ਕੈਪਟਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਿੱਕਿਆਂ ਦੀ ਪ੍ਰਦਰਸ਼ਨੀ ਦਾ ਉਦਘਾਟਨ

11/06/2019 1:04:39 AM

ਸੁਲਤਾਨਪੁਰ ਲੋਧੀ,(ਧੀਰ, ਸੋਢੀ, ਜੋਸ਼ੀ, ਅਸ਼ਵਨੀ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ ਵੱਲੋਂ ਦਸਤਕਾਰੀ ਰਾਹੀਂ ਤਿਆਰ ਕੀਤੀਆਂ ਵਸਤਾਂ ਤੇ ਸਵੈ-ਸਹਾਇਤਾ ਗਰੁੱਪਾਂ ਵੱਲੋਂ ਕੀਤੇ ਜਾ ਰਹੇ ਕਾਰੋਬਾਰ ਬਾਰੇ ਵੀ ਇਕ ਹੋਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਲਵਾਈ ਗਈ ਪ੍ਰਦਰਸ਼ਨੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ 53 ਪੈਨਲ ਲਾਏ ਗਏ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਜਨਮ ਤੋਂ ਲੈ ਕੇ ਉਦਾਸੀਆਂ, ਖੇਤੀ ਕਰਨ ਤੇ ਅੰਤਿਮ ਸਮੇਂ ਨਾਲ ਸਬੰਧਤ ਦੁਰਲੱਭ ਚਿੱਤਰ, ਹੱਥ ਲਿਖਤ ਜਨਮ ਸਾਖੀਆਂ ਤੇ ਸੋਨੇ ਤੇ ਚਾਂਦੀ ਦੇ ਨਾਨਕਸ਼ਾਹੀ ਸਿੱਕੇ ਸ਼ਾਮਲ ਹਨ।

ਮੁੱਖ ਮੰਤਰੀ ਨੇ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ-ਆਪਣੇ ਪਰਿਵਾਰਾਂ ਨਾਲ ਪ੍ਰਦਰਸ਼ਨੀ ਵੇਖਣ ਤਾਂ ਜੋ ਨਵੀਂ ਪੀੜ੍ਹੀ ਗੁਰੂ ਸਾਹਿਬਾਨ ਬਾਰੇ ਵੱਧ ਤੋਂ ਵੱਧ ਜਾਣੂ ਹੋ ਸਕੇ। ਇਸ ਤੋਂ ਇਲਾਵਾ ਪੰਜਾਬ ਸਮਾਲ ਸਕੇਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਦਿਹਾਤੀ ਖੇਤਰ ਵਿਚਲੇ ਹੁਨਰ ਨੂੰ ਹੁਲਾਰਾ ਦੇਣ ਤੇ ਸਵੈ-ਸਹਾਇਤਾ ਗਰੁੱਪਾਂ ਰਾਹੀਂ ਲੋਕਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਬਾਗਬਾਨੀ ਵਿਭਾਗ ਵੱਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਨੇੜਿਓਂ ਵੇਖਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਲੋਕਾਂ ਨੂੰ ਹੱਥੀਂ ਕਿਰਤ ਰਾਹੀਂ ਤਿਆਰ ਵਸਤਾਂ ਨੂੰ ਪ੍ਰਦਰਸ਼ਿਤ ਕਰਨ ਦਾ ਵੱਡਾ ਪਲੇਟਫਾਰਮ ਹਨ। ਇਸ ਮੌਕੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ, ਵਿਜੇ ਇੰਦਰ ਸਿੰਗਲਾ, ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਨਵਤੇਜ ਸਿੰਘ ਚੀਮਾ ਤੇ ਸੁਖਪਾਲ ਸਿੰਘ ਭੁੱਲਰ, ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਸੈਰ ਸਪਾਟਾ ਵਿਕਾਸ ਪ੍ਰਤਾਪ, ਐੱਮ . ਡੀ. ਸਿਬਨ ਸੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।