ਜ਼ਿਲਾ ਪ੍ਰੀਸ਼ਦਾਂ ਤੇ ਪੰਚਾਇਤ ਕਮੇਟੀਆਂ ਦੇ ਚੇਅਰਮੈਨਾਂ ਦੀ ਨਾਮਜ਼ਦਗੀ 15 ਜੁਲਾਈ ਤੱਕ

Friday, Jun 14, 2019 - 02:39 PM (IST)

ਜ਼ਿਲਾ ਪ੍ਰੀਸ਼ਦਾਂ ਤੇ ਪੰਚਾਇਤ ਕਮੇਟੀਆਂ ਦੇ ਚੇਅਰਮੈਨਾਂ ਦੀ ਨਾਮਜ਼ਦਗੀ 15 ਜੁਲਾਈ ਤੱਕ

ਜਲੰਧਰ (ਧਵਨ) : ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੇ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੀ ਨਾਮਜ਼ਦਗੀ ਦਾ ਕੰਮ 15 ਜੁਲਾਈ ਤੱਕ ਸੰਪੰਨ ਕੀਤਾ ਜਾ ਸਕਦਾ ਹੈ। ਸਰਕਾਰੀ ਹਲਕਿਆਂ ਤੋਂ ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਚੇਅਰਮੈਨ ਅਤੇ ਉਪ ਚੇਅਰਮੈਨ ਚੁਣਨ ਲਈ ਹਰੀ ਝੰਡੀ ਪ੍ਰਦਾਨ ਕਰ ਦਿੱਤੀ ਹੈ। ਰਿਜ਼ਰਵੇਸ਼ਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਵਲੋਂ ਦਿੱਤੇ ਗਏ ਹਨ, ਜਿਸ ਅਧੀਨ ਔਰਤਾਂ ਨੂੰ 50 ਫੀਸਦੀ ਰਿਜ਼ਰਵੇਸ਼ਨ ਦੇਣ ਦੀ ਸਰਕਾਰ ਨੇ ਸਹਿਮਤੀ ਦੇ ਦਿੱਤੀ ਹੈ। ਸਰਕਾਰੀ ਸੂਤਰਾਂ ਮੁਤਾਬਕ ਪਿਛਲੇ ਸਾਲ 19 ਸਤੰਬਰ ਨੂੰ ਪੰਚਾਇਤ ਸੰਮਤੀਆਂ ਅਤੇ ਜ਼ਿਲਾ ਪ੍ਰੀਸ਼ਦਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਸਨ। ਸੂਬੇ 'ਚ ਚੁਣੇ ਗਏ 2899 ਮੈਂਬਰਾਂ ਨੂੰ ਸਹੁੰ ਚੁੱਕਾ ਦਿੱਤੀ ਗਈ ਸੀ ਪਰ ਲੋਕ ਸਭਾ ਦੀਆਂ ਚੋਣਾਂ ਕਾਰਨ ਚੇਅਰਮੈਨ ਅਤੇ ਡਿਪਟੀ ਚੇਅਰਮੈਨ ਚੁਣਨ ਦਾ ਕੰਮ ਅੱਧਵਾਟੇ ਹੀ ਲਟਕ ਗਿਆ ਸੀ। ਹੁਣ ਕਿਉਂਕਿ ਚੋਣਾਂ ਸੰਪੰਨ ਹੋ ਚੁੱਕੀਆਂ ਹਨ, ਇਸ ਲਈ ਮੁੱਖ ਮੰਤਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਤੁਰੰਤ ਇਹ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਚੇਅਰਮੈਨਾਂ ਅਤੇ ਉਪ ਚੇਅਰਮੈਨਾਂ ਦੀ ਚੋਣ ਕਰਵਾਉਣ ਦਾ ਵੀ ਫੈਸਲਾ ਲਿਆ ਹੈ। ਪਹਿਲੇ ਪੜਾਅ 'ਚ 150 ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਇਨ੍ਹਾਂ 'ਚੋਂ 75 ਸੀਟਾਂ 'ਤੇ ਔਰਤਾਂ ਨੂੰ ਚੇਅਰਮੈਨ ਚੁਣਿਆ ਜਾਏਗਾ। ਦਲਿਤ ਭਾਈਚਾਰੇ ਨਾਲ ਸਬੰਧਤ ਔਰਤਾਂ ਲਈ ਅਹੁਦੇ ਰਾਖਵੇਂ ਕੀਤੇ ਜਾਣੇ ਹਨ।

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਜਲਦੀ ਹੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਏਗਾ। ਪੰਚਾਇਤ ਸੰਮਤੀਆਂ ਦੇ ਚੇਅਰਮੈਨਾਂ ਦੀ ਚੋਣ ਖਤਮ ਹੁੰਦਿਆਂ ਹੀ 22 ਜ਼ਿਲਾ ਪ੍ਰੀਸ਼ਦਾਂ ਦੇ ਚੇਅਰਮੈਨ ਚੁਣਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਏਗਾ। ਪੰਚਾਇਤ ਸੰਮਤੀਆਂ ਅਤੇ ਜ਼ਿਲਾ ਪ੍ਰੀਸ਼ਦਾਂ ਨੂੰ ਲੋਕ ਰਾਜ ਦਾ ਇਕ ਥੰਮ੍ਹ ਮੰਨਿਆ ਜਾਂਦਾ ਹੈ।
 


author

Anuradha

Content Editor

Related News