ਅੰਦਰੋਂ ਪੂਰੀ ਤਰ੍ਹਾਂ ਖੋਖਲਾ ਹੋ ਚੁੱਕਾ ਅਕਾਲੀ ਦਲ : ਚੀਮਾ
Monday, Aug 10, 2020 - 06:21 PM (IST)
ਸੁਲਤਾਨਪੁਰ ਲੋਧੀ (ਧੀਰ) : ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਧਾਰਾ 302 ਦਾ ਮਾਮਲਾ ਦਰਜ ਕਰਕੇ ਕਥਿਤ ਮੁਲਜ਼ਮਾਂ 'ਚ ਭਾਵੇਂ ਉਹ ਕਿਸੇ ਵੀ ਵੱਡੇ ਅਹੁਦੇ ਵਾਲਾ ਵਿਅਕਤੀ ਹੋਵੇ, ਉਸਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ, ਦਾ ਫ਼ੈਸਲਾ ਸ਼ਲਾਘਾਯੋਗ ਹੈ। ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ 'ਤੇ ਜੋ ਅਕਾਲੀ-ਭਾਜਪਾ ਵਾਲੇ ਗੰਦੀ ਸਿਆਸਤ 'ਤੇ ਉਤਾਰੂ ਹਨ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।
ਵਿਧਾਇਕ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਸ਼ਾਇਦ ਇਸ ਗੱਲ ਨੂੰ ਭੁੱਲ ਗਏ ਹਨ ਕਿ ਉਨ੍ਹਾਂ ਦੇ ਰਾਜ 'ਚ ਵੀ ਅਜਿਹੇ ਕਾਂਡ ਵਾਪਰ ਚੁੱਕੇ ਹਨ ਉਸ ਵੇਲੇ ਅਜਿਹੇ ਧਰਨੇ ਜਾਂ ਗ੍ਰਿਫਤਾਰੀਆਂ ਇਨ੍ਹਾਂ ਨੂੰ ਕਿਉਂ ਨਹੀਂ ਸੁਝਦੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ 'ਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਵੀ ਪ੍ਰਗਟ ਕਰਦਿਆਂ ਰਾਜ ਸਰਕਾਰ ਵਲੋਂ ਮਾਲੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ ਤਾਂ ਜੋ ਉਨ੍ਹਾਂ ਦੁਖੀ ਪਰਿਵਾਰਾਂ ਨੂੰ ਕੁਝ ਰਾਹਤ ਮਿਲ ਸਕੇ।
ਚੀਮਾ ਨੇ ਕਿਹਾ ਕਿ ਦਰਅਸਲ ਅਕਾਲੀ ਦਲ ਅੰਦਰੋਂ-ਅੰਦਰ ਹੁਣ ਖੋਖਲਾ ਹੋ ਚੁੱਕਾ ਹੈ ਅਤੇ ਉਸ ਕੋਲ ਪੰਜਾਬੀਆਂ ਦੇ ਹਿੱਤਾਂ ਲਈ ਕੋਈ ਮੁੱਦਾ ਨਹੀਂ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵਲੋਂ ਰਾਜ ਦੇ ਖਜ਼ਾਨੇ ਜੋ ਅੰਨੇਵਾਹ ਦੁਰਵਰਤੋਂ ਕਰਕੇ ਉਸਦੀ ਆਰਥਿਕ ਹਾਲਤ ਕਮਜ਼ੋਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਸੀ ਅੱਜ ਉਹੀ ਪੰਜਾਬ ਦੁਬਾਰਾ ਵਿਕਾਸ ਦੀਆਂ ਲੀਹਾਂ 'ਤੇ ਤੁਰ ਪਿਆ ਹੈ। ਆਪਣੇ ਆਪ ਨੂੰ ਕਿਸਾਨ ਹਤੈਸ਼ੀ ਅਖਵਾਉਣ ਵਾਲੇ ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਆਰਡੀਨੈਂਸ 'ਤੇ ਦਸਤਖਤ ਕਰਕੇ ਸੂਬੇ ਦੇ ਲੋਕਾਂ ਵਿਸ਼ੇਸ਼ ਤੌਰ 'ਤੇ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ ਉਸ ਲਈ ਕਿਸਾਨ ਕਦੇ ਵੀ ਅਕਾਲੀ ਦਲ ਨੂੰ ਮੁਆਫ਼ ਨਹੀਂ ਕਰਨਗੇ।