30 ਸਤੰਬਰ ਤਕ ਬੇਰੁਜ਼ਗਾਰਾਂ ਨੂੰ ਮਿਲੇਗਾ ਰੋਜ਼ਗਾਰ : ਕੈਪਟਨ

08/16/2019 7:03:46 PM

ਜਲੰਧਰ,(ਧਵਨ): ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਅਜਿਹੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ। 73ਵੇਂ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਲੋਕਾਂ ਨੂੰ ਸਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਜੋ ਪੰਜਾਬ ਦੇ ਵਿਕਾਸ ਤੇ ਸ਼ਾਂਤਮਈ ਮਾਹੌਲ ਨਾਲ ਈਰਖਾ ਕਰਦੀਆਂ ਹਨ। ਇਸ ਲਈ ਪੰਜਾਬੀਆਂ ਨੂੰ ਸੂਬੇ ਦੇ ਮੁੜ ਨਿਰਮਾਣ, ਸ਼ਾਂਤੀ ਤੇ ਏਕਤਾ ਦੀਆਂ ਜੜਾਂ ਨੂੰ ਮਜ਼ਬੂਤ ਬਣਾਉਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਲਈ ਖੁਦ ਨੂੰ ਸਮਰਪਿਤ ਕਰਨਾ ਹੋਵੇਗਾ। ਇਸ ਦੌਰਾਨ ਉਨ੍ਹਾਂ 30 ਸਤੰਬਰ ਤਕ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 9 ਤੋਂ 30 ਸਤੰਬਰ ਤੱਕ ਪੰਜਵਾਂ ਵਿਸ਼ਾਲ ਰੋਜ਼ਗਾਰ ਮੇਲਾ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਲਾਇਆ ਜਾ ਰਿਹਾ ਹੈ। ਜਿੱਥੇ ਬੇਰੁਜ਼ਗਾਰ ਨੌਜਵਾਨਾਂ ਨੂੰ 2 ਲੱਖ ਨੌਕਰੀਆਂ ਦੇਣ ਦੇ ਨਾਲ-ਨਾਲ ਇਕ ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਸਹਿਯੋਗ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਖੇਤ ਮਜ਼ਦੂਰਾਂ ਦਾ 520 ਕਰੋੜਾ ਦਾ ਕਰਜ਼ਾ ਵੀ ਮੁਆਫ ਕਰਨ ਦਾ ਐਲਾਨ ਕੀਤਾ ਗਿਆ।

ਕੈਪਟਨ ਨੇ ਦਾਅਵਾ ਕੀਤਾ ਕਿ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ। ਜਿਸ ਦੇ ਤਹਿਤ ਦਸਵੀਂ ਜਮਾਤ 'ਚ ਪਾਸ ਫੀਸਦੀ 'ਚ 8.7 ਫੀਸਦੀ ਅਤੇ 10+2 ਜਮਾਤ 'ਚ 4.45 ਫੀਸਦੀ ਦਾ ਵਾਧਾ ਹੋਇਆ ਹੈ। ਸਰਕਾਰ ਨੇ 30 ਕਰੋੜ ਦੀ ਰਾਸ਼ੀ ਖਰਚ ਕਰਕੇ 261 ਸਮਾਰਟ ਸਕੂਲ ਸਥਾਪਿਤ ਕੀਤੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ, ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਅਤੇ ਜਲਿਆਂਵਾਲਾ ਬਾਗ ਕਤਲੇਆਮ ਦੇ 100 ਸਾਲ ਪੂਰੇ ਹੋਣ ਕਾਰਨ ਸਾਲ 2019 ਇਕ ਇਤਿਹਾਸਕ ਸਾਲ ਹੈ, ਜਿਸ ਨੂੰ ਸੂਬਾ ਸਰਕਾਰ ਸ਼ਰਧਾ ਤੇ ਉਤਸਾਹ ਨਾਲ ਮਨਾਉਣ ਜਾ ਰਹੀ ਹੈ। ਮੁੱਖ ਮੰਤਰੀ ਨੇ ਨਸ਼ਿਆਂ ਦੇ ਖਿਲਾਫ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਜੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ ਐੱਨ. ਡੀ. ਪੀ. ਐੱਸ. ਐਕਟ ਤਹਿਤ 27744 ਕੇਸ ਦਰਜ ਕੀਤੇ ਗਏ ਹਨ ਅਤੇ 33622 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 767 ਕਿਲੋ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਸੂਬੇ 'ਚ ਨਸ਼ਿਆਂ ਦੀ ਗ੍ਰਿਫਤ 'ਚ ਫਸੇ 87000 ਲੋਕਾਂ ਦਾ ਇਲਾਜ 178 ਓਟ ਕਲੀਨਿਕਾਂ 'ਚ ਕੀਤਾ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਲਿਆਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 520 ਕਰੋੜ ਰੁਪਏ ਦੇ ਸਹਿਕਾਰੀ ਕਰਜ਼ਿਆਂ ਨੂੰ ਮਾਫ ਕਰਨ 'ਤੇ ਵਿਚਾਰ ਕਰ ਰਹੀ ਹੈ। ਕਿਸਾਨ ਕਰਜ਼ਾ ਮੁਆਫੀ ਤਹਿਤ ਹੁਣ ਤੱਕ 5.62 ਲੱਖ ਛੋਟੇ ਤੇ ਸਰਹੱਦੀ ਕਿਸਾਨਾਂ ਦੀ 4700 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 250 ਸਾਲਾਂ 'ਚ ਕਾਂਗਰਸ ਸਰਕਾਰ ਦੇ ਸਮੇਂ ਕਿਸਾਨਾਂ ਦੀ ਆਮਦਨ 'ਚ 30 ਹਜ਼ਾਰ ਕਰੋੜ ਰੁਪਏ ਦਾ ਵਾਧਾ ਹੋਇਆ ਹੈ ਜੋ ਕਿ 32 ਫੀਸਦੀ ਬਣਦਾ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਨੌਵਜਾਨਾਂ ਨੂੰ ਸਮਾਰਟ ਮੋਬਾਇਲ ਫੋਨ ਦੇਣ ਦੇ ਕੀਤੇ ਗਏ ਵਾਅਦੇ ਨੂੰ ਸਰਕਾਰ ਛੇਤੀ ਹੀ ਪੂਰਾ ਕਰਨ ਜਾ ਰਹੀ ਹੈ। ਉਦਯੋਗਾਂ ਨੂੰ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਹਿਤ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦਾ ਰਸਤਾ ਸਾਫ ਹੋ ਗਿਆ ਹੈ। ਪੇਂਡੂ ਵਿਕਾਸ ਨੂੰ ਉਤਸ਼ਾਹ ਦੇਣ ਲਈ ਸਮਾਰਟ ਪਿੰਡ ਮੁਹਿੰਮ ਤਹਿਤ 600 ਕਰੋੜ ਰੁਪਏ ਦੇ ਨਿਵੇਸ਼ ਦੀ ਯੋਜਨਾ ਬਣਾਈ ਗਈ ਹੈ। ਇਸ ਮੌਕੇ 'ਤੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ. ਐੱਸ. ਸ਼ੇਰਗਿੱਲ, ਡੀ. ਜੀ. ਪੀ. ਦਿਨਕਰ ਗੁਪਤਾ, ਸੰਸਦ ਮੈਂਬਰ ਸੰਤੋਖ ਚੌਧਰੀ, ਏ. ਡੀ. ਜੀ. ਪੀ. ਈਸ਼ਵਰ ਸਿੰਘ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਓ. ਐੱਸ. ਡੀ. ਗੁਰਪ੍ਰੀਤ ਸੋਨੂੰ ਢੇਸੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।