸ਼ ਪੁਰਬ ਦੇ ਸਾਂਝੇ ਪ੍ਰੋਗਰਾਮ ਦੀ ਪੇਸ਼ਕਸ਼

10/16/2019 12:59:37 AM

ਚੰਡੀਗੜ੍ਹ,(ਅਸ਼ਵਨੀ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਨੂੰ ਮਨਾਉਣ ਲਈ ਆ ਰਹੀ ਰੁਕਾਵਟ ਨੂੰ ਤੋੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਮੰਗਲਵਾਰ ਨੂੰ ਪਹਿਲ ਕਰਦਿਆਂ ਸੁਲਤਾਨਪੁਰ ਲੋਧੀ ਵਿਖੇ 11/12 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸਰਪ੍ਰਸਤੀ ਹੇਠ ਸਮਾਗਮ ਕਰਵਾਉਣ ਦੀ ਪੇਸ਼ਕਸ਼ ਦਿੱਤੀ ਹੈ। ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਫੋਨ 'ਤੇ ਗੱਲਬਾਤ ਕੀਤੀ ਜਦੋਂ ਕਿ ਉਨ੍ਹਾਂ ਦੇ ਮੰਤਰੀ ਮੰਡਲ ਦੇ 2 ਸਾਥੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸੂਬਾ ਸਰਕਾਰ ਦੀ ਇਹ ਪੇਸ਼ਕਸ਼ ਲੈ ਕੇ ਜਥੇਦਾਰ ਸਾਹਿਬ ਨੂੰ ਵੀ ਮਿਲੇ।

ਉਪਰੰਤ ਦੋਵੇਂ ਮੰਤਰੀਆਂ ਨੇ ਦੱਸਿਆ ਕਿ ਉਨ੍ਹਾਂ ਅੱਜ ਮੁੱਖ ਮੰਤਰੀ ਤਰਫੋਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਸੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦੇਣ ਕਿ ਉਹ ਅਧਿਕਾਰਤ ਸਮਾਗਮ ਨੂੰ ਕਰਵਾਉਣ 'ਚ ਸਹਿਯੋਗ ਦੇਣ ਤਾਂ ਜੋ ਵੱਖਰੀ ਸਟੇਜ ਸਜਾਉਣ ਲਈ ਸੰਗਤ ਦੇ ਪੈਸੇ 'ਚੋਂ ਖਰਚੇ ਜਾ ਰਹੇ 12-15 ਕਰੋੜ ਰੁਪਏ ਵਿਅਰਥ ਨਾ ਜਾਣ ਜਦ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਇਤਿਹਾਸਕ ਦਿਹਾੜੇ ਮੌਕੇ ਲੋੜੀਂਦੇ ਢਾਂਚਾ ਤਿਆਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਿਹਤਰ ਹੋਵੇਗਾ ਕਿ ਇਹ ਰਾਸ਼ੀ ਧਰਮ ਪ੍ਰਚਾਰ ਦੇ ਕੰਮ ਵਾਲੇ ਪਾਸੇ ਲਗਾਈ ਜਾਵੇ ਜੋ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਕਾਰਜ ਹੈ। ਉਨ੍ਹਾਂ ਕਿਹਾ ਕਿ ਦੋ ਸਟੇਜਾਂ ਤੋਂ ਕਰਵਾਏ ਜਾਣ ਵਾਲੇ ਵੱਖੋ-ਵੱਖਰੇ ਸਮਾਗਮ ਸੰਗਤਾਂ ਲਈ ਵੀ ਉਲਝਣ ਪਾਉਣਗੇ। ਸੂਬਾ ਸਰਕਾਰ ਵੱਲੋਂ ਕੀਤੀ ਪੇਸ਼ਕਸ਼ ਅਨੁਸਾਰ ਮੁੱਖ ਸਮਾਗਮ ਦੌਰਾਨ ਕਿਸੇ ਨੂੰ ਵੀ ਕੋਈ ਰਾਜਸੀ ਭਾਸ਼ਣ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਉਹ 11-12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਦੇ ਪ੍ਰੋਗਰਾਮ ਨੂੰ ਅੰਤਿਮ ਛੋਹਾਂ ਦੇਣ ਲਈ ਅਗਲੇ ਹਫਤੇ ਪੰਜ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ ਬੁਲਾਉਣਗੇ।