ਕੈਪਟਨ ਦੀ ਮੀਟਿੰਗ ਵਿਚ ਜ਼ੀਰਾ ਦੀ ''ਨੋ ਐਂਟਰੀ''
Saturday, Jan 19, 2019 - 07:18 PM (IST)

ਚੰਡੀਗੜ੍ਹ : ਨਸ਼ਿਆਂ ਦੇ ਮੁੱਦੇ 'ਤੇ ਆਪਣੀ ਹੀ ਸਰਕਾਰ ਖਿਲਾਫ ਝੰਡਾ ਚੁੱਕਣ ਵਾਲੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਲਾਂ ਅਜੇ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਦਰਅਸਲ ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ਵਿਖੇ ਮਾਲਵਾ ਜ਼ੋਨ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਰੱਖੀ ਗਈ ਸੀ, ਇਸ ਮੀਟਿੰਗ ਵਿਚ ਬਾਕੀ ਵਿਧਾਇਕਾਂ ਤੋਂ ਇਲਾਵਾ ਕੁਲਬੀਰ ਸਿੰਘ ਜ਼ੀਰਾ ਵੀ ਪਹੁੰਚੇ ਸਨ ਜਿਨ੍ਹਾਂ ਨੂੰ ਮੀਟਿੰਗ ਵਿਚ ਆਉਣ ਹੀ ਨਹੀਂ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਕੁਲਬੀਰ ਜ਼ੀਰਾ ਪੰਜਾਬ ਭਵਨ ਵਿਚ ਹੋਈ ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਸ਼ਾ ਕੁਮਾਰੀ ਨੂੰ ਮਿਲੇ ਸਨ ਅਤੇ ਉਨ੍ਹਾਂ ਦੀ ਬਹਾਲੀ ਦੀਆਂ ਖਬਰਾਂ ਵੀ ਮੀਡੀਆ 'ਚ ਆਈਆਂ ਸਨ ਪਰ ਬਾਵਜੂਦ ਇਸ ਦੇ ਜ਼ੀਰਾ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕੁਲਬੀਰ ਜ਼ੀਰਾ ਨੇ ਪੰਚਾ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਦੇ ਹੋਏ ਪੁਲਸ ਉੱਪਰ ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਦੇ ਇਲਜ਼ਾਮ ਲਗਾਏ ਸਨ। ਇਸ ਉਪਰੰਤ ਜ਼ੀਰਾ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਸੂਤਰਾਂ ਮੁਤਾਬਾਕ ਇਸ ਘਟਨਾਕ੍ਰਮ ਤੋਂ ਬਾਅਦ ਸ਼ਨੀਵਾਰ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੁਲਬੀਰ ਜ਼ੀਰਾ ਵਿਚਾਲੇ ਬੈਠਕ ਵੀ ਹੋਈ। ਇਸ ਮੀਟਿੰਗ ਵਿਚ ਸੁਨੀਲ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਸੂਤਰਾਂ ਮੁਤਾਬਕ ਫਿਲਹਾਲ ਜ਼ੀਰਾ ਨੂੰ ਮੁੜ ਬਹਾਲ ਨਹੀਂ ਕੀਤਾ ਗਿਆ ਹੈ।