ਕੈਪਟਨ ਨੇ ਦਿੱਲੀ ''ਚ ਹੋਈ ਹਿੰਸਾ ਨੂੰ ਲੈ ਕੇ ਗ੍ਰਹਿ ਮੰਤਰੀ ਨੂੰ ਤਤਕਾਲ ਦਖਲ ਦੇਣ ਦੀ ਕੀਤੀ ਮੰਗ

Monday, Dec 16, 2019 - 08:13 PM (IST)

ਕੈਪਟਨ ਨੇ ਦਿੱਲੀ ''ਚ ਹੋਈ ਹਿੰਸਾ ਨੂੰ ਲੈ ਕੇ ਗ੍ਰਹਿ ਮੰਤਰੀ ਨੂੰ ਤਤਕਾਲ ਦਖਲ ਦੇਣ ਦੀ ਕੀਤੀ ਮੰਗ

ਜਲੰਧਰ,(ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋਈ ਹਿੰਸਾ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਮੰਗ ਕੀਤੀ ਹੈ ਕਿ ਉਹ ਤੁਰੰਤ ਇਸ ਮਾਮਲੇ ਵਿਚ ਦਖਲ ਦੇਣ ਤੇ ਦੇਸ਼ ਦੀ ਰਾਜਧਾਨੀ ਵਿਚ ਅਮਨ ਤੇ ਸ਼ਾਂਤੀ ਦੀ ਸਥਿਤੀ ਬਹਾਲ ਕਰਵਾਉਣ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ਵਿਚ ਸੀ. ਏ. ਬੀ. ਖਿਲਾਫ ਹੋਏ ਰੋਸ ਪ੍ਰਦਰਸ਼ਨਾਂ ਤੋਂ ਉਹ ਪ੍ਰੇਸ਼ਾਨ ਹਨ ਤੇ ਇਸ ਨੂੰ ਦੇਖਦੇ ਹੋਏ ਸਥਿਤੀ ਨੂੰ ਕਾਬੂ ਵਿਚ ਲਿਆਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਵਾਵਿਦ ਨਾਗਰਿਕਤਾ ਸੋਧ ਕਾਨੂੰਨ ਨਾਲ ਦੇਸ਼ ਦੇ ਸੰਵਿਧਾਨ ਤੇ ਲੋਕਰਾਜੀ ਸੰਸਥਾਵਾਂ ਨੂੰ ਖਤਰਾ ਪੈਦਾ ਹੋ ਚੁੱਕਾ ਹੈ। ਇਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਇਸ ਮਾਮਲੇ ਵਿਚ ਦਖਲ ਦੇਣਾ ਚਾਹੀਦਾ ਹੈ ਤਾਂ ਜੋ ਦੇਸ਼ ਵਿਚ ਇਸ ਵਿਵਾਦਿਤ ਕਾਨੂੰਨ ਨੂੰ ਵਾਪਸ ਲਿਆ ਜਾ ਸਕੇ। ਮੁੱਖ ਮੰਤਰੀ ਨੇ ਦੋਹਰਾਇਆ ਕਿ ਨਵਾਂ ਕਾਨੂੰਨ ਦੇਸ਼ ਵਿਚ ਖਤਰਨਾਕ ਸਥਿਤੀ ਪੈਦਾ ਕਰ ਰਿਹਾ ਹੈ ਤੇ ਕੇਂਦਰ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜੇ ਤਾਂ ਕੁਝ ਸੂਬਿਆਂ ਵਿਚ ਹਿੰਸਾ ਹੋਈ ਹੈ, ਜੋ ਕਿ ਖਤਰਨਾਕ ਪੱਧਰ ਤੱਕ ਪਹੁੰਚ ਗਈ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਦੇਸ਼ ਵਿਚ ਅਮਨ-ਸ਼ਾਂਤੀ ਤੇ ਸਦਭਾਵਨਾ ਦਾ ਮਾਹੌਲ ਬਣਾਈ ਰੱਖਣ ਲਈ ਸਾਰੇ ਧਰਮਾਂ ਤੇ ਵਰਗਾਂ ਦੇ ਲੋਕਾਂ ਦੇ ਅੰਦਰ ਸਦਭਾਵਨਾ ਤੇ ਭਰੋਸੇ ਦੀ ਭਾਵਨਾ ਪੈਦਾ ਕਰਨ।

ਉਨ੍ਹਾਂ ਕਿਹਾ ਕਿ ਦੇਸ਼ ਦੇ ਆਧਾਰ ਨੂੰ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ ਤੇ ਦੇਸ਼ ਦੇ ਕਿਸੇ ਵੀ ਵਰਗ ਦੇ ਅੰਦਰ ਇਹ ਭਾਵਨਾ ਪੈਦਾ ਨਹੀਂ ਹੋਣੀ ਚਾਹੀਦੀ ਕਿ ਉਨ੍ਹਾਂ ਦੀ ਨਾਗਰਿਕਤਾ ਨੂੰ ਲੈ ਕੇ ਕੇਂਦਰ ਸਰਕਾਰ ਮੁੜ ਜਾਂਚ ਕਰੇਗੀ ਜਾਂ ਉਨ੍ਹਾਂ ਦੀ ਨਾਗਰਿਕਤਾ 'ਤੇ ਕਿਸੇ ਤਰ੍ਹਾਂ ਦਾ ਕੋਈ ਖਤਰਾ ਪੈਦਾ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਹਾਲਤ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਸੂਬੇ ਵਿਚ ਲਾਗੂ ਨਹੀਂ ਕਰੇਗੀ।


Related News