ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

07/13/2021 3:12:56 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਯਸ਼ਪਾਲ ਸ਼ਰਮਾ ਜੋ 66 ਵਰ੍ਹਿਆਂ ਦੇ ਸਨ, ਦਾ ਅੱਜ ਨਵੀਂ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਤੇ ਇਕ ਬੇਟਾ ਛੱਡ ਗਏ ਹਨ।

ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਯਸ਼ਪਾਲ ਸ਼ਰਮਾ ਨੂੰ ਇਕ ਮਹਾਨ ਕ੍ਰਿਕਟਰ ਦੱਸਿਆ ਜਿਹੜੇ ਉਸ ਭਾਰਤੀ ਕ੍ਰਿਕਟ ਟੀਮ ਦਾ ਹਿੱਸਾ ਸਨ, ਜਿਸ ਨੇ 1983 ਵਿਚ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧਰਤੀ ਦੇ ਇਸ ਪੁੱਤਰ ਦੇ ਤੁਰ ਜਾਣ ਨਾਲ ਅੱਜ ਹਰ ਦੇਸ਼ ਵਾਸੀ ਖ਼ਾਸ ਕਰਕੇ ਹਰ ਪੰਜਾਬੀ ਉਸ ਮਹਾਨ ਬੱਲੇਬਾਜ਼ ਨੂੰ ਯਾਦ ਕਰ ਰਿਹਾ ਹੈ ਜਿਹੜੇ ਭਾਰਤੀ ਕ੍ਰਿਕਟ ਟੀਮ ਦੇ ਕੌਮੀ ਚੋਣਕਾਰ ਵੀ ਰਹੇ ਹਨ। ਸਾਬਕਾ ਕ੍ਰਿਕਟਰ ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਤੇ ਪ੍ਰਸੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

 


Gurminder Singh

Content Editor

Related News