ਕੈਪਟਨ ਵਲੋਂ ਕਸ਼ਮੀਰ ਤੋਂ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਅਤ ਵਾਪਸੀ ਲਈ ਨਿਰਦੇਸ਼ ਜਾਰੀ
Friday, Aug 02, 2019 - 09:33 PM (IST)
ਚੰਡੀਗੜ੍ਹ,(ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀ ਐਡਵਾਈਜ਼ਰੀ ਦੇ ਸੰਦਰਭ 'ਚ ਸਰਹੱਦੀ ਸੂਬੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਅਮਰਨਾਥ ਯਾਤਰੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰਨ ਵਾਸਤੇ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਕਸ਼ਮੀਰ 'ਚ ਅੱਤਵਾਦੀ ਖ਼ਤਰੇ ਸਬੰਧੀ ਖੂਫੀਆ ਜਾਣਕਾਰੀ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ 'ਚ ਅਤਿ ਚੌਕਸੀ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਖਾਸਕਰ ਪਠਾਨਕੋਟ ਪ੍ਰਸ਼ਾਸਨ ਨੂੰ ਕਸ਼ਮੀਰ ਘਾਟੀ ਤੋਂ ਆਉਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਦੇ ਬਿਨਾਂ ਅੜਚਣ ਆਉਣ ਲਈ ਸੁਵਿਧਾ ਪ੍ਰਦਾਨ ਕਰਨ ਵਾਸਤੇ ਆਖਿਆ ਹੈ। ਅੱਤਵਾਦ ਸਬੰਧੀ ਰਿਪੋਰਟਾਂ ਦੇ ਮੱਦੇਨਜ਼ਰ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਦਾਖਲ ਹੋਣ ਤੋਂ ਬਾਅਦ ਯਾਤਰੀਆਂ ਦੀ ਸੁਰੱਖਿਆ ਵਾਸਤੇ ਡਿਪਟੀ ਕਮਿਸ਼ਨਰ ਨੂੰ ਪੂਰੇ ਤਾਲਮੇਲ ਨਾਲ ਕਾਰਵਾਈ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਸਬੰਧੀ ਸਾਰੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਆਖਿਆ ਹੈ।