ਅਧਿਆਪਕ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ : ਕੈਪਟਨ

Thursday, Sep 05, 2019 - 12:56 AM (IST)

ਅਧਿਆਪਕ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ : ਕੈਪਟਨ

ਚੰਡੀਗੜ੍ਹ,(ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਚੰਗੇਰੇ ਭਵਿਖ ਨੂੰ ਯਕੀਨੀ ਬਣਾਉਣ ਲਈ ਮਿਆਰੀ ਤੇ ਕਦਰਾਂ-ਕੀਮਤਾਂ 'ਤੇ ਆਧਾਰਿਤ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਦੇਣ। ਆਪਣੇ ਇਕ ਸੰਦੇਸ਼ 'ਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਅਧਿਆਪਕ ਵਰਗ ਨਾਮੀ ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜਿਨ੍ਹਾਂ ਦੇ ਜਨਮ ਦਿਵਸ ਦੇ ਮੌਕੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ, ਨੂੰ ਆਪਣਾ ਆਦਰਸ਼ ਮੰਨਦਾ ਹੋਇਆ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਪ੍ਰਣ ਕਰੇ। ਅਧਿਆਪਕਾਂ ਨੂੰ ਰਾਸ਼ਟਰ ਦੇ ਨਿਰਮਾਤਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਅਧਿਆਪਕ ਭਾਈਚਾਰੇ ਨੂੰ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਤਰਾਸ਼ਣ ਤੇ ਵਿਦਿਆਰਥੀਆਂ 'ਚ ਸਖ਼ਤ ਮਿਹਨਤ, ਅਨੁਸ਼ਾਸਨ ਤੇ ਲੀਡਰਸ਼ਿਪ ਦੇ ਗੁਣ ਭਰਨ ਦਾ ਸੱਦਾ ਦਿੱਤਾ ਤਾਂ ਜੋ ਉਨ੍ਹਾਂ ਨੂੰ ਸਮਾਜ ਦੇ ਆਦਰਸ਼ ਨਾਗਿਰਕ ਬਣਾਇਆ ਜਾ ਸਕੇ।
 


Related News