ਅਧਿਆਪਕਾਂ ਦੀ ਤਨਖਾਹਾਂ ''ਤੇ ਪੰਜਾਬ ਸਰਕਾਰ ਨੇ ਖੜ੍ਹੇ ਕੀਤੇ ਹੱਥ !

10/15/2018 7:04:03 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਕੋਲ ਇੰਨਾ ਪੈਸਾ ਨਹੀਂ ਹੈ ਕਿ ਉਹ ਅਧਿਆਪਕਾਂ ਨੂੰ 45000 ਰੁਪਏ ਤਨਖਾਹ ਦੇ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਦੀ ਤਨਖਾਹ 10300 ਸੀ ਜੋ ਵਧਾ ਕੇ 15300 ਰੁਪਏ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਵਿਖੇ ਅਧਿਆਪਕ ਨੂੰ 9 ਦਿਨ ਤੋਂ ਧਰਨੇ 'ਤੇ ਬੈਠੇ ਹਨ ਪਰ ਸਰਕਾਰ ਉਨ੍ਹਾਂ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। 

ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਨੇ ਕਿਹਾ ਕਿ ਅਧਿਆਪਕਾਂ ਦੇ ਮਸਲੇ 'ਤੇ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਪੰਜਾਬ ਵਿਤੀ ਸੰਕਟ 'ਚੋਂ ਗੁਜ਼ਰ ਰਿਹਾ ਹੈ ਅਤੇ 40 ਹਜ਼ਾਰ ਹੋਰ ਕੱਚੇ ਮੁਲਾਜ਼ਮ ਵੀ ਪੱਕੇ ਕਰਨ ਵਾਲੇ ਅਜੇ ਬਾਕੀ ਹਨ ਪਰ ਸਰਕਾਰ ਇਸ ਮਾਮਲੇ 'ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਯੋਗ ਕਦਮ ਚੁੱਕੇਗੀ। 

ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪਿਛਲੇ 9 ਦਿਨ ਤੋਂ ਅਧਿਆਪਕ ਮਰਨ ਵਰਤ 'ਤੇ ਬੈਠੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਤਾਨਾਸ਼ਾਹੀ ਫੈਸਲਾ ਲੈਂਦੇ ਹੋਏ ਉਨ੍ਹਾਂ ਦੀ ਤਨਖਾਹ 45000 ਤੋਂ ਘਟਾ ਕੇ 15000 ਰੁਪਏ ਕਰ ਦਿੱਤੀ ਹੈ। ਇਸ ਧਰਨੇ ਦੌਰਾਨ ਕਈ ਅਧਿਆਪਕਾਂ ਦੀ ਸਿਹਤ ਵੀ ਵਿਗ਼ੜ ਚੁੱਕੀ ਹੈ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤਕ ਪੰਜਾਬ ਸਰਕਾਰ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ ਉਦੋਂ ਤਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।


Related News