ਗੰਨਾ ਕਾਸ਼ਤਕਾਰਾਂ ਅੱਗੇ ਝੁਕੀ ਸਰਕਾਰ, ਮੰਗਾਂ ਮੰਨੀਆਂ
Wednesday, Dec 05, 2018 - 07:16 PM (IST)

ਚੰਡੀਗੜ੍ਹ : ਪੰਜਾਬ ਭਰ ਵਿਚ ਗੰਨਾ ਕਾਸ਼ਤਕਾਰਾਂ ਦੇ ਵੱਧਦੇ ਰੋਹ ਦੇ ਚੱਲਦਿਆਂ ਆਖਿਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਈਵੇਟ ਸ਼ੂਗਰ ਮਿੱਲ ਮਾਲਕਾਂ ਨਾਲ ਮੁਲਾਕਾਤ ਕਰਕੇ ਮਾਮਲਾ ਸੁਲਝਾ ਲਿਆ ਹੈ। ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਵੇਗੀ। ਇਸ ਦੇ ਨਾਲ ਹੀ ਸਰਕਾਰ ਨੇ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਸ਼ੂਗਰ ਮਿੱਲਾਂ ਵਿਚ ਗੰਨੇ ਦੀ ਪਿੜਾਈ ਸ਼ੁਰੂ ਹੋ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦੇਵੇਗੀ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਗੰਨੇ ਦਾ ਭਾਅ 275 ਰੁਪਏ ਤੈਅ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 35 ਰੁਪਏ ਵਧਾ ਤੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਦੂਜੇ ਪਾਸੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਕਿਸਾਨ ਵਲੋਂ ਸੜਕਾਂ 'ਤੇ ਉਤਰ ਕੇ ਵਿਰੋਧ ਕੀਤਾ ਗਿਆ।