ਹਰੀਸ਼ ਚੌਧਰੀ ’ਤੇ ਕੈਪਟਨ ਦਾ ਹਮਲਾ, ਕਿਹਾ ਕਤਲ ਕੇਸ ’ਚ ਨਾਮਜ਼ਦ ਵਿਅਕਤੀ ਨੂੰ ਸਪੱਸ਼ਟੀਕਰਣ ਦੇਣ ਦੀ ਲੋੜ ਨਹੀਂ

Friday, Nov 26, 2021 - 09:52 PM (IST)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਹਰੀਸ਼ ਚੌਧਰੀ ਵੱਲੋਂ ਉਨ੍ਹਾਂ ’ਤੇ ਮੁੱਖ ਮੰਤਰੀ ਰਹਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾਉਣ ਦੇ ਦੋਸ਼ਾਂ ਨੂੰ ਲੈ ਕੇ ਤਿੱਖੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਨੇ ਇਕ ਬਿਆਨ ਵਿਚ ਕਿਹਾ ਕਿ ਹਾਲਾਂਕਿ ਉਨ੍ਹਾਂ ਨੂੰ “ਇੱਕ ਨੌਕਰੀ ਤੋਂ ਬਾਹਰ ਹੋਏ ਵਿਧਾਇਕ, ਜਿਸ ਨੂੰ ਬਾੜਮੇਰ ਵਿਚ ਕਮਲੇਸ਼ ਪ੍ਰਜਾਪਤ ਦੇ ਕਤਲ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਕਾਰਨ ਰਾਜਸਥਾਨ ਵਿਚ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਹੈ ਅਤੇ ਜਿਸ ਦੇ ਇਸ ਸਾਰੇ ਮਾਮਲੇ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੀ.ਬੀ.ਆਈ. ਨੂੰ ਸੌਂਪ ਦਿੱਤਾ ਹੈ, ਨੂੰ ਕੋਈ ਵੀ ਸਪੱਸ਼ਟੀਕਰਨ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਮੈਂ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀ ਜਾਂ ਭਾਜਪਾ ਨਾਲ ਕੋਈ ਸਾਂਝੇਦਾਰੀ ਰੱਖਦਾ ਤਾਂ ਮੈਂ ਕਿਸਾਨ ਅੰਦੋਲਨ ਦੀ ਹਮਾਇਤ ਨਾ ਕਰਦਾ ਅਤੇ ਨਾ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਇਨ੍ਹਾਂ ਵਿਰੁੱਧ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਨ ਦੀ ਮੰਗ ਕਰਦਾ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਛਿੜਿਆ ਨਵਾਂ ਕਲੇਸ਼, ਆਹਮੋ-ਸਾਹਮਣੇ ਹੋਏ ਸਿੱਧੂ ਤੇ ਜਾਖੜ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਾ ਹੁੰਦਾ ਸੀ ਅਤੇ ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਵੀ ਆਪਣੇ ਕੇਂਦਰੀ ਹਮਰੁਤਬਾ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ। ਕੈਪਟਨ ਨੇ ਚੌਧਰੀ ਨੂੰ ਤਾਅਨਾ ਮਾਰਦਿਆਂ ਕਿਹਾ ਕਿ ਇੱਥੋਂ ਤੱਕ ਕਿ ਤੁਹਾਡਾ ਨਵਾਂ ਮੁੱਖ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਦਾ ਹੈ ਅਤੇ ਤੁਹਾਡੇ ਮੂਰਖਤਾ ਪੂਰਨ ਤਰਕ ਮੁਤਾਬਕ ਤਾਂ ਉਸ ਨੂੰ ਵੀ ਭਾਜਪਾ ਨਾਲ ਸਮਝੌਤਾ ਕਰ ਲੈਣਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਬਰਖਾਸਤ ਕੀਤੇ ਜਾਣ ਦੀ ਉਡੀਕ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਮੁਕਤਸਰ ’ਚ ਪ੍ਰਦਰਸ਼ਨਕਾਰੀਆਂ ਨਾਲ ਖਹਿਬੜੇ ਸੁੱਖੀ ਰੰਧਾਵਾ ਤੇ ਰਾਜਾ ਵੜਿੰਗ, ਤੂੰ-ਤੜਾਕ ਤੱਕ ਪਹੁੰਚੀ ਗੱਲ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਪਾਰਟੀ ਇੰਚਾਰਜ ਨੇ ਸੂਬੇ ਨੂੰ ਆਪਣਾ ਪੱਕਾ ਟਿਕਾਣਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੇ 14 ਇੰਚਾਰਜਾਂ ਜਿਵੇਂ ਪ੍ਰਣਬ ਮੁਖਰਜੀ, ਮੋਹਸਿਨਾ ਕਿਦਵਈ, ਜਨਰਾਧਨ ਦਿਵੇਦੀ ਨਾਲ ਕੰਮ ਕੀਤਾ ਹੈ ਅਤੇ ਉਹ ਪੰਜਾਬ ਵਿਚ ਬਹੁਤ ਹੀ ਘੱਟ ਦਖਲ ਦਿੰਦੇ ਸਨ। ਜਦੋਂਕਿ ਪੰਜਾਬ ਆਉਣਾ ਜਾਂ ਇਥੇ ਸੈਟਲ ਹੋਣਾ ਤਾਂ ਬਾਅਦ ਦੀ ਗੱਲ ਹੈ। ਕੈਪਟਨ ਨੇ ਯਾਦ ਕਰਵਾਇਆ ਕਿ ਇਕ ਪਾਰਟੀ ਇੰਚਾਰਜ ਨੂੰ ਸੂਬੇ ਵਿਚ ਹੀ ਸੈਟਲ ਹੋਣ ਦੀ ਜ਼ਰੂਰਤ ਨਹੀਂ। ਉਸ ਦਾ ਕੰਮ ਸਿਰਫ਼ ਆਪਸੀ ਤਾਲਮੇਲ ਬਣਾ ਕੇ ਰੱਖਣਾ ਅਤੇ ਪਾਰਟੀ ਹਾਈ ਕਮਾਂਡ ਨੂੰ ਜ਼ਰੂਰੀ ਫੀਡਬੈਕ ਦੇਣਾ ਹੈ।

ਇਹ ਵੀ ਪੜ੍ਹੋ : ਚੋਣਾਂ ਨੂੰ ਲੈ ਕੇ ਭਾਜਪਾ ਦਾ ਮਾਸਟਰ ਪਲਾਨ, ‘ਤਰੁਪ ਦਾ ਪੱਤਾ’ ਚੱਲ ਕੇ ਸਿਆਸਤ ’ਚ ਮਚਾਈ ਖਲਬਲੀ

ਕੈਪਟਨ ਨੇ ਅੱਗੇ ਕਿਹਾ ਕਿ ਇੱਥੇ ਪੰਜਾਬ ਵਿਚ ਇਕ ਅਜਿਹਾ ਵਿਅਕਤੀ ਹੈ, ਜਿਸ ਨੂੰ ਉਸਦੇ ਗ੍ਰਹਿ ਰਾਜ ਵਿਚ ਇਕ ਕਤਲ ਕੇਸ ਵਿਚ ਨਾਮਜ਼ਦ ਕੀਤੇ ਜਾਣ ਕਾਰਨ ਸਰਕਾਰ ਤੋਂ ਬਰਖਾਸਤ ਕੀਤਾ ਗਿਆ ਹੈ ਅਤੇ ਹੁਣ ਉਹ "ਪੰਜਾਬ ਵਿਚ ਮੁੱਖ ਮੰਤਰੀ ਦੀ ਸ਼ਕਤੀ ਅਤੇ ਵਿਸ਼ੇਸ਼ ਅਧਿਕਾਰਾਂ ਦਾ ਆਨੰਦ ਮਾਣ ਰਿਹਾ ਹੈ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਇਕ ਰਬੜ ਸਟੈਂਪ ਸਮਝ ਕੇ ਹਦਾਇਤਾਂ ਜਾਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੌਧਰੀ ਮੰਤਰੀ ਮੰਡਲ ਅਤੇ ਅਧਿਕਾਰੀਆਂ ਦੀਆਂ ਹੋਰ ਮੀਟਿੰਗਾਂ ਵਿਚ ਵੀ ਸ਼ਾਮਲ ਹੁੰਦਾ ਰਿਹਾ ਹੈ, ਜੋ ਕਿ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ। ਸਾਬਕਾ ਮੁੱਖ ਮੰਤਰੀ ਨੇ ਹਰੀਸ਼ ਚੌਧਰੀ ਵਲੋਂ ਚੰਡੀਗੜ੍ਹ ਵਿਚ ਇਕ ਮੰਤਰੀ ਦਾ ਬੰਗਲਾ ਅਤੇ ਪੂਰੇ ਪੰਜਾਬ ਭਵਨ ਨੂੰ ਆਪਣੇ ਅਧਿਕਾਰ ਵਿਚ ਲੈਣ ’ਤੇ ਵੀ ਸਵਾਲ ਚੁੱਕੇ, ਜਿੱਥੇ ਬੈਠ ਕੇ ਚੌਧਰੀ ਮੁੱਖ ਮੰਤਰੀ ਸਮੇਤ ਬਾਕੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਹੁਕਮ ਦਿੰਦੇ ਹਨ। ਕੈਪਟਨ ਨੇ ਸਵਾਲ ਚੁੱਕਦਿਆਂ ਕਿਹਾ ਕਿ ਹਰੀਸ਼ ਚੌਧਰੀ ਦੇ ਇਨ੍ਹਾਂ ਸਭ ਖਰਚਿਆਂ ਦਾ ਭੁਗਤਾਨ ਆਖਰਕਾਰ ਕੌਣ ਕਰ ਰਿਹਾ ਹੈ?

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਐੱਸ. ਟੀ. ਐੱਫ. ਦੀ ਰਿਪੋਰਟ ਨੂੰ ਲੈ ਕੇ ਚੁੱਕੇ ਸਵਾਲ

ਨੋਟ - ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਬਿਆਨ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਦੱਸੋ।


Gurminder Singh

Content Editor

Related News