ਮੁੱਖ ਮੰਤਰੀ ਨੇ ਪੰਚਾਂ-ਸਰਪੰਚਾਂ ਨੂੰ ਚੁਕਾਈ ਅਹੁਦੇ ਦੀ ਸਹੁੰ

01/11/2019 6:48:15 PM

ਪਟਿਆਲਾ (ਰਾਜੇਸ਼/ਰਾਣਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲਿਆਂ ਦੇ ਨਵੇਂ ਚੁਣੇ ਪੰਚਾਂ, ਸਰਪੰਚਾਂ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸਮੰਤੀ ਮੈਂਬਰਾਂ ਨੂੰ ਅਹੁਦੇ ਅਤੇ ਨਸ਼ਾ ਰੋਕੂ ਅਫਸਰ (ਡੈਪੋ) ਵਜੋਂ ਹਲਫ਼ ਦਿਵਾਇਆ ਅਤੇ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਆਪਣੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦਾ ਰੋਲ ਬਹੁਤ ਮਹੱਤਵਪੂਰਨ ਹੈ।
ਇਨ੍ਹਾਂ ਨੁਮਾਇੰਦਿਆਂ ਨੂੰ ਡੈਪੋ ਵਜੋਂ ਸਹੁੰ ਚੁਕਵਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਜ਼ਿੰਮੇਵਾਰੀ ਹੈ, ਜਿਹੜੀ ਮੈਂ ਤਹਾਨੂੰ ਸੌਂਪ ਰਿਹਾ ਹਾਂ। ਮੁੱਖ ਮੰਤਰੀ ਨੇ ਚੁਣੇ ਹੋਏ ਮੈਂਬਰਾਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਡੈਪੋ ਅਤੇ ਬੱਡੀ ਪ੍ਰੋਗਰਾਮਾਂ ਦੇ ਨਾਲ-ਨਾਲ ਓ. ਓ. ਏ. ਟੀ. ਕਲੀਨਿਕ ਬਹੁਤ ਕਾਮਯਾਬ ਸਿੱਧ ਹੋਏ ਹਨ ਅਤੇ ਹੁਣ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦੇਣ ਦੀ ਜ਼ਿੰਮੇਵਾਰੀ ਉਨ੍ਹਾਂ (ਚੁਣੇ ਹੋਏ ਨੁਮਾਇੰਦਿਆਂ) ਦੇ ਮੋਢਿਆ 'ਤੇ ਹੈ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਕਿਹਾ ਕਿ ਪੰਚਾਂ ਅਤੇ ਸਰਪੰਚਾਂ ਦੀ ਚੋਣ ਹੇਠਲੇ ਪੱਧਰ 'ਤੇ ਪੰਚਾਇਤੀ ਰਾਜ ਪ੍ਰਣਾਲੀ ਰਾਹੀਂ ਹੋਈ ਹੈ ਜੋ ਮੁਲਕ ਦਾ ਮਜ਼ਬੂਤ ਥੰਮ੍ਹ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵੱਲੋਂ ਪੰਚਾਇਤੀ ਚੋਣਾਂ ਵਿਚ ਗਲਤ ਹੱਥਕੰਡੇ ਵਰਤਣ ਦੇ ਬਾਵਜੂਦ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਦੇ ਉਲਟ ਇਸ ਵਾਰ ਸੂਬੇ ਵਿਚ ਚੋਣਾਂ ਅਮਨ-ਸ਼ਾਂਤੀ ਨਾਲ ਹੋਈਆਂ ਹਨ।
ਇਸ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਆਪਣੇ ਪਿੰਡਾਂ ਦੇ ਉਨ੍ਹਾਂ ਦੇ ਮੁਕਾਬਲੇ ਹਾਰੇ ਹੋਏ ਉਮੀਦਵਾਰਾਂ ਨੂੰ ਵੀ ਨਾਲ ਲੈ ਕੇ ਚੱਲਣ ਤਾਂ ਕਿ ਉਨ੍ਹਾਂ ਦੇ ਇਲਾਕੇ ਦਾ ਚੌਂਹਤਰਫ਼ਾ ਵਿਕਾਸ ਹੋ ਸਕੇ। ਪਰਨੀਤ ਕੌਰ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਾਰੀਆਂ ਪਾਰਟੀਆਂ ਦੇ ਸਾਂਝੇ ਉਦਮ ਤੇ ਯੋਜਨਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਚਾਇਤਾਂ ਨੂੰ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਪਿੰਡਾਂ 'ਚ ਹੇਠਲੇ ਪੱਧਰ 'ਤੇ ਸਮੁੱਚੇ ਪਿੰਡ ਵਾਸੀਆਂ ਦੇ ਸਾਥ ਨਾਲ ਅੱਗੇ ਵਧਣਾ ਚਾਹੀਦਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਜ਼ਿਲਾ ਪਟਿਆਲਾ ਦੀਆਂ 1036 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ 6299 ਪੰਚਾਇਤ ਮੈਂਬਰਾਂ, ਜ਼ਿਲਾ ਪ੍ਰੀਸ਼ਦ ਪਟਿਆਲਾ ਦੇ 25 ਮੈਂਬਰਾਂ ਤੇ 9 ਬਲਾਕ ਸੰਮਤੀਆਂ ਦੇ 193 ਮੈਂਬਰਾਂ ਸਮੇਤ ਜ਼ਿਲਾ ਫ਼ਤਹਿਗੜ੍ਹ ਸਾਹਿਬ ਦੀਆਂ ਗ੍ਰਾਮ ਪੰਚਾਇਤਾਂ ਦੇ 426 ਸਰਪੰਚਾਂ ਅਤੇ 2433 ਪੰਚਾਇਤ ਮੈਂਬਰਾਂ ਸਮੇਤ ਜ਼ਿਲਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ 10 ਮੈਂਬਰਾਂ ਅਤੇ 5 ਬਲਾਕ ਸੰਮਤੀਆਂ ਦੇ 77 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ।


Gurminder Singh

Content Editor

Related News