ਕੈਪਟਨ ਵੱਲੋਂ ਨਿਊ ਜਰਸੀ ਦੇ ਸੈਨੇਟਰ ਨਾਲ ਮੁਲਾਕਾਤ, ਅਮਰੀਕੀ ਕੰਪਨੀਆਂ ਤੋਂ ਮੰਗਿਆ ਨਿਵੇਸ਼

10/05/2019 6:42:25 PM

ਚੰਡੀਗੜ੍ਹ : ਨਿਊ ਜਰਸੀ ਦੇ ਸੈਨੇਟਰ ਤੇ ਡੈਮੋਕਰੇਟਿਕ ਪਾਰਟੀ ਦੇ ਸੀਨੀਅਰ ਮੈਂਬਰ ਰੌਬਰਟ ਮੈਂਡੇਜ਼ ਨੇ ਸ਼ੁੱਕਰਵਾਰ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਆਪਸੀ ਹਿੱਤਾਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ। ਇਨ੍ਹਾਂ ਮੁੱਦਿਆਂ 'ਚ ਖੇਤੀਬਾੜੀ, ਫੂਡ ਪ੍ਰਾਸੈਸਿੰਗ, ਰੱਖਿਆ, ਫਰਮਾਸੂਟੀਕਲ, ਇੰਜਨੀਅਰਿੰਗ ਤੇ ਸਰਵਿਸ ਖੇਤਰ ਪ੍ਰਮੁੱਖ ਸਨ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੈਨੇਟਰ ਅੱਗੇ ਮੰਗ ਰੱਖੀ ਕਿ ਉਹ ਅਮਰੀਕੀ ਕੰਪਨੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਲਈ ਉਤਸ਼ਾਹਤ ਕਰਨ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਵਪਾਰ ਲਈ ਨਵੇਂ ਮੌਕੇ ਪ੍ਰਦਾਨ ਕੀਤੇ ਗਏ ਹਨ। ਉਨ੍ਹਾਂ ਉਚੇਚੇ ਤੌਰ 'ਤੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਉਦਯੋਗਿਕ ਖੇਤਰ ਵਿਚ ਵੱਡੇ ਪੱਧਰ 'ਤੇ ਸੁਧਾਰ ਲਾਗੂ ਕੀਤੇ ਹਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਟਿਕਾਊ ਸਨਅਤੀ ਵਿਕਾਸ ਲਈ ਮੁਕੰਮਲ ਢਾਂਚਾ ਖੜ੍ਹਾ ਕੀਤਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਜਪਾਨ, ਤਾਈਵਾਨ, ਜਰਮਨੀ ਤੇ ਯੂ. ਏ. ਈ. ਦੀਆਂ ਕੌਮਾਂਤਰੀ ਕੰਪਨੀਆਂ ਵੱਲੋਂ ਵੱਡੇ ਪੱਧਰ 'ਤੇ ਨਿਵੇਸ਼ ਕੀਤਾ ਜਾ ਰਿਹਾ ਹੈ ਜਿਸ ਨਾਲ ਸੂਬੇ ਦਾ ਉਦਯੋਗਿਕ ਵਿਕਾਸ ਤੇ ਆਰਥਿਕ ਤਰੱਕੀ ਹੋਰ ਵਧੇਗੀ। ਮੁੱਖ ਮੰਤਰੀ ਨੇ ਸੈਨੇਟਰ ਅਤੇ ਉਨ੍ਹਾਂ ਦੀ ਅਗਵਾਈ ਹੇਠ ਆਏ ਉਚ ਪੱਧਰੀ ਵਫਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਵਿਚ ਨਵੇਂ ਉਦਮ ਸਥਾਪਤ ਕਰਨ ਦੇ ਚਾਹਵਾਨ ਅਮਰੀਕੀ ਉਦਯੋਗਪਤੀਆਂ ਨੂੰ ਇਕ ਵਾਰ ਪੰਜਾਬ ਦੇ ਫੇਰੀ ਪਾਉਣ ਲਈ ਕਹਿਣ। ਉਨ੍ਹਾਂ ਕਿਹਾ ਕਿ ਉਹ ਪੰਜਾਬ ਆ ਕੇ ਇਥੇ ਨਿਵੇਸ਼ ਲਈ ਸੰਭਾਵਨਾਵਾਂ ਦੀ ਤਲਾਸ਼ ਕਰ ਸਕਦੇ ਹਨ ਜਿੱਥੇ ਕਿਫਾਇਤੀ ਜ਼ਮੀਨ ਮਿਲਣ ਤੋਂ ਇਲਾਵਾ ਹੁਨਰ ਭਰਪੂਰ ਮਨੁੱਖੀ ਸ਼ਕਤੀ ਵੀ ਮਿਲੇਗੀ।

ਮੁੱਖ ਮੰਤਰੀ ਨੇ ਵਫਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਸੂਬਾ ਸਰਕਾਰ ਵੱਲੋਂ ਉਲੀਕੇ ਵੱਡੇ ਪੱਧਰ 'ਤੇ ਪ੍ਰੋਗਰਾਮਾਂ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਨੂੰ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਵੀ ਸੱਦਾ ਪੱਤਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਨਵਬੰਰ ਮਹੀਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਵੱਡੇ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜ਼ਿਕਰ ਕੀਤਾ। ਵਫਦ ਨੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦਾ ਹਿੱਸਾ ਬਣਨ ਦੀ ਇੱਛਾ ਵੀ ਜ਼ਾਹਰ ਕੀਤੀ।

ਰੌਬਰਟ ਮੈਂਡੇਜ਼ ਜੋ ਸੈਨੇਟ ਵਿਦੇਸ਼ ਸਬੰਧ ਕਮੇਟੀ ਦੇ ਰੈਂਕਿੰਗ ਮੈਂਬਰ ਵੀ ਹਨ, ਨੇ ਕਿਹਾ ਕਿ ਅਮਰੀਕਾ ਤੇ ਭਾਰਤ ਵਿਚਾਲੇ ਵਪਾਰਕ ਰਿਸ਼ਤੇ ਮਜ਼ਬੂਤ ਅਤੇ ਤੇਜ਼ੀ ਨਾਲ ਵੱਧ ਰਹੇ ਹਨ। ਇਹ ਵਪਾਰਕ ਰਿਸ਼ਤੇ ਆਉਣ ਵਾਲੇ ਸਾਲਾਂ ਵਿਚ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਅਮਰੀਕੀ ਕੰਪਨੀਆਂ ਨੇ ਪੰਜਾਬ ਵਿਚ ਨਿਵੇਸ਼ ਲਈ ਮਹੱਤਵਪੂਰਨ ਸੰਭਾਵਨਾਵਾਂ ਨੂੰ ਵੇਖਿਆ ਹੈ ਜਿੱਥੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਬਣਾਈ ਨਵੀਂ ਉਦਯੋਗਿਕ ਨੀਤੀ ਨਾਲ ਵਪਾਰ ਕਰਨ ਵਿਚ ਅਸਾਨੀ ਹੋਈ ਹੈ।


Gurminder Singh

Content Editor

Related News