ਕੈਪਟਨ ''ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼, ਚੋਣ ਕਮਿਸ਼ਨ ਕੋਲ ਸ਼ਿਕਾਇਤ
Sunday, May 12, 2019 - 07:04 PM (IST)
![ਕੈਪਟਨ ''ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼, ਚੋਣ ਕਮਿਸ਼ਨ ਕੋਲ ਸ਼ਿਕਾਇਤ](https://static.jagbani.com/multimedia/2019_5image_18_45_433185427capt.jpg)
ਗੁਰਦਾਸਪੁਰ (ਵਿਨੋਦ) : ਭਾਰਤੀ ਜਨਤਾ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਕੋਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਕੀਤੀ ਹੈ। ਗੁਰਦਾਸਪੁਰ ਦੇ ਰਿਟਰਨਿੰਗ ਅਧਿਕਾਰੀ ਨੂੰ ਭੇਜੀ ਸ਼ਿਕਾਇਤ ਵਿਚ ਲਿਖਿਆ ਹੈ ਕਿ 11 ਮਈ ਨੂੰ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਪਿੰਡ ਸਰਨਾ ਵਿਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਪੱਖ ਵਿਚ ਰੱਖੀ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਆਉਣ ਵਾਲੇ ਸਮੇਂ ਵਿਚ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦਾ ਐਲਾਨ ਕਰਕੇ ਚੋਣ ਲਈ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕੀਤੀ ਹੈ।
ਵਕੀਲ ਅਨਿਲ ਮਹਿਤਾ ਵੱਲੋਂ ਦਿੱਤੀ ਸ਼ਿਕਾਇਤ ਵਿਚ ਲਿਖਿਆ ਗਿਆ ਹੈ ਕਿ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਸ਼ੂਗਰ ਮਿੱਲ ਦੀ ਸਮਰਥਾ 10 ਹਜ਼ਾਰ ਟਨ ਤੱਕ ਵਧਾਉਣ, ਬਿਜਲੀ ਅਤੇ ਸੀ.ਐੱਨ. ਜੀ. ਪੈਦਾ ਕਰਨ ਲਈ ਇਥਾਨੋਲ ਪਲਾਂਟ ਸਥਾਪਿਤ ਕਰਨ ਲਈ 30 ਜੁਲਾਈ ਨੂੰ ਨੀਂਹ ਪੱਥਰ ਰੱਖਣ ਦਾ ਐਲਾਨ, ਝੋਨੇ ਦੀ ਬਿਜਾਈ ਦੀ ਤਾਰੀਖ ਵਿਚ ਸੋਧ ਕਰਨ, ਡੋਗਰੀ ਸਰਟੀਫਿਕੇਟ ਜਾਰੀ ਕਰਨ ਆਦਿ ਦਾ ਐਲਾਨ ਕਰਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆ ਹਨ।
ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਸਬੰਧੀ ਸਖ਼ਤ ਨੋਟਿਸ ਲੈਂਦੇ ਹੋਏ ਕਾਂਗਰਸੀ ਉਮੀਦਵਾਰ ਸਮੇਤ ਮੁੱਖ ਮੰਤਰੀ ਦੇ ਖਿਲਾਫ਼ ਬਣਦੀ ਸਖਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਚੋਣ ਕੰਪੇਨ ਤੋਂ ਬਾਹਰ ਕੀਤਾ ਜਾਵੇ।