ਕੈਪਟਨ ਨੇ ਬਹਿਬਲ ਕਲਾਂ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

02/25/2020 6:43:16 PM

ਚੰਡੀਗੜ੍ਹ,(ਅਸ਼ਵਨੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਬਹਿਬਲਕਲਾਂ ਘਟਨਾ ਦੇ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਇਸ ਕੇਸ ਦੀ ਜਾਂਚ ਨੂੰ ਕਾਨੂੰਨੀ ਸਿੱਟੇ ਤੱਕ ਪਹੁੰਚਾਇਆ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਪੀੜਿਤ ਪਰਿਵਾਰਾਂ ਲਈ ਇਨਸਾਫ਼ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਪ੍ਰਸਤਾਵ ਨੂੰ ਦੁਹਰਾਂਉਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੀ. ਬੀ. ਆਈ. ਤੋਂ ਜਾਂਚ ਵਾਪਸ ਲੈ ਕੇ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘ੍ਰਿਣਤ ਦੋਸ਼ 'ਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ 'ਚ ਖੜ੍ਹਾ ਕੀਤਾ ਜਾਵੇਗਾ ਅਤੇ ਬੇਕਸੂਰ ਲੋਕਾਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਈ ਜਾਵੇਗੀ।

ਪਰਿਵਾਰਾਂ ਵਲੋਂ ਜ਼ਾਹਿਰ ਚਿੰਤਾਵਾਂ ਪ੍ਰਤੀ ਮਨਜੂਰੀ ਭਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਐਸ. ਆਈ. ਟੀ. ਦੀ ਜਾਂਚ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਛੇਤੀ ਹੀ ਬਹਿਬਲ ਕਲਾਂ 'ਚ ਜਾਣ ਦੀ ਸਹਿਮਤੀ ਜਤਾਈ। ਸਰਾਵਾਂ ਪਿੰਡ ਦੇ ਸਵ: ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਤੇ ਸਵ: ਕ੍ਰਿਸ਼ਣ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਬਹਿਬਲ ਕਲਾਂ 'ਚ ਵੱਖ-ਵੱਖ ਵਿਕਾਸ ਕੰਮਾਂ ਨੂੰ ਛੇਤੀ ਮੁਕੰਮਲ ਕਰਨ ਦੀ ਮੰਗ ਕੀਤੀ। ਇਨ੍ਹਾਂ ਵਿਕਾਸ ਕੰਮਾਂ 'ਚ ਚਾਰਦਿਵਾਰੀ ਅਤੇ ਕਮਿਊਨਿਟੀ ਹਾਲ ਦਾ ਫਰਸ਼, ਪਿੰਡ ਸਰਾਵਾਂ ਤੋਂ ਮੱਤਾ ਤੱਕ ਤਿੰਨ ਕਿਲੋਮੀਟਰ ਕੱਚੇ ਰਸਤੇ ਨੂੰ ਪੱਕਾ ਕਰਨ ਤੋਂ ਇਲਾਵਾ ਸਥਾਨਕ ਦਾਣਾ ਮੰਡੀ 'ਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਬਾਕੀ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦਾ ਵਾਅਦਾ ਕੀਤਾ। ਮੀਟਿੰਗ 'ਚ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਵਿਜੇ ਇੰਦਰ ਸਿੰਗਲਾ ਅਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਪਰਮਿੰਦਰ ਸਿੰਘ ਪਿੰਕੀ ਵੀ ਮੌਜੂਦ ਸਨ।


Related News