ਨਸ਼ਿਆਂ ਨੂੰ ਠੱਲ੍ਹਣ ਲਈ ਫ਼ਾਜ਼ਿਲਕਾ ਪੁਲਸ ਦੀ ਵੱਡੀ ਕਾਰਵਾਈ, 6 ਮਹੀਨੇ ''ਚ 237 ਤਸਕਰ ਕਾਬੂ

06/26/2019 5:50:19 PM

ਜਲਾਲਾਬਾਦ (ਸੇਤੀਆ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਅਹਿਦ ਦੀ ਪੂਰਤੀ ਲਈ ਵੱਡੀ ਕਾਰਵਾਈ ਕਰਦਿਆਂ ਫ਼ਾਜ਼ਿਲਕਾ ਪੁਲਸ ਨੇ 6 ਮਹੀਨੇ ਦੌਰਾਨ 237 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਨਸ਼ਾ ਬਰਾਮਦ ਕੀਤਾ ਹੈ। ਅੱਜ ਕੌਮਾਂਤਰੀ ਨਸ਼ਾ ਤੇ ਗ਼ੈਰਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਫ਼ਾਜ਼ਿਲਕਾ ਦੀਪਕ ਹਿਲੋਰੀ ਨੇ ਦੱਸਿਆ ਕਿ ਪਿਛਲੇ 6 ਮਹੀਨਿਆਂ ਦੌਰਾਨ ਨਸ਼ਾ ਤਸਕਰੀ ਦੇ ਵੱਖ-ਵੱਖ 180 ਮਾਮਲੇ ਦਰਜ ਕੀਤੇ ਗਏ ਅਤੇ ਨਸ਼ਾ ਤਸਕਰਾਂ ਕੋਲੋਂ 5 ਕਿੱਲੋ 118 ਗ੍ਰਾਮ ਹੈਰੋਇਨ, 5 ਕਿੱਲੋ 450 ਗ੍ਰਾਮ ਅਫ਼ੀਮ, 561 ਕਿੱਲੋ 360 ਗ੍ਰਾਮ ਭੁੱਕੀ, 81 ਕਿੱਲੋ 200 ਗ੍ਰਾਮ ਭੁੱਕੀ ਦੇ ਹਰੇ ਪੌਦੇ, 40 ਗ੍ਰਾਮ ਸਮੈਕ, 1 ਗ੍ਰਾਮ ਨਾਰਕੋਟਿਕਸ ਪਾਊਡਰ ਅਤੇ 148858 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 12 ਤੋਂ 26 ਜੂਨ ਤੱਕ ਨਸ਼ਾ ਵਿਰੋਧੀ ਪੰਦਰਵਾੜਾ ਮੁਹਿੰਮ ਤਹਿਤ ਹੀ ਨਸ਼ਾ ਤਸਕਰੀ ਦੇ 28 ਮਾਮਲੇ ਦਰਜ ਕਰਕੇ 33 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਕੋਲੋਂ 1 ਕਿੱਲੋ 250 ਗ੍ਰਾਮ ਅਫ਼ੀਮ, 57 ਕਿੱਲੋ 500 ਗ੍ਰਾਮ ਭੁੱਕੀ, 93 ਮਿਲੀਗ੍ਰਾਮ ਹੈਰੋਇਨ ਅਤੇ 55229 ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਅਤੇ ਤਸਕਰੀ ਰੋਕਣ ਲਈ ਗੁਆਂਢੀ ਸੂਬਿਆਂ ਤੋਂ ਆਉਂਦੇ ਰਸਤਿਆਂ 'ਤੇ ਅਬੋਹਰ ਸਬ ਡਿਵੀਜ਼ਨ ਵਿਖੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਰਾਜਸਥਾਨ ਅਤੇ ਹਰਿਆਣਾ ਤੋਂ ਆਉਂਦੀਆਂ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਨਸ਼ੇ ਸਬੰਧੀ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਬੱਸਾਂ ਸਮੇਤ ਹਰ ਤਰ੍ਹਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੁਲਸ ਅਧਿਕਾਰੀਆਂ ਨਾਲ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਸਣੇ ਉਥੇ ਰਹਿੰਦੇ ਨਸ਼ਾ ਤਸਕਰਾਂ ਵਿਰੁੱਧ ਸਾਂਝੇ ਆਪ੍ਰੇਸ਼ਨ ਚਲਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਗੁਆਂਢੀ ਸੂਬੇ ਰਾਜਸਥਾਨ ਅਤੇ ਕੌਮਾਂਤਰੀ ਸਰਹੱਦ ਵੱਲੋਂ ਆਉਂਦੀਆਂ ਸੜਕਾਂ 'ਤੇ ਸੰਵੇਦਨਸ਼ੀਲ ਥਾਵਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਾਏ ਗਏ ਹਨ ਤਾਂ ਜੋ ਸ਼ੱਕੀ ਵਿਅਕਤੀਆਂ 'ਤੇ ਬਾਜ਼ ਅੱਖ ਰੱਖੀ ਜਾ ਸਕੇ। ਐੱਸ. ਐੱਸ. ਪੀ. ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲੇ 'ਚ ਪਿਛਲੇ 8-9 ਵਰ੍ਹਿਆਂ ਦੌਰਾਨ ਐੱਨ. ਡੀ. ਪੀ. ਐੱਸ. ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ 1315 ਨਸ਼ਾ ਤਸਕਰਾਂ ਦਾ ਵਰਗੀਕਰਨ ਕਰਨ ਉਪਰੰਤ ਇਨ੍ਹਾਂ ਦੀ ਮੁੜ ਵੈਰੀਫ਼ਿਕੇਸ਼ਨ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚ ਏ ਕੈਟਾਗਿਰੀ ਦੇ 28, ਬੀ-ਕੈਟਾਗਿਰੀ ਦੇ 34 ਅਤੇ ਸੀ-ਕੈਟਾਗਿਰੀ ਦੇ 1253 ਤਸਕਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਤਸਕਰਾਂ ਨੂੰ ਥਾਣੇ ਬੁਲਾ ਕੇ ਇਨ੍ਹਾਂ ਦੀ ਵੈਰੀਫ਼ਿਕੇਸ਼ਨ ਕੀਤੀ ਜਾ ਰਹੀ ਹੈ। ਜਨਵਰੀ 2019 ਤੋਂ ਅਰੰਭੀ ਵੈਰੀਫ਼ਿਕੇਸ਼ਨ ਪ੍ਰਕਿਰਿਆ ਤਹਿਤ ਹੁਣ ਤੱਕ ਏ ਅਤੇ ਬੀ ਕੈਟਾਗਿਰੀ ਦੇ ਸਾਰੇ ਨਸ਼ਾ ਤਸਕਰਾਂ ਦੀ ਵੈਰੀਫ਼ਿਕੇਸ਼ਨ ਕੀਤੀ ਜਾ ਚੁੱਕੀ ਹੈ ਜਦਕਿ ਸੀ ਕੈਟਾਗਿਰੀ ਦੇ 750 ਤਸਕਰਾਂ ਦੀ ਵੈਰੀਫ਼ਿਕੇਸ਼ਨ ਹੋ ਚੁੱਕੀ ਹੈ ਅਤੇ ਬਾਕੀ ਤਸਕਰਾਂ ਦੀ ਵੈਰੀਫ਼ਿਕੇਸ਼ਨ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਈ ਜਾਵੇਗੀ ਅਤੇ ਇਸ ਉਪਰੰਤ ਸਰਗਰਮ ਤਸਕਰਾਂ ਦਾ ਪਤਾ ਲਾ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵੀ ਅਰੰਭੀ ਗਈ ਹੈ। ਵਿਭਾਗ ਵੱਲੋਂ ਸਰਕਾਰ ਨੂੰ ਦੋਸ਼ੀ ਪਾਏ ਗਏ 15 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਲਿਖਿਆ ਗਿਆ ਹੈ। ਸੀ.ਆਰ.ਪੀ.ਸੀ. ਐਕਟ ਦੀ ਧਾਰਾ 110 (ਐਫ਼) ਤਹਿਤ ਸੁਰੱਖਿਆ ਵਜੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਹੁਣ ਤੱਕ ਅਜਿਹੇ ਤਸਕਰਾਂ ਵਿਰੁੱਧ 86 ਕਲੰਦਰੇ ਪੇਸ਼ ਕੀਤੇ ਗਏ ਹਨ ਅਤੇ ਜ਼ਿਆਦਾਤਰ ਨੂੰ ਜੇਲ ਭੇਜ ਦਿੱਤਾ ਗਿਆ ਹੈ। ਸਰਗਰਮ ਨਸ਼ਾ ਤਸਕਰਾਂ 'ਤੇ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ ਅਤੇ ਭਗੌੜੇ ਤਸਕਰਾਂ ਦੀ ਭਾਲ ਲਈ ਵੀ ਤੀਬਰ ਕਾਰਵਾਈ ਜਾਰੀ ਹੈ। ਇਸ ਤੋਂ ਇਲਾਵਾ ਅਦਾਲਤਾਂ ਵਿੱਚੋਂ ਬਰੀ ਹੋਏ ਅਤੇ ਜ਼ਮਾਨਤ 'ਤੇ ਆਏ ਨਸ਼ਾ ਤਸਕਰਾਂ 'ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। 

ਨਸ਼ਾ ਤਸਕਰੀ 'ਚ ਗਲਤਾਨ 56 ਪਿੰਡਾਂ/ਮੁਹੱਲਿਆਂ ਦੀ ਸ਼ਨਾਖ਼ਤ
ਦੀਪਕ ਹਿਲੋਰੀ ਨੇ ਦੱਸਿਆ ਕਿ 56 ਅਜਿਹੇ ਪਿੰਡਾਂ ਤੇ ਮੁਹੱਲਿਆਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜੋ ਨਸ਼ਾ ਤਸਕਰੀ ਲਈ ਬਦਨਾਮ ਹਨ। ਉਨ੍ਹਾਂ ਦੱਸਿਆ ਕਿ ਐੱਸ.ਪੀ. (ਪੀ.ਬੀ.ਆਈ. ਨਾਰਕੋਟਿਕਸ) ਅਤੇ ਐੱਸ.ਪੀ. (ਪੜਤਾਲ) ਦੀ ਅਗਵਾਈ ਹੇਠ ਜਿਥੇ ਇਨ੍ਹਾਂ ਸੰਵੇਦਨਸ਼ੀਲ ਥਾਵਾਂ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਭਾਸ਼ਣ, ਦਸਤਾਵੇਜ਼ੀ ਫ਼ਿਲਮਾਂ ਅਤੇ ਨਸ਼ੇ ਵਿਰੋਧੀ ਸਾਹਿਤ, ਪੈਂਫ਼ਲੈਟ ਤੇ ਬੈਨਰਾਂ ਰਾਹੀਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਖੁੱਲ੍ਹ ਕੇ ਬੋਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਨਸ਼ਾ ਤਸਕਰਾਂ ਨੂੰ ਇਹ ਮਾਰੂ ਰਾਹ ਛੱਡਣ ਅਤੇ ਨਸ਼ਾ ਪੀੜਤਾਂ ਨੂੰ ਮੈਡੀਕਲ ਪ੍ਰਣਾਲੀ ਰਾਹੀਂ ਆਪਣਾ ਇਲਾਜ ਕਰਵਾ ਕੇ ਮੁੱਖ ਧਾਰਾ ਵਿਚ ਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੁਲਸ ਦੇ ਸੂਚਨਾ ਤੰਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸਮਾਜ ਸੇਵੀ ਜਥੇਬੰਦੀਆਂ ਤੇ ਯੂਥ ਕਲੱਬਾਂ ਦੇ ਨੁਮਾਇੰਦਿਆਂ, ਔਰਤਾਂ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਫ਼ੌਜੀ ਜਵਾਨਾਂ 'ਤੇ ਆਧਾਰਤ ਪਿੰਡ/ਮੁਹੱਲਾ ਪੱਧਰੀ ਕਮੇਟੀਆਂ ਦੀ ਸਥਾਪਨਾ ਕੀਤੀ ਗਈ ਹੈ। 

ਨਸ਼ੇ ਬਾਰੇ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ 18001802181 ਸਥਾਪਤ
ਹਿਲੋਰੀ ਮੁਤਾਬਕ ਫ਼ਾਜ਼ਿਲਕਾ ਵਿਖੇ ਜ਼ਿਲਾ ਪੱਧਰੀ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 18001802181 ਸਥਾਪਤ ਕੀਤਾ ਗਿਆ ਹੈ ਤਾਂ ਜੋ ਲੋਕ ਇੱਥੇ ਆਸਾਨੀ ਨਾਲ ਨਸ਼ੇ ਬਾਰੇ ਕਿਸੇ ਵੀ ਤਰ੍ਹਾਂ ਜਾਣਕਾਰੀ ਸਾਂਝੀ ਕਰ ਸਕਣ। ਉਨ੍ਹਾਂ ਦੱਸਿਆ ਕਿ ਨਸ਼ੇ ਨਾਲ ਸਬੰਧਤ ਮਸਲਿਆਂ ਨੂੰ ਨਜਿੱਠਣ ਲਈ ਐਸ.ਪੀ. ਪੱਧਰ ਦਾ ਅਧਿਕਾਰੀ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਜ਼ਿਲੇ 'ਚ ਤਾਇਨਾਤ ਹਨ 33,070 ਡੈਪੋਜ਼
ਐੱਸ. ਐੱਸ. ਪੀ. ਨੇ ਦੱਸਿਆ ਕਿ ਪੁਲਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਵਿਚ ਜਿਥੇ ਜ਼ਿਲੇ ਵਿੱਚ ਰਜਿਸਟਰਡ 33,070 ਨਸ਼ਾ ਰੋਕਥਾਮ ਅਫ਼ਸਰ (ਡੈਪੋਜ਼) ਅਹਿਮ ਭੂਮਿਕਾ ਨਿਭਾਅ ਰਹੇ ਹਨ, ਉਥੇ ਆਮ ਲੋਕ ਵੀ ਨਸ਼ੇ ਦੇ ਖ਼ਾਤਮੇ ਲਈ ਜਾਗਰੂਕਤਾ ਪੈਦਾ ਕਰਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਡੈਪੋਜ਼ ਨੂੰ ਸਰਗਰਮ ਰੱਖਣ ਲਈ ਹੁਣ ਤੱਕ ਜ਼ਿਲ੍ਹੇ 'ਚ 849 ਸੈਮੀਨਾਰ ਤੇ ਮੀਟਿੰਗਾਂ ਕਰਵਾਈਆਂ ਗਈਆਂ ਹਨ।

Gurminder Singh

This news is Content Editor Gurminder Singh