ਕੈਪਟਨ ਨੇ PM ਮੋਦੀ ਤੋਂ ਮੰਗਿਆ ਪੰਜਾਬ ਲਈ ਸਨਅਤੀ ਪੈਕੇਜ

11/10/2019 1:46:40 AM

ਜਲੰਧਰ,(ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਦਮਪੁਰ ਹਵਾਈ ਅੱਡੇ 'ਤੇ ਮੁਲਾਕਾਤ ਕਰਕੇ ਉਨ੍ਹਾਂ ਤੋਂ ਪੰਜਾਬ ਲਈ ਸਨਅਤੀ ਪੈਕੇਜ ਮੰਗਿਆ ਹੈ। ਪ੍ਰਧਾਨ ਮੰਤਰੀ ਦਾ ਪੰਜਾਬ ਆਉਣ 'ਤੇ ਸਵਾਗਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਹਵਾਈ ਅੱਡੇ 'ਤੇ ਪੁੱਜੇ ਸਨ। ਇਸ ਮੌਕੇ ਪੰਜਾਬ ਦੇ ਗਵਰਨਰ ਬਦਨੌਰ ਵੀ ਮੌਜੂਦ ਸਨ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਜੀ ਆਇਆਂ ਕਹਿਣ ਤੋਂ ਮਗਰੋਂ ਉਨ੍ਹਾਂ ਨਾਲ ਪੰਜਾਬ ਦੇ ਹਾਲਾਤ ਬਾਰੇ ਚਰਚਾ ਕੀਤੀ। ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਦਰਮਿਆਨ ਮੁਲਾਕਾਤ ਭਾਵੇਂ ਕੁਝ ਮਿੰਟਾਂ ਦੀ ਹੋਈ ਪਰ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਤੋਂ ਪੰਜਾਬ ਲਈ ਸਨਅਤੀ ਪੈਕੇਜ ਦੀ ਮੰਗ ਰੱਖ ਦਿੱਤੀ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਪਿਛਲੇ ਕੁਝ ਸਾਲਾਂ 'ਚ ਗ਼ਲਤ ਨੀਤੀਆਂ ਕਾਰਨ ਆਰਥਿਕ ਤੇ ਸਨਅਤੀ ਤੌਰ 'ਤੇ ਕਾਫ਼ੀ ਪੱਛੜ ਗਿਆ ਹੈ। ਦੇਸ਼ 'ਚ ਜੀ. ਐੱਸ. ਟੀ. ਲਾਗੂ ਹੋਣ ਤੋਂ ਬਾਅਦ ਪੰਜਾਬ ਦੀ ਆਰਥਿਕ ਸਥਿਤੀ 'ਤੇ ਦਬਾਅ ਹੋਰ ਵਧ ਗਿਆ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਕੇਂਦਰ ਦੇ ਸਹਿਯੋਗ ਤੋਂ ਬਗ਼ੈਰ ਸੂਬੇ ਆਰਥਿਕ ਤੌਰ 'ਤੇ ਮਜ਼ਬੂਤ ਨਹੀਂ ਹੋ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਨਵੀਂ ਸਨਅਤੀ ਨੀਤੀ ਦੇ ਤਹਿਤ ਰਾਜ 'ਚ ਪੂੰਜੀ ਨਿਵੇਸ਼ ਕਰਨ ਵਾਲੀਆਂ ਨਵੀਆਂ ਸਨਅਤੀ ਇਕਾਈਆਂ ਨੂੰ ਕਈ ਪ੍ਰਕਾਰ ਦੀਆਂ ਰਿਆਇਤਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਪੰਜਾਬ ਦੀ ਬਾਂਹ ਫੜਨ ਲਈ ਅੱਗੇ ਆਉਣਾ ਚਾਹੀਦਾ ਹੈ। ਉਹ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਪੰਜਾਬ ਦੇ ਮਸਲਿਆਂ ਬਾਰੇ ਮੰਗ-ਪੱਤਰ ਦੇ ਚੁੱਕੇ ਹਨ ਤੇ ਪੰਜਾਬ ਦੀਆਂ ਮੰਗਾਂ ਪਹਿਲਾਂ ਹੀ ਪ੍ਰਧਾਨ ਮੰਤਰੀ ਤੇ ਕੇਂਦਰੀ ਵਿੱਤ ਮੰਤਰੀ ਦੇ ਸਾਹਮਣੇ ਰੱਖ ਚੁੱਕੇ ਹਨ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਪੰਜਾਬ ਇੱਕ ਸਰਹੱਦੀ ਰਾਜ ਹੈ, ਜਿੱਥੇ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਦੇ ਸਹਿਯੋਗ ਦੀ ਜ਼ਰੂਰਤ ਹੈ । ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਕੇਂਦਰ ਪੰਜਾਬ ਲਈ ਆਪਣੀ ਤਰਫ਼ੋਂ ਹਰ ਸੰਭਵ ਸਹਾਇਤਾ ਦੇਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਲਿਖਤੀ ਤੌਰ 'ਤੇ ਮੰਗਾਂ ਨੂੰ ਕੇਂਦਰ ਕੋਲ ਭੇਜਣ।