ਚੋਣ ਟਿਕਟ ਵੰਡ ’ਚ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ’ਤੇ ਉੱਠੇ ਸਵਾਲਾਂ ’ਤੇ ਕੈਪਟਨ ਨੇ ਤੋੜੀ ਚੁੱਪ

Wednesday, Apr 14, 2021 - 06:22 PM (IST)

ਚੋਣ ਟਿਕਟ ਵੰਡ ’ਚ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ’ਤੇ ਉੱਠੇ ਸਵਾਲਾਂ ’ਤੇ ਕੈਪਟਨ ਨੇ ਤੋੜੀ ਚੁੱਪ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਵਿਚ ਟਿਕਟਾਂ ਦੀ ਵੰਡ ਵਿਚ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਨੂੰ ਪੂਰੀ ਤਰ੍ਹਾਂ ਖਾਰਿਜ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦਾ ਰੋਲ ਸਿਰਫ਼ ਉਨ੍ਹਾਂ ਦੇ ਪ੍ਰਮੁੱਖ ਸਲਾਹਕਾਰ ਤੱਕ ਹੀ ਸੀਮਤ ਹੈ। ਇਹ ਅਹੁਦਾ ਸਿਰਫ਼ ਸਲਾਹਕਾਰੀ ਲਈ ਹੈ, ਜਿਸ ਵਿਚ ਫ਼ੈਸਲਾ ਲੈਣ ਦਾ ਅਧਿਕਾਰ ਨਹੀਂ ਹੁੰਦਾ। ਮੁੱਖ ਮੰਤਰੀ ਉਨ੍ਹਾਂ ਚਰਚਾਵਾਂ ’ਤੇ ਬੋਲ ਰਹੇ ਸਨ, ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀਆਂ ਟਿਕਟਾਂ ਨੂੰ ਅੰਤਿਮ ਰੂਪ ਦੇਣ ਵਿਚ ਪ੍ਰਸ਼ਾਂਤ ਕਿਸ਼ੋਰ ਦੀ ਅਹਿਮ ਭੂਮਿਕਾ ਹੋਵੇਗੀ। ਮੁੱਖ ਮੰਤਰੀ ਨੇ ਇਨ੍ਹਾਂ ਚਰਚਾਵਾਂ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦਾ ਸਵਾਲ ਹੀ ਬੇਮਾਨੀ ਹੈ ਕਿਉਂਕਿ ਪ੍ਰਸ਼ਾਂਤ ਕਿਸ਼ੋਰ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ

ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਟਿਕਟਾਂ ਦੀ ਵੰਡ ਲਈ ਨਿਯਮ ਅਤੇ ਮਾਪਦੰਡ ਨਿਰਧਾਰਤ ਹਨ, ਜੋ ਸਾਰੇ ਸੂਬਿਆਂ ਵਿਚ ਸਾਰੀਆਂ ਹੀ ਚੋਣਾਂ ਵਿਚ ਅਪਣਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਹਾਈ ਕਮਾਨ ਵਲੋਂ ਸੂਬਾ ਪੱਧਰੀ ਚੋਣ ਕਮੇਟੀ ਦਾ ਗਠਨ ਕੀਤਾ ਜਾਂਦਾ ਹੈ, ਜੋ ਸਾਰੇ ਨਾਵਾਂ ’ਤੇ ਵਿਚਾਰ ਕਰਦੀ ਹੈ ਅਤੇ ਚੋਣ ਮੈਦਾਨ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਬਾਰੇ ਫ਼ੈਸਲਾ ਕਰਦੀ ਹੈ। ਉਸ ਤੋਂ ਬਾਅਦ ਨਾਵਾਂ ਦੀ ਸੂਚੀ ਸਕਰੀਨਿੰਗ ਕਮੇਟੀ ਨੂੰ ਭੇਜ ਦਿੱਤੀ ਜਾਂਦੀ ਹੈ ਅਤੇ ਇਸ ਕਮੇਟੀ ਵਿਚ ਕਾਂਗਰਸ ਪ੍ਰਧਾਨ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਾਮਲ ਹੁੰਦੀ ਹੈ। ਅੰਤਿਮ ਫ਼ੈਸਲਾ ਕੇਂਦਰੀ ਚੋਣ ਕਮੇਟੀ ਕਰਦੀ ਹੈ ਅਤੇ ਇਸ ਵਿਚ ਨਿੱਜੀ ਤੌਰ ’ਤੇ ਕਿਸੇ ਦੀ ਭੂਮਿਕਾ ਨਹੀਂ ਹੁੰਦੀ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਵਲੋਂ 2022 ਦੀਆਂ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਮੇਟੀ ਵਲੋਂ ਟਿਕਟਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿਚ ਆਜ਼ਾਦਾਨਾ ਏਜੰਸੀਆਂ ਦੇ ਨਾਲ-ਨਾਲ ਪਾਰਟੀ ਦੀ ਸੂਬਾਈ ਇਕਾਈ ਸਮੇਤ ਅੰਦੂਰਨੀ ਅਤੇ ਬਾਹਰੀ ਧਿਰਾਂ ਤੋਂ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹੀ ਪ੍ਰਕਿਰਿਆ ਸਾਲ 2017 ਵਿਚ ਅਪਣਾਈ ਗਈ ਸੀ ਅਤੇ ਇਸ ਵਾਰ ਹੀ ਇਸੇ ਪ੍ਰਕਿਰਿਆ ਅਨੁਸਾਰ ਚੱਲਿਆ ਜਾਵੇਗਾ ਤਾਂ ਫਿਰ ਇਸ ਸਮੁੱਚੀ ਪ੍ਰਕਿਰਿਆ ਵਿਚ ਪ੍ਰਸ਼ਾਂਤ ਕਿਸ਼ੋਰ ਕਿੱਥੇ ਹੈ?

ਇਹ ਵੀ ਪੜ੍ਹੋ : ਪੰਜਾਬ ’ਚ ਸਕੂਲ ਖੋਲ੍ਹੇ ਜਾਣ ਦੇ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਆਇਆ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News