ਨਵਜੋਤ ਸਿੱਧੂ ਬਾਰੇ ਫੈਲੀ ਨਵੀਂ ਅਫਵਾਹ!
Monday, Feb 10, 2020 - 06:55 PM (IST)
ਨਵੀਂ ਦਿੱਲੀ/ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਪੂਰੀ ਤਰ੍ਹਾਂ ਸ਼ਾਂਤ ਹੋ ਕੇ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਬਾਰੇ ਇਨ੍ਹੀਂ ਦਿਨੀਂ ਨਵੀਂ ਅਫਵਾਹ ਫੈਲੀ ਹੋਈ ਹੈ। ਉਹ ਇਹ ਹੈ ਕਿ ਨਵਜੋਤ ਸਿੱਧੂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਇਸ ਕਰਕੇ ਪ੍ਰਚਾਰ ਕਰਨ ਨਹੀਂ ਗਏ ਕਿਉਂਕਿ ਉਨ੍ਹਾਂ ਨੂੰ ਪੰਡਤ ਵਲੋਂ ਅਜਿਹਾ ਕਰਨ ਤੋਂ ਰੋਕਿਆ ਗਿਆ ਸੀ ਅਤੇ ਜੇਕਰ ਉਹ ਦਿੱਲੀ 'ਚ ਪ੍ਰਚਾਰ ਕਰਦੇ ਹਨ ਤਾਂ ਇਸ ਨਾਲ ਉਨ੍ਹਾਂ ਦੇ ਕਰੀਅਰ 'ਤੇ ਅਸਰ ਪੈ ਸਕਦਾ ਹੈ। ਇਸ 'ਤੇ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਸਿੱਧੂ ਦਾ ਪੱਖ ਪੂਰਿਆ ਹੈ। ਵੇਰਕਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਪਰਿਵਾਰਕ ਰੁਝੇਵਿਆਂ ਕਾਰਨ ਦਿੱਲੀ ਪ੍ਰਚਾਰ ਕਰਨ ਨਹੀਂ ਜਾ ਸਕੇ ਹਨ। ਵੇਰਕਾ ਨੇ ਕਿਹਾ ਕਿ ਨਵਜੋਤ ਸਿੱਧੂ ਪਾਰਟੀ ਦੇ ਖਿਲਾਫ ਨਹੀਂ ਹਨ ਜਦਕਿ ਵਿਰੋਧੀਆਂ ਵਲੋਂ ਜਾਣ ਬੁੱਝ ਕੇ ਸਿੱਧੂ ਬਾਰੇ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਐੱਸ. ਸੀ. ਐੱਸ. ਟੀ. ਐਕਟ 'ਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਗਲਤ ਦੱਸਦਿਆਂ ਵੇਰਕਾ ਨੇ ਕਿਹਾ ਕਿ ਭਾਜਪਾ ਵਲੋਂ ਜਾਣ ਬੁੱਝ ਕੇ ਡਰ ਦਾ ਮਾਹੌਲ ਬਣਾਇਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਹਾਈਕਮਾਨ ਨੇ ਸਿੱਧੂ ਨੂੰ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਸੀ ਪਰ ਇਸ ਦੇ ਬਾਵਜੂਦ ਸਿੱਧੂ ਨੇ ਦਿੱਲੀ ਚੋਣਾਂ ਤੋਂ ਦੂਰੀ ਬਣਾਈ ਰੱਖੀ। ਜਿੱਥੇ ਮੁੱਖ ਮੰਤਰੀ ਸਮੇਤ ਪੰਜਾਬ ਦੇ ਕਈ ਮੰਤਰੀਆਂ ਨੇ ਦਿੱਲੀ 'ਚ ਤਾਬੜਤੋੜ ਪ੍ਰਚਾਰ ਕੀਤਾ, ਉਥੇ ਹੀ ਸਿੱਧੂ ਪਹਿਲਾਂ ਵਾਂਗ ਦਿੱਲੀ ਚੋਣਾਂ 'ਚੋਂ ਵੀ ਗਾਇਬ ਰਹੇ।