ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦ੍ਰਿੜ ਸੰਕਲਪ : ਸਰਕਾਰੀਆ

05/31/2020 6:30:56 PM

ਤਰਨਤਾਰਨ (ਰਮਨ) : ਸਰਕਾਰ ਲੋਕਾਂ ਦੀ ਸੇਵਾ ਕਰਨ ਲਈ ਹੀ ਬਣੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦ੍ਰਿੜ ਸੰਕਲਪ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੋਵਿਡ-19 ਦੌਰਾਨ ਜ਼ਿਲ੍ਹੇ ਵਿਚ ਕੀਤੇ ਗਏ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਿਦਆਂ ਕੀਤਾ। ਸਰਕਾਰੀਆ ਨੇ ਕਿਹਾ ਕਿ ਕਰੋਨਾ ਵਾਇਰਸ ਦੇ ਚੱਲਦੇ ਸਮਾਜ ਦੇ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਸਰਕਾਰ ਵਲੋਂ ਸਮੇਂ-ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।    

ਇਸ ਉਪਰੰਤ ਕੈਬਨਿਟ ਮੰਤਰੀ ਦੀ ਮੌਜੂਦਗੀ ਵਿਚ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਤਰਨ ਤਾਰਨ ਨੂੰ ਵੈਂਟੀਲੇਟਰ ਭੇਂਟ ਕੀਤਾ ਗਿਆ। ਇਸੇ ਮੌਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੰਜਾਬ ਸਰਕਾਰ ਵੱਲੋਂ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਡਾ. ਐੱਸ. ਪੀ. ਸਿੰਘ ਓਬਰਾਏ ਨੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਦੀ ਮੌਜੂਦਗੀ 'ਚ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 50 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਸੁੱਕਾ ਰਾਸ਼ਨ ਦੇਣ ਤੋਂ ਇਲਾਵਾ ਸਾਰੇ ਮੈਡੀਕਲ ਕਾਲਜਾਂ, ਹਰੇਕ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਏਅਰਪੋਰਟ ਅਥਾਰਟੀਆਂ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨਾਂ ਆਦਿ ਨੂੰ ਮੋਹਰਲੀ ਕਤਾਰ 'ਚ ਲੜਨ ਵਾਲੇ ਕਰਮਚਾਰੀਆਂ ਦੀ ਸਿਹਤ ਦੀ ਸੁਰੱਖਿਆ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਾਉਣ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਇਹ ਬਿਪਤਾ ਟੱਲ ਨਹੀਂ ਜਾਂਦੀ, ਉਨਾਂ ਚਿਰ ਤੱਕ ਉਹ ਸਾਰੇ ਸੇਵਾ ਕਾਰਜ ਨਿਰੰਤਰ ਨਿਭਾਉਂਦੇ ਰਹਿਣਗੇ ।    


Gurminder Singh

Content Editor

Related News